‘ਦ ਖ਼ਾਲਸ ਬਿਊਰੋ : ਹਰਿਆਣਾ ਸਰਕਾਰ ਨੇ ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਸਜ਼ਾ ਮੁਆਫ ਕਰ ਦਿੱਤੀ ਹੈ। ਉਸਦੀ 90 ਦਿਨਾਂ ਦੀ ਸਜ਼ਾ ਮੁਆਫ ਕੀਤੀ ਗਈ ਹੈ। ਦਰਅਸਲ, ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਕੱਲ੍ਹ ਐਲਾਨ ਕੀਤਾ ਸੀ ਕਿ ਗਣਤੰਤਰ ਦਿਵਸ ਮੌਕੇ ਸਰਕਾਰ ਨੇ ਫੈਸਲਾ ਲਿਆ ਹੈ ਕਿ
• ਜਿਹਨਾਂ ਨੂੰ 10 ਸਾਲ ਜਾਂ ਇਸ ਤੋਂ ਵੱਧ ਜਾਂ ਫਿਰ ਉਮਰ ਕੈਦ ਦੀ ਸਜ਼ਾ ਮਿਲੀ ਹੈ, ਉਹਨਾਂ ਦੀ 90 ਦਿਨ ਦੀ ਸਜ਼ਾ ਮੁਆਫ਼
• ਜਿਹਨਾਂ ਨੂੰ 5 ਤੋਂ 10 ਸਾਲ ਦੀ ਕੈਦ ਦੀ ਸਜ਼ਾ ਮਿਲੀ ਹੈ, ਉਹਨਾਂ ਦੀ 60 ਦਿਨ ਦੀ ਸਜ਼ਾ ਮੁਆਫ਼
• ਜਿਹਨਾਂ ਨੂੰ 5 ਸਾਲ ਤੋਂ ਘੱਟ ਕੈਦ ਹੋਈ ਹੈ, ਉਹਨਾਂ ਦੀ 30 ਦਿਨ ਦੀ ਸਜ਼ਾ ਮੁਆਫ
ਕਰਨ ਦਾ ਫੈਸਲਾ ਲਿਆ ਗਿਆ ਹੈ। ਡੇਰਾ ਸਿਰਸਾ ਮੁਖੀ ਰਾਮ ਰਹੀਮ ਇਸ ਵੇਲੇ
• ਆਪਣੀਆਂ ਦੋ ਸ਼ਰਧਾਲੂਆਂ ਨਾਲ ਜ਼ਬਰ ਜਨਾਹ ਕਰਨ
• ਪੱਤਰਕਾਰ ਰਾਮ ਚੰਦਰ ਛਤਰਪਤੀ ਦਾ ਕਤਲ ਕਰਨ
• ਸਾਬਕਾ ਡੇਰਾ ਮੈਨੇਜਰ ਦੇ ਕਤਲ ਦੀ ਸਾਜ਼ਿਸ਼ ਰਚਣ ਦੇ ਦੋਸ਼ਾਂ ਤਹਿਤ
20 ਸਾਲ ਦੀ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ਹਰਿਆਣਾ ਸਰਕਾਰ ਦੀ ਨੀਤੀ ਮੁਤਾਬਿਕ ਉਸਦੀ 90 ਦਿਨ ਦੀ ਸਜ਼ਾ ਮੁਆਫ ਹੋ ਗਈ ਹੈ। ਉਸਦੀ ਪੈਰੋਲ ਪਹਿਲਾਂ ਹੀ ਵਿਵਾਦਾਂ ਵਿਚ ਹੈ ਤੇ ਹੁਣ ਵੀ ਉਹ ਪੈਰੋਲ ’ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਹੈ। ਪੈਰੋਲ ਦੌਰਾਨ ਉਹ ਆਪਣੇ ਯੂਪੀ ਵਿਚਲੇ ਆਸ਼ਰਮ ਵਿਚ ਰਹਿ ਰਿਹਾ ਹੈ।
ਰਾਮ ਰਹੀਮ ਨੂੰ ਦੋ ਮਹੀਨਿਆਂ ਤੋਂ ਵੀ ਘੱਟ ਸਮੇਂ ਅੰਦਰ 40 ਦਿਨਾਂ ਦੀ ਇੱਕ ਹੋਰ ਪੈਰੋਲ ਮਿਲ ਗਈ ਹੈ। ਇਸ ਤੋਂ ਪਹਿਲਾਂ ਵੀ ਡੇਰਾ ਮੁਖੀ ਨੂੰ 40 ਦਿਨ ਦੀ ਪੈਰੋਲ ਮਿਲੀ ਸੀ। ਡੇਰਾ ਮੁਖੀ ਪੰਜਾਬ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਦੌਰਾਨ ਵੀ ਜੇਲ੍ਹ ਤੋਂ ਬਾਹਰ ਆਇਆ ਸੀ। ਉਸ ਸਮੇਂ ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦਿੱਤੀ ਗਈ ਸੀ। ਇਹ ਫਰਲੋ ਇਸ ਲਈ ਵੀ ਮਹੱਤਵਪੂਰਨ ਸੀ ਕਿਉਂਕਿ ਮਾਲਵੇ ਦੀਆਂ 35 ਤੋਂ ਵੱਧ ਸੀਟਾਂ ‘ਤੇ ਡੇਰਾ ਸੱਚਾ ਸੌਦਾ ਦਾ ਸਿੱਧਾ ਪ੍ਰਭਾਵ ਹੈ। ਵਿਰੋਧੀ ਪਾਰਟੀਆਂ ਨੇ ਵੀ ਇਸ ਨੂੰ ਲੈ ਕੇ ਭਾਜਪਾ ‘ਤੇ ਨਿਸ਼ਾਨਾ ਸਾਧਿਆ ਸੀ।