ਬੀਤੀ ਰਾਤ ਬਾਲੀਵੁੱਡ ਅਦਾਕਾਰਾ ਰਵੀਨਾ ਟੰਡਨ ਤੇ ਉਸ ਦੇ ਡਰਾਈਵਰ ’ਤੇ ਸ਼ਰਾਬ ਦੇ ਨਸ਼ੇ ਵਿੱਚ ਇੱਕ ਬਜ਼ੁਰਗ ਔਰਤ ਨਾਲ ਕੁੱਟਮਾਰ ਕਰਨ ਦਾ ਇਲਜ਼ਾਮ ਲੱਗਾ ਸੀ। ਪੁਲਿਸ ਸੂਤਰਾਂ ਮੁਤਾਬਕ ਹੁਣ ਦੋਵਾਂ ਧਿਰਾਂ ਵਿਚਾਲੇ ਸਮਝੌਤਾ ਹੋ ਗਿਆ ਹੈ। ਦੋਵਾਂ ਧਿਰਾਂ ਵੱਲੋਂ ਲਿਖਤੀ ਤੌਰ ’ਤੇ ਇਹ ਦਿੱਤਾ ਗਿਆ ਹੈ ਕਿ ਹੁਣ ਉਨ੍ਹਾਂ ਨੂੰ ਇੱਕ ਦੂਜੇ ਖ਼ਿਲਾਫ਼ ਕੋਈ ਸ਼ਿਕਾਇਤ ਨਹੀਂ ਹੈ।
ਇਹ ਵੀ ਪਤਾ ਲੱਗਾ ਹੈ ਕਿ ਘਟਨਾ ਦੇ ਸਮੇਂ ਰਵੀਨਾ ਨੇ ਸ਼ਰਾਬ ਨਹੀਂ ਪੀਤੀ ਸੀ। ਸੀਸੀਟੀਵੀ ਫੁਟੇਜ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਰਵੀਨਾ ਦੀ ਕਾਰ ਨਾਲ ਕੋਈ ਜ਼ਖਮੀ ਨਹੀਂ ਹੋਇਆ। ਦਰਅਸਲ, ਭੀੜ ਰਵੀਨਾ ਦੇ ਘਰ ਦੇ ਅੰਦਰ ਵੜ ਗਈ ਤੇ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ। ਬਜ਼ੁਰਗ ਔਰਤ ਦੇ ਪਰਿਵਾਰ ਨੇ ਪਹਿਲਾਂ ਦਾਅਵਾ ਕੀਤਾ ਸੀ ਕਿ ਰਵੀਨਾ ਨੇ ਸ਼ਰਾਬ ਪੀਤੀ ਹੋਈ ਸੀ ਤੇ ਉਸ ਨੇ ਨਸ਼ੇ ਵਿੱਚ ਬਜ਼ੁਰਗ ਔਰਤ ਦੀ ਕੁੱਟਮਾਰ ਕੀਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਭੀੜ ਰਵੀਨਾ ਤੇ ਉਸ ਦੇ ਡਰਾਈਵਰ ਪ੍ਰਤੀ ਹਮਲਾਵਰ ਹੋ ਗਈ, ਜਿਸ ਤੋਂ ਬਾਅਦ ਰਵੀਨਾ ਨੇ ਆਪਣੇ ਡਰਾਈਵਰ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਇਸ ਦੌਰਾਨ ਦੋਵਾਂ ਧਿਰਾਂ ਵਿਚਾਲੇ ਹੱਥੋਪਾਈ ਹੋ ਗਈ।
ਇਸ ਤੋਂ ਪਹਿਲਾਂ ਪੀੜਤਾ ਦੇ ਪੁੱਤਰ ਨੇ ਦਾਅਵਾ ਕੀਤਾ ਸੀ ਕਿ ਉਸ ਦੀ ਮਾਂ ਨੂੰ ਮੁੰਬਈ ਦੇ ਬਾਂਦਰਾ ਵਿੱਚ ਰਿਜ਼ਵੀ ਲਾਅ ਕਾਲਜ ਨੇੜੇ ਜਦੋਂ ਰਵੀਨਾ ਦੀ ਕਾਰ ਰਿਵਰਸ ਕੀਤੀ ਜਾ ਰਹੀ ਸੀ ਤਾਂ ਨੇ ਉਨ੍ਹਾਂ ਦੀ ਕਾਰ ਨੇ ਬਜ਼ੁਰਗ ਔਰਤ ਨੂੰ ਟੱਕਰ ਮਾਰ ਦਿੱਤੀ ਸੀ। ਇਸ ਤੋਂ ਬਾਅਦ ਰਵੀਨਾ ਦਾ ਡਰਾਈਵਰ ਕਾਰ ਤੋਂ ਬਾਹਰ ਆਇਆ ਅਤੇ ਉਸ ਦੀ ਮਾਂ ਦੇ ਨਾਲ-ਨਾਲ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਬਹਿਸ ਕਰਨ ਲੱਗਾ। ਉਸ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਰਵੀਨਾ ਵੀ ਕਾਰ ਤੋਂ ਹੇਠਾਂ ਉੱਤਰ ਗਈ ਅਤੇ ਉਨ੍ਹਾਂ ਨਾਲ ਲੜਾਈ ਸ਼ੁਰੂ ਕਰ ਦਿੱਤੀ।