ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਮੇ ਕਰਨਾ ਪੈ ਸਕਦਾ ਹੈ। ਪੰਜਾਬ ਰੋਡਵੇਜ਼ ਦੇ ਠੇਕੇ ‘ਤੇ ਰੱਖੇ ਕਰਮਚਾਰੀਆਂ ਨੂੰ ਸਥਾਈ ਨੌਕਰੀ ਦੀ ਮੰਗ ਨੂੰ ਲੈ ਕੇ ਯੂਨੀਅਨ ਵੱਲੋਂ ਅੱਜ (ਮੰਗਲਵਾਰ) ਜਲੰਧਰ ਵਿੱਚ ਇੱਕ ਵੱਡਾ ਐਲਾਨ ਕੀਤਾ ਗਿਆ। ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਐਲਾਨ ਕੀਤਾ ਹੈ ਕਿ 3 ਅਪ੍ਰੈਲ ਯਾਨੀ ਵੀਰਵਾਰ ਨੂੰ ਸੂਬੇ ਦੇ ਸਾਰੇ ਬੱਸ ਅੱਡੇ ਦੋ ਘੰਟੇ ਲਈ ਬੰਦ ਰਹਿਣਗੇ।
ਇਸ ਤੋਂ ਇਲਾਵਾ, 6, 7 ਅਤੇ 8 ਅਪ੍ਰੈਲ ਨੂੰ ਰੋਡਵੇਜ਼ ਵਿੱਚ ਕੰਮ ਕਰਨ ਵਾਲੇ ਕੱਚੇ ਕਰਮਚਾਰੀਆਂ ਵੱਲੋਂ ਪੂਰੀ ਤਰ੍ਹਾਂ ਹੜਤਾਲ ਕੀਤੀ ਜਾਵੇਗੀ। ਯੂਨੀਅਨ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਅਜਿਹਾ ਕੋਈ ਐਲਾਨ ਨਹੀਂ ਹੈ ਜੋ ਇਹ ਯਕੀਨੀ ਬਣਾ ਸਕੇ ਕਿ ਸਾਡੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ਰੋਡਵੇਜ਼ ਪਨਬਸ ਅਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੇ ਮੁਖੀ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਅਸੀਂ ਲੰਬੇ ਸਮੇਂ ਤੋਂ ਪੰਜਾਬ ਸਰਕਾਰ ਤੋਂ ਕਈ ਮੰਗਾਂ ਕਰ ਰਹੇ ਹਾਂ, ਜਿਸ ਵਿੱਚ ਕਰਮਚਾਰੀਆਂ ਨੂੰ ਰੈਗੂਲਰ ਕਰਨਾ ਵੀ ਸ਼ਾਮਲ ਹੈ।
ਸੂਬਾ ਪ੍ਰਧਾਨ ਰੇਸ਼ਮ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੂਜੀਆਂ ਸਰਕਾਰਾਂ ਵਾਂਗ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਵਾਰ-ਵਾਰ ਮੀਟਿੰਗਾ ’ਚ ਮੰਗਾਂ ਨੂੰ ਮੰਨ ਕੇ ਲਾਗੂ ਨਾ ਕਰ ਕੇ ਕੱਚੇ ਮੁਲਾਜ਼ਮਾਂ ਨੂੰ ਵਾਰ-ਵਾਰ ਸੰਘਰਸ਼ ਕਰਨ ਲਈ ਮਜਬੂਰ ਕਰ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ 1 ਜੁਲਾਈ 2024 ਨੂੰ ਜੱਥੇਬੰਦੀ ਨਾਲ ਜਲੰਧਰ ’ਚ ਮੀਟਿੰਗ ਕੀਤੀ ਸੀ, ਜਿਸ ’ਚ ਮੁੱਖ ਮੰਤਰੀ ਪੰਜਾਬ ਨੇ ਸਾਰੀਆਂ ਮੰਗਾਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਸੀ।
ਟਰਾਂਸਪੋਰਟ ਦੀ ਵੱਖਰੀ ਪਾਲਸੀ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨ ਦੇ ਹੁਕਮ ਵੀ ਜਾਰੀ ਕੀਤੇ ਸਨ। ਜਿਨ੍ਹਾਂ ਸਦਕਾਂ ਜੱਥੇਬੰਦੀ ਦੇ ਆਗੂਆਂ ਸਮੇਤ ਸਰਕਾਰ ਵੱਲੋਂ ਕਮੇਟੀ ਗਠਿਤ ਕੀਤੀ ਗਈ ਸੀ ਪਰ ਮੈਨੇਜਮੈਂਟ ਦੇ ਅਧਿਕਾਰੀਆਂ ਦੀ ਨੀਅਤ ’ਚ ਫਰਕ ਹੈ ਜਾਂ ਫਿਰ ਸਰਕਾਰ ਮੰਗਾਂ ਦਾ ਹੱਲ ਨਹੀਂ ਕਰਨਾ ਚਾਹੁੰਦੀ। ਲਗਪਗ 9 ਮਹੀਨੇ ਬੀਤ ਚੁੱਕੇ ਹਨ ਤੇ ਮਨੇਜਮੈਂਟ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦੀ ਪਾਲਸੀ ’ਤੇ ਇਕ ਵੀ ਸ਼ਬਦ ਨਹੀਂ ਲਿਖਿਆ, ਸਿਰਫ ਮੀਟਿੰਗ ’ਚ ਗੱਲਾਂ ਨਾਲ ਸਮਾਂ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਜਾਣ ਬੁੱਝ ਕੇ ਮੰਗਾਂ ਨੂੰ ਉਲਝਾਇਆ ਜਾਦਾ ਹੈ, ਮੰਗਾਂ ਨੂੰ ਪੂਰਾ ਨਹੀਂ ਕੀਤਾ ਜਾਂਦਾ, ਵਿਚਕਾਰ ਹੀ ਲੰਮਕਦੀਆਂ ਛੱਡਿਆ ਜਾ ਰਿਹਾ ਹੈ। ਹਰ ਵਾਰ ਮੀਟਿੰਗ ’ਚ ਇਸ ਤਰ੍ਹਾਂ ਹੀ ਹੁੰਦਾ ਹੈ, ਜਿਸ ਕਾਰਨ ਮੁਲਾਜ਼ਮਾਂ ’ਚ ਰੋਸ ਵੱਧ ਰਿਹਾ ਹੈ, ਜਿਸ ਕਾਰਨ ਜੱਥੇਬੰਦੀ ਵੱਲੋਂ ਵਾਰ-ਵਾਰ ਸੰਘਰਸ਼ ਉਲੀਕੇ ਜਾਂਦੇ ਹਨ ਤੇ ਭਰੋਸਾ ਮਿਲਣ ਤੇ ਸੰਘਰਸ਼ ਨੂੰ ਅੱਗੇ ਪਾਇਆ ਜਾਂਦਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਜੱਥੇਬੰਦੀ ਨੂੰ ਤਿੱਖਾ ਸੰਘਰਸ਼ ਕਰਨਾ ਪਵੇਗਾ।