India Punjab

ਇਨ੍ਹਾਂ ਮੁੱਦਿਆਂ ਨੂੰ ਲੈ ਕੇ ਮੀਤ ਹੇਅਰ ਨੇ ਮੋਦੀ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

Delhi News : ਪਿਛਲੇ 10 ਮਹੀਨਿਆਂ ਤੋਂ ਆਪਣੀਆਂ ਮੰਗਾਂ ਲਈ ਪੰਜਾਬ ਦੇ ਕਿਸਾਨ ਲਗਾਤਾਰ ਪੰਜਾਬ ਹਰਿਆਣਾ ਦੀਆਂ ਸਰਹੱਦਾਂ ਖਨੌਰੀ ਅਤੇ ਸ਼ੰਭੂ ਬਾਰਡਰ ’ਤੇ ਡਟੇ ਹੋਏ ਹਨ। ਇਸ ਸਬੰਧੀ ਗੱਲ ਕਰਦਿਆਂ ਸੰਸਦ ਮੈਂਬਰ ਗੁਰਮਿਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਘੇਰਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀ ਨੀਅਤ ਹੀ ਨਹੀਂ ਹੈ ਕਿ ਉਹ ਕਿਸਾਨਾਂ ਦੇ ਮਸਲੇ ਹੱਲ ਕਰੇ।

ਉਨ੍ਹਾਂ ਨੇ ਕਿਹਾ ਕਿ ਗੁਜਰਾਤ ਦੇ ਮੁੱਖ ਮੰਤਰੀ ਹੁੰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ CC2+50 ਫਾਰਮੂਲਾ ਲਾਗੂ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਸਿ ਉਸ ਸਮੇਂ ਜੋ ਸੈਂਟਰਲ ਕਮੇਟੀ ਬਣੀ ਉਸ ਵਿੱਚ ਮੁੱਖ ਮੰਤਰੀ ਵਜੋਂ PM ਮੋਦੀ ਜੀ ਨੇ ਕਿਹਾ ਸੀ ਕਿ MSP ਗਾਰੰਟੀ ਕਾਨੂੰਨਨ ਬਣਾਉਣਾ ਚਾਹੀਦਾ ਹੈ ਪਰ ਹੁਣ ਜਦੋਂ ਉਨ੍ਹਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਬਣਿਆ 11 ਸਾਲ ਹੋ ਗਏ ਹਨ ਤਾਂ 11 ਬਜਟਾਂ ਦੇ ਵਿੱਚ ਕਿਸਾਨਾਂ ਦੀ ਗੱਲ ਇੱਕ ਵਾਰ ਵੀ ਨਹੀਂ ਕੀਤੀ ਗਈ।

ਮੀਤ ਹੇਅਰ ਨੇ ਕਿਹਾ ਕਿ ਕਿਸਾਨੀ ਅੰਦੋਲਨ ਦੌਰਾਨ ਕਿਸਾਨਾਂ ਨਾਲ ਲਿਖਤੀ ਵਾਅਦੇ ਕਰਕੇ ਵੀ ਸਰਕਾਰ ਆਪਣੇ ਕੀls ਗਏ ਵਾਅਦਿਆਂ ਤੋਂ ਮੁੱਕਰੀ ਹੈ। ਕਿਸਾਨਾਂ ਦੇ ਦਿੱਲੀ ਕੂਚ ਦੀ ਗੱਲ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਜਦੋਂ ਕਿਸਾਨ ਆਪਣੀ ਗੱਲ ਕੇਂਦਰ ਅੱਗੇ ਰੱਖਣ ਲਈ ਦਿੱਲੀ ਆ ਰਹੇ ਸਨ ਤਾਂ ਕੇਂਦਰ ਸਰਕਾਰ ਵੱਲੋਂ ਉਨ੍ਹਾਂ ਨੂੰ ਹਰਿਆਣਾ ਦੇ ਬਾਰਡਰ ’ਤੇ ਰੋਕ ਲਿਆ ਗਿਆ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਦੇਸ਼ ਵਿਰੋਧੀ ਵਜੋਂ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਰੋਕ ਕੇ ਆਪਣੇ ਤਾਨਾਸ਼ਾਹ ਹੋਣ ਦਾ ਸਬੂਤ ਦੇ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਜਾ ਕੇ ਗੱਲ ਕਰਨੀ ਚਾਹੀਦੀ ਹੈ ਅਤੇ ਆਪਣੇ ਵੱਲੋਂ ਕੀਤੇ ਵਾਅਦਿਆਂ ਨੂੰ ਪੂਰਾ ਕਰਨਾ ਚਾਹੀਦਾ ਹੈ।

‘ਇੱਕ ਦੇਸ਼, ਇੱਕ ਚੋਣ’ ਬਿੱਲ ’ਤੇ ਬੋਲਦਿਆਂ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿੱਲ ਦੇ ਹੱਕ ਦੇ ਵਿੱਚ ਨਹੀਂ ਹੈ ਅਤੇ ਉਨ੍ਹਾਂ ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਹਰ ਇੱਕ ਸੂਬੇ ਦੇ ਆਪੋ ਆਪਣੇ ਮੁੱਦੇ ਹੁੰਦੇ ਹਨ ਅਤੇ ਇਸ ਬਿੱਲ ਦੇ ਆਉਣ ਨਾਲ ਸੂਬਿਆਂ ਦੇ ਆਪਣੇ ਮੁੱਦੇ ਰੁਲ ਜਾਣਗੇ।