Punjab

ਪੰਜਾਬੀ ਗਾਇਕ ਹਨੀ ਸਿੰਘ ਨੂੰ ਰਾਹਤ, ਵਿਵਾਦਿਤ ਗੀਤ ਨੂੰ ਲੈ ਕੇ FIR ਹੋਵੇਗੀ ਰੱਦ…

Relief to Punjabi singer Honey Singh, FIR regarding controversial song will be cancelled...

ਚੰਡੀਗੜ੍ਹ : ਪੰਜਾਬੀ ਗਾਇਕ ਅਤੇ ਰੈਪਰ ਹਨੀ ਸਿੰਘ ਨੂੰ ਪੰਜਾਬ ਸਰਕਾਰ ਨੇ ਵੱਡੀ ਰਾਹਤ ਦਿੱਤੀ ਹੈ। ‘ਮੈਂ ਹੂੰ ਬਲਾਤਕਾਰੀ’ ਗੀਤ ਲਈ ਸੂਬੇ ਦੇ ਨਵਾਂ ਸ਼ਹਿਰ ‘ਚ ਯੋ-ਯੋ ਹਨੀ ਸਿੰਘ ਖਿਲਾਫ ਐੱਫ.ਆਈ.ਆਰ. ਰੱਦ ਕੀਤੀ ਜਾਏਗੀ। ਪੰਜਾਬ ਸਰਕਾਰ ਨੇ ਇਸ ਸਬੰਧੀ ਕੈਂਸਲੇਸ਼ਨ ਰਿਪੋਰਟ ਵੀ ਤਿਆਰ ਕਰ ਲਈ ਹੈ, ਜਿਸ ਨੂੰ ਜਲਦੀ ਹੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜ਼ਿਕਰਯੋਗ ਹੈ ਕਿ ਉਨ੍ਹਾਂ ਨੇ ਹਨੀ ਸਿੰਘ ਖਿਲਾਫ ਦਰਜ ਐੱਫਆਈਆਰ ਰੱਦ ਕਰਵਾਉਣ ਲਈ ਪੰਜਾਬ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ।

ਪੰਜਾਬ ਹਰਿਆਣਾ ਹਾਈਕੋਰਟ ਨੇ ਹਨੀ ਸਿੰਘ ਦੀ ਤਰਫੋਂ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ, ਜਿਸ ਵਿੱਚ ਪੰਜਾਬ ਸਰਕਾਰ ਨੇ ਸਪੱਸ਼ਟ ਕੀਤਾ ਕਿ ਇਸ ਮਾਮਲੇ ਦੀ ਕੈਂਸਲੇਸ਼ਨ ਰਿਪੋਰਟ ਤਿਆਰ ਕਰ ਲਈ ਗਈ ਹੈ। ਉੱਚ ਅਧਿਕਾਰੀਆਂ ਦੀ ਮਨਜ਼ੂਰੀ ਤੋਂ ਬਾਅਦ ਇਸ ਨੂੰ ਹਾਈਕੋਰਟ ‘ਚ ਦਾਇਰ ਕੀਤਾ ਜਾਵੇਗਾ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰਦੇ ਹੋਏ ਹੁਕਮ ਦਿੱਤਾ ਹੈ ਕਿ ਜੇ ਹਨੀ ਸਿੰਘ ਖਿਲਾਫ ਕਾਰਵਾਈ ਕਰਨੀ ਹੈ ਤਾਂ 7 ਦਿਨਾਂ ਦਾ ਨੋਟਿਸ ਦੇਣਾ ਹੋਵੇਗਾ।

ਸਮਾਜ ਸੇਵੀ ਪਰਵਿੰਦਰ ਸਿੰਘ ਕਿਤਨਾ ਨੇ ਹਨੀ ਸਿੰਘ ਖਿਲਾਫ ਅਸ਼ਲੀਲਤਾ ਫੈਲਾਉਣ ਦੇ ਦੋਸ਼ ‘ਚ ਨਵਾਂਸ਼ਹਿਰ ਪੁਲਿਸ ਨੂੰ ਸ਼ਿਕਾਇਤ ਕੀਤੀ ਸੀ। ਇਹ ਮਾਮਲਾ ਕਰੀਬ 10 ਸਾਲਾਂ ਤੱਕ ਲਟਕਦਾ ਰਿਹਾ। ਜਦੋਂ ਹਨੀ ਸਿੰਘ ਨੇ ਆਪਣੀ ਪਟੀਸ਼ਨ ‘ਚ ਲਿਖਿਆ ਸੀ ਕਿ ਉਸ ਨੇ ਅਜਿਹਾ ਕੋਈ ਗੀਤ ਨਹੀਂ ਗਾਇਆ ਹੈ। ਇਸ ਗੀਤ ਨੂੰ ਕਿਸੇ ਨੇ ਫਰਜ਼ੀ ਅਕਾਊਂਟ ਦੀ ਵਰਤੋਂ ਕਰਕੇ ਪੋਸਟ ਕੀਤਾ ਹੈ।
ਹਾਈਕੋਰਟ ਨੇ ਸੁਣਵਾਈ ਸ਼ੁਰੂ ਕਰਦਿਆਂ ਇਸ ਗੀਤ ਦੀ ਫੋਰੈਂਸਿਕ ਜਾਂਚ ਕਰਵਾਉਣ ਲਈ ਕਿਹਾ ਹੈ।

ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਹਾਈ ਕੋਰਟ ਨੇ ਕਿਹਾ ਸੀ ਕਿ ਫੋਰੈਂਸਿਕ ਰਿਪੋਰਟ ਤੋਂ ਬਿਨਾਂ ਇਨ੍ਹਾਂ ਦਲੀਲਾਂ ਨੂੰ ਸਵੀਕਾਰ ਨਹੀਂ ਕੀਤਾ ਜਾ ਸਕਦਾ, ਜਦਕਿ ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ ਕਿ ਚੰਡੀਗੜ੍ਹ ਫੋਰੈਂਸਿਕ ਸਾਇੰਸ ਲੈਬ ਆਪਣੀ ਰਿਪੋਰਟ ਤਿਆਰ ਕਰ ਰਹੀ ਹੈ। ਪਰ ਕੱਲ੍ਹ ਪੰਜਾਬ ਪੁਲਿਸ ਨੇ ਕਿਹਾ ਕਿ ਉਹ ਇਸ ਸ਼ਿਕਾਇਤ ‘ਤੇ ਕੈਂਸਲੇਸ਼ਨ ਰਿਪੋਰਟ ਤਿਆਰ ਕਰੇਗੀ।