Punjab

ਹਾਈ ਕੋਰਟ ਤੋਂ ਸੁਖਬੀਰ ਬਾਦਲ ਨੂੰ ਰਾਹਤ, ਬਾਦਲ ਸਮੇਤ 6 ਦੋਸ਼ੀਆਂ ਨੂੰ ਹਾਈਕੋਰਟ ਨੇ ਦਿੱਤੀ ਅਗਾਊਂ ਜ਼ਮਾਨਤ…

Relief to Sukhbir Badal from High Court, High Court granted anticipatory bail to 6 accused including Badal...

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ (Sukhbir Singh Badal) ਨੂੰ ਕੋਟਕਪੂਰਾ ਗੋਲੀਕਾਂਡ (Kotkapura Firing Case) ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਅਗਾਊਂ ਜ਼ਮਾਨਤ (Anticipatory Bail) ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਪਹਿਲਾਂ ਤੋਂ ਮਿਲੀ ਅੰਤਰਿਮ ਜ਼ਮਾਨਤ ਦੇ ਹੁਕਮਾਂ ਦੀ ਹਾਈ ਕੋਰਟ ਨੇ ਪੁਸ਼ਟੀ ਕੀਤੀ ਹੈ।

ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੁਖਬੀਰ ਸਿੰਘ ਬਾਦਲ ਸਮੇਤ ਸੁਮੇਧ ਸੈਣੀ, ਅਮਰ ਸਿੰਘ ਚਾਹਲ, ਚਰਨਜੀਤ ਸ਼ਰਮਾ, ਪਰਮਰਾਜ ਉਮਰੰਗਲ ਤੇ ਸੁਖਮੰਦਰ ਸਿੰਘ ਮਾਨ ਨੂੰ ਵੀ ਜ਼ਮਾਨਤ ਦੇ ਦਿੱਤੀ। ਹਾਈ ਕੋਰਟ ਪਹਿਲਾਂ ਹੀ ਇਨ੍ਹਾਂ ਸਾਰਿਆਂ ਨੂੰ ਅੰਤਰਿਮ ਜ਼ਮਾਨਤ ਦੇ ਕੇ ਰਾਹਤ ਦੇ ਚੁੱਕੀ ਹੈ।

ਹਾਈ ਕੋਰਟ ਨੇ ਆਪਣੇ ਹੁਕਮਾਂ ਵਿੱਚ ਸਪੱਸ਼ਟ ਕੀਤਾ ਕਿ ਪਟੀਸ਼ਨਰ ਜਾਂਚ ਵਿੱਚ ਸਹਿਯੋਗ ਕਰੇਗਾ ਅਤੇ ਕਿਸੇ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰੇਗਾ।

SIT ਨੇ 8 ਦੋਸ਼ੀਆਂ ਖਿਲਾਫ ਚਾਰਜਸ਼ੀਟ ਕੀਤੀ ਸੀ ਦਾਖ਼ਲ

ਦੱਸ ਦਈਏ ਕਿ 14 ਅਕਤੂਬਰ 2015 ਨੂੰ ਕੋਟਕਪੂਰਾ ‘ਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਵਿਰੋਧ ‘ਚ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਵੱਲੋਂ ਸ਼ਿਕੰਜਾ ਕੱਸਿਆ ਗਿਆ ਸੀ, ਜਿਸ ‘ਚ 60 ਦੇ ਕਰੀਬ ਪ੍ਰਦਰਸ਼ਨਕਾਰੀ ਅਤੇ ਪੁਲਿਸ ਮੁਲਾਜ਼ਮ ਜ਼ਖ਼ਮੀ ਹੋ ਗਏ ਸਨ। ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਨੇ ਇਸ ਮਾਮਲੇ ਵਿੱਚ 8 ਲੋਕਾਂ ਖ਼ਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਮੁਲਜ਼ਮਾਂ ਵਿੱਚ ਸ਼ਾਮਲ ਸਨ, ਜਿਨ੍ਹਾਂ ਦਾ ਹੁਣ ਦਿਹਾਂਤ ਹੋ ਗਿਆ ਹੈ।

ਦੱਸ ਦਈਏ ਕਿ 2015 ‘ਚ ਵਾਪਰੇ ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ SIT ਹੁਣ ਤੱਕ ਦੋਸ਼ੀਆਂ ਖਿਲਾਫ਼ ਚਾਰ ਚਲਾਨ ਪੇਸ਼ ਕਰ ਚੁੱਕੀ ਹੈ। ਇਸ ‘ਚ ਪਹਿਲਾ ਚਲਾਨ ਕਰੀਬ 7000 ਪੰਨਿਆਂ, ਦੂਜਾ ਚਲਾਨ 2400 ਪੰਨਿਆਂ ਦਾ, ਤੀਜਾ ਚਲਾਨ 2500 ਪੰਨਿਆਂ ਦਾ ਅਤੇ 15 ਸਤੰਬਰ ਨੂੰ ਚੌਥਾ ਚਲਾਨ 22 ਪੰਨਿਆਂ ਦਾ ਪੇਸ਼ ਕੀਤਾ ਗਿਆ ਸੀ।