India Punjab

ਕੈਨੇਡਾ ਜਾਣ ਤੋਂ ਪਹਿਲਾਂ ਨੋਟ ਕਰ ਲਉ ਇਹ ਖ਼ਾਸ ਜਾਣਕਾਰੀ

‘ਦ ਖ਼ਾਲਸ ਬਿਊਰੋ : ਭਾਰਤ ਸਰਕਾਰ ਨੇ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇੱਕ ਐਡਵਾਈਜ਼ਰੀ ਜਾਰੀ ਕਰਕੇ ਚੌਕਸ ਕੀਤਾ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਅਰਿੰਦਮ ਬਾਗਚੀ ਵੱਲੋਂ ਕੀਤੇ ਗਏ ਇੱਕ ਟਵੀਟ ਵਿੱਚ ਕਿਹਾ ਗਿਆ ਹੈ, ‘ਕੈਨੇਡਾ ਵਿੱਚ ਨਫ਼ਰਤੀ ਅਪਰਾਧ, ਖੇਤਰੀ ਹਿੰਸਾ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਦੀਆਂ ਘਟਨਾਵਾਂ ਵਿੱਚ ਤੇਜ਼ੀ ਨਾਲ ਵਾਧਾ ਹੋਇਆ ਹੈ। ਵਿਦੇਸ਼ ਮੰਤਰਾਲੇ ਅਤੇ ਕੈਨੇਡਾ ਵਿੱਚ ਸਾਡੇ ਹਾਈ ਕਮਿਸ਼ਨ ਕੌਂਸਲੇਟ ਨੇ ਇਨ੍ਹਾਂ ਘਟਨਾਵਾਂ ਨੂੰ ਕੈਨੇਡੀਅਨ ਅਧਿਕਾਰੀਆਂ ਕੋਲ ਉਠਾਇਆ ਹੈ ਅਤੇ ਉਨ੍ਹਾਂ ਨੂੰ ਉਪਰੋਕਤ ਅਪਰਾਧਾਂ ਦੀ ਜਾਂਚ ਕਰਨ ਅਤੇ ਬਣਦੀ ਕਾਰਵਾਈ ਕਰਨ ਦੀ ਬੇਨਤੀ ਕੀਤੀ ਹੈ। ਕੈਨੇਡਾ ਵਿੱਚ ਇਨ੍ਹਾਂ ਅਪਰਾਧਾਂ ਦੇ ਦੋਸ਼ੀਆਂ ਨੂੰ ਅਜੇ ਤੱਕ ਨਿਆਂ ਦੇ ਕਟਹਿਰੇ ਵਿੱਚ ਨਹੀਂ ਲਿਆਂਦਾ ਗਿਆ।

ਉਪਰੋਕਤ ਅਪਰਾਧਾਂ ਦੀਆਂ ਵੱਧ ਰਹੀਆਂ ਘਟਨਾਵਾਂ ਦੇ ਮੱਦੇਨਜ਼ਰ, ਕੈਨੇਡਾ ਵਿੱਚ ਭਾਰਤੀ ਨਾਗਰਿਕਾਂ ਅਤੇ ਭਾਰਤ ਦੇ ਵਿਦਿਆਰਥੀਆਂ, ਯਾਤਰਾ/ਸਿੱਖਿਆ ਲਈ ਕੈਨੇਡਾ ਆਉਣ ਵਾਲੇ ਭਾਰਤੀਆਂ ਨੂੰ ਸਾਵਧਾਨੀ ਵਰਤਣ ਅਤੇ ਸੁਚੇਤ ਰਹਿਣ ਦੀ ਸਲਾਹ ਦਿੱਤੀ ਜਾਂਦੀ ਹੈ।”

ਕੈਨੇਡਾ ਵਿੱਚ ਰਹਿਣ ਵਾਲੇ ਭਾਰਤੀ ਨਾਗਰਿਕ ਅਤੇ ਵਿਦਿਆਰਥੀ ਓਟਾਵਾ ਵਿੱਚ ਭਾਰਤ ਦੇ ਹਾਈ ਕਮਿਸ਼ਨ ਜਾਂ ਟੋਰਾਂਟੋ ਅਤੇ ਵੈਨਕੂਵਰ ਵਿੱਚ ਭਾਰਤ ਦੇ ਕੌਂਸਲੇਟ ਜਨਰਲ ਨਾਲ ਆਪਣੀਆਂ ਸਬੰਧਤ ਵੈੱਬਸਾਈਟਾਂ ਜਾਂ MADAD ਪੋਰਟਲ madad.gov.in ਰਾਹੀਂ ਰਜਿਸਟਰ ਕਰ ਸਕਦੇ ਹਨ। ਰਜਿਸਟ੍ਰੇਸ਼ਨ ਭਾਰਤ ਦੇ ਹਾਈ ਕਮਿਸ਼ਨ ਅਤੇ ਭਾਰਤ ਦੇ ਕੌਂਸਲੇਟ ਜਨਰਲ ਨੂੰ ਕਿਸੇ ਵੀ ਲੋੜ ਜਾਂ ਐਮਰਜੈਂਸੀ ਦੀ ਸਥਿਤੀ ਵਿੱਚ ਕੈਨੇਡਾ ਵਿੱਚ ਆਪਣੇ ਨਾਗਰਿਕਾਂ ਨਾਲ ਬਿਹਤਰ ਢੰਗ ਨਾਲ ਸੰਪਰਕ ਕਰਨ ਦੇ ਯੋਗ ਬਣਾਵੇਗੀ।