ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖ਼ਤਮ ਕਰਨ ਦੇ ਲਏ ਗਏ ਫ਼ੈਸਲੇ ਨੂੰ ਅਕਾਲੀ ਆਗੂ ਮਨਪ੍ਰੀਤ ਸਿੰਘ ਇਯਾਲੀ ਨੇ ਮੰਦਭਾਗਾ ਕਰਾਰ ਦਿੱਤਾ ਹੈ।
ਮਨਪ੍ਰੀਤ ਸਿੰਘ ਇਆਲੀ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਸੇਵਾਮੁਕਤੀ ਨੂੰ ਲੈ ਕੇ ਕਿਹਾ ਕਿ ਅੱਜ ਸਿੱਖਾਂ ਲਈ ਕਾਲਾ ਦਿਨ ਹੈ। ਉਨ੍ਹਾਂ ਨੇ ਇਸ ਫੈਸਲੇ ਨੂੰ ਬੇਹਦ ਹੀ ਦੁਖਦਾਈ ਫੈਸਲਾ ਦੱਸਿਆ ਹੈ। ਉਨ੍ਹਾਂ ਨੇ ਕਿਹਾ ਕਿ ਗਿਆਨੀ ਰਘਬੀਰ ਸਿੰਘ ਅਤੇ ਗਿਆਨੀ ਸੁਲ਼ਤਾਨ ਸਿੰਘ ਨੂੰ ਅਹੁਦੇ ਤੋਂ ਹਟਾਉਣ ਨਾਲ ਦੁਨੀਆ ’ਚ ਬੈਠੇ ਹਰ ਸਿੱਖ ਨੂੰ ਠੇਸ ਪਹੁੰਚੀ ਹੈ।
ਇਆਲੀ ਨੇ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਤਸੀਲ ਤੋਂ ਫੈਸਲੇ ਲਏ ਗਏ ਨਾਲ ਪੂਰੀ ਦੁਨੀਆ ਨੂੰ ਚੜ੍ਹਦੀ ਕਲਾ ਦਾ ਸੁਨੇਹਾ ਗਿਆ ਸੀ ਪਰ ਪਿਛਲੇ ਢਾਈ ਮਹੀਨਿਆਂ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ ਗਈ।
ਉਨ੍ਹਾਂ ਨੇ ਕਿਹਾ ਕਿ ਪਹਿਲਾਂ ਦੋਸ਼ ਲਗਾ ਕੇ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਇਆ ਗਿਆ ਅਤੇ ਹੁਣ ਦੋਹਾਂ ਜਥੇਦਾਰਾਂ ਨੂੰ ਇਹ ਕਹਿ ਕੇ ਹਟਾ ਦਿੱਤਾ ਗਿਆ ਹੈ ਕਿ ਇਹ ਸੇਵਾ ਨਿਭਾਉਣ ਦੇ ਯੋਗ ਨਹੀਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਦਲ ਨੂੰ ਖ਼ਦਸ਼ਾ ਸੀ ਕਿ ਜੋ ਪੰਜ ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਹੈ, ਉਹ ਕਿਤੇ ਆਉਣ ਵਾਲੇ ਸਮੇਂ ਵਿਚ ਭਰਤੀ ਨਾ ਕਰ ਲਵੇ ਅਤੇ ਕਿਸੇ ਵੀ ਤਰੀਕੇ ਨਾਲ ਭਰਤੀ ਨੂੰ ਰੋਕਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸੇ ਕਰਕੇ ਹੀ ਇਹ ਫ਼ੈਸਲਾ ਲਿਆ ਗਿਆ ਹੈ।