Punjab

ਹੁਸ਼ਿਆਰਪੁਰ ਵਾਸੀ ਪੜ੍ਹ ਲੈਣ ਜ਼ਿਲ੍ਹੇ ‘ਚ ਲੱਗੀਆਂ ਇਹ ਪਾਬੰਦੀਆਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹੁਸ਼ਿਆਰਪੁਰ ਦੇ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਜ਼ਿਲ੍ਹੇ ਵਿੱਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲ੍ਹਾ ਮੈਜਿਸਟਰੇਟ ਅਪਨੀਤ ਰਿਆਤ ਨੇ ਫੌਜਦਾਰੀ ਸੰਘ 1973 (1974 ਦਾ ਐਕਟ ਨੰ: 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਗੈਰ-ਕਾਨੂੰਨੀ ਹੁੱਕਾ ਬਾਰ ਚਲਾਉਣ ’ਤੇ ਪਾਬੰਦੀ ਦਾ ਹੁਕਮ ਜਾਰੀ ਕੀਤਾ ਹੈ। ਇਹ ਸਾਰੇ ਹੁਕਮ 23 ਦਸੰਬਰ, 2021 ਤੱਕ ਲਾਗੂ ਰਹਿਣਗੇ। ਜਾਰੀ ਹੁਕਮਾਂ ਵਿੱਚ ਉਨ੍ਹਾਂ ਕਿਹਾ ਕਿ ਚਲਾਏ ਜਾ ਰਹੇ ਹੁੱਕਾ ਬਾਰ ਅੰਦਰ ਤੰਬਾਕੂ, ਸਿਗਰਟ ਅਤੇ ਮੁਨੱਖੀ ਸਰੀਰ ਨੂੰ ਨੁਕਸਾਨ ਪਹੁੰਚਾਉਣ ਵਾਲੇ ਕੈਮੀਕਲਾਂ ਦਾ ਇਸਤੇਮਾਲ ਕੀਤਾ ਜਾਂਦਾ ਹੈ, ਜੋ ਮਨੁੱਖੀ ਸਿਹਤ ਲਈ ਕਾਫੀ ਘਾਤਕ ਸਿੱਧ ਹੁੰਦਾ ਹੈ ਅਤੇ ਸਮਾਜ ਵਿੱਚ ਵੀ ਮਾੜਾ ਅਸਰ ਪੈਂਦਾ ਹੈ।

ਹੋਰ ਕਿਹੜੀਆਂ ਪਾਬੰਦੀਆਂ ਲੱਗੀਆਂ ਹਨ ?

  • ਜ਼ਿਲ੍ਹੇ ਵਿੱਚ ਪੋਲਟਰੀ ਫਾਰਮਾਂ/ਰਾਇਸ ਸ਼ੈਲਰਾਂ/ਭੱਠਿਆਂ ਅਤੇ ਹੋਰ ਸਮਾਲ ਸਕੇਲ ਇੰਡਸਟਰੀਜ਼ ਦੇ ਮਾਲਕਾਂ ਦੇ ਨਾਲ-ਨਾਲ ਘਰੇਲੂ ਨੌਕਰ ਰੱਖਣ ਵਾਲਿਆਂ ਦੇ ਨਾਮ ਹੁਕਮ ਜਾਰੀ ਕੀਤੇ ਹਨ ਕਿ ਉਹ ਆਪਣੇ ਅਧੀਨ ਕੰਮ ਕਰਨ ਵਾਲੇ ਵਿਅਕਤੀਆਂ ਦਾ ਨਾਮ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ) ਆਪਣੇ ਘਰਾਂ ਵਿੱਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੇ ਸਾਰੇ ਰਿਸ਼ਤੇਦਾਰਾਂ ਦੇ ਪਤਾ (Address) ਲਿਖ ਕੇ ਰੱਖਣ।
  • ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ ਵਿੱਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਸਬੰਧਤ ਥਾਣੇ ਜਾਂ ਪੁਲਿਸ ਚੌਂਕੀ ਵਿੱਚ ਵੀ ਤੁਰੰਤ ਦਰਜ ਕਰਵਾਉਣ।
  • ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਵਿੱਚ ਕਾਲੀ ਫ਼ਿਲਮ ਦੀ ਦੁਰਵਰਤੋਂ ਨੂੰ ਰੋਕਣ ਲਈ ਜ਼ਿਲ੍ਹਾ ਮੈਜਿਸਟਰੇਟ ਨੇ ਗੱਡੀਆਂ ਦੇ ਸ਼ੀਸ਼ਿਆਂ ’ਤੇ ਕਾਲੀ ਫਿਲਮ ਦੀ ਦੁਰਵਰਤੋਂ ’ਤੇ ਪੂਰਨ ਪਾਬੰਦੀ ਲਾਈ ਹੈ।
  • ਜ਼ਿਲ੍ਹੇ ਦੇ ਸਾਰੇ ਪਿੰਡਾਂ ਦੀਆਂ ਗਲੀਆਂ/ਰਸਤਿਆਂ ਵਿੱਚ ਨਜਾਇਜ਼ ਬੋਰ ਕਰਨ ’ਤੇ ਪਾਬੰਦੀ ਲਗਾਈ ਗਈ ਹੈ।
  • ਜ਼ਿਲ੍ਹੇ ਦੀ ਹਦੂਦ ਅੰਦਰ ਡੀਲਿਸਟ ਖੇਤਰ ਵਿੱਚੋਂ ਹਰੇ ਅੰਬ ਦੇ ਦਰੱਖਤਾਂ ਨੂੰ ਕੱਟਣ ’ਤੇ ਪਾਬੰਦੀ ਲਗਾਈ ਹੈ। ਜੇਕਰ ਉਕਤ ਦਰੱਖਤਾਂ ਨੂੰ ਵਿਸ਼ੇਸ਼ ਹਾਲਾਤ ਵਿੱਚ ਕੱਟਣਾਂ ਜ਼ਰੂਰੀ ਹੋਵੇ ਤਾਂ ਜੰਗਲਾਤ ਵਿਭਾਗ ਦੀ ਪ੍ਰਵਾਨਗੀ ਨਾਲ ਹੀ ਕੱਟੇ ਜਾਣ। ਇਸ ਮੰਤਵ ਲਈ ਵਣ ਵਿਭਾਗ ਵੱਲੋਂ ਉਹ ਹੀ ਪ੍ਰਕ੍ਰਿਆ ਅਪਣਾਈ ਜਾਵੇਗੀ, ਜਿਹੜੀ ਕਿ ਪੰਜਾਬ ਭੂਮੀ ਸੁਰੱਖਿਆ ਐਕਟ-1900 ਦਫਾ-4 ਅਤੇ 5 ਅਧੀਨ ਬੰਦ ਰਕਬੇ ਵਿੱਚ ਪਰਮਿੱਟ ਦੇਣ ਲਈ ਅਪਣਾਈ ਜਾਂਦੀ ਹੈ।
  • ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਲਾਉਂਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ 18-ਐਮੂਨੀਸ਼ਨ ਡਿਪੂ, ਉਚੀ ਬਸੀ ਦੀ ਬਾਹਰਲੀ ਚਾਰਦੀਵਾਰੀ ਦੇ ਇੱਕ ਹਜ਼ਾਰ ਯਾਰਡ (914 ਮੀਟਰ) ਗਜ਼ ਦੇ ਘੇਰੇ ਅੰਦਰ ਆਮ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਉਸਾਰੀ (ਸਿਵਾਏ ਸਰਕਾਰੀ ਉਸਾਰੀ) ਕਰਨ ’ਤੇ ਪੂਰਨ ਤੌਰ ’ਤੇ ਰੋਕ ਲਗਾਈ ਹੈ।
  • ਜ਼ਿਲ੍ਹੇ ਦੀ ਹਦੂਦ ਅੰਦਰ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਸ਼ਰੇਆਮ ਸੜਕਾਂ ’ਤੇ ਜਾਂ ਜਨਤਕ ਥਾਂਵਾਂ ’ਤੇ ਚਰਾਉਣ ਲਈ ਲੈ ਕੇ ਨਹੀਂ ਜਾਵੇਗਾ।
  • ਪਿੰਡਾਂ ਦੇ ਪ੍ਰਬੰਧਕਾਂ ਨੂੰ ਪਿੰਡਾਂ ਵਿੱਚ ਲੁੱਟਾਂ-ਖੋਹਾਂ ਅਤੇ ਚੋਰੀ ਦੀਆਂ ਵਾਰਦਾਤਾਂ ਨੂੰ ਰੋਕਣ ਲਈ ਰਾਤ ਸਮੇਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਹੁਕਮ ਪਿੰਡਾਂ ਵਿੱਚ ਰਾਤ ਸਮੇਂ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜਾਰੀ ਕੀਤਾ ਗਿਆ ਹੈ।
  • ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਵੱਡੀਆਂ-ਛੋਟੀਆਂ ਨਹਿਰਾਂ, ਚੋਅ ਦੇ ਬੰਨ ਅਤੇ ਦਰਿਆ ਬਿਆਸ ਦੇ ਕੰਢੇ ਬਣੇ ਧੂਸੀ ਬੰਨ ਵਿੱਚ ਕਿਸੇ ਵੀ ਵਿਅਕਤੀ ਵੱਲੋਂ ਡੰਗਰਾਂ ਨੂੰ ਪਾਣੀ ਪਿਲਾਉਣ ਜਾਂ ਨਹਾਉਣ ’ਤੇ ਮੁਕੰਮਲ ਪਾਬੰਦੀ ਲਾਈ ਹੈ।
  • ਜ਼ਿਲ੍ਹੇ ਵਿੱਚ ਗਰਮੀਆਂ ਨੂੰ ਸ਼ਾਮ 6 ਵਜੇ ਤੋਂ ਸਵੇਰੇ 6 ਵਜੇ ਤੱਕ ਅਤੇ ਸਰਦੀਆਂ ਨੂੰ ਸ਼ਾਮ 5 ਵਜੇ ਤੋਂ ਸਵੇਰੇ 7 ਵਜੇ ਤੱਕ ਗਊ ਵੰਸ਼ ਦੀ ਢੋਆ-ਢੁਆਈ ’ਤੇ ਪੂਰਨ ਪਾਬੰਦੀ ਲਗਾਈ ਗਈ ਹੈ।
  • ਜਿਨ੍ਹਾਂ ਲੋਕਾਂ ਨੇ ਗਊ ਵੰਸ਼ ਰੱਖੇ ਹੋਏ ਹਨ, ਉਨ੍ਹਾਂ ਨੂੰ ਪਸ਼ੂ ਪਾਲਣ ਵਿਭਾਗ ਪਾਸ ਰਜਿਸਟਰਡ ਕਰਾਉਣ ਦੇ ਆਦੇਸ਼ ਵੀ ਦਿੱਤੇ ਗਏ ਹਨ।
  • ਹੁਸ਼ਿਆਰਪੁਰ ਵਿੱਚ ਸਮਾਨ ਦਾ ਅਣ-ਅਧਿਕਾਰਤ ਤੌਰ ’ਤੇ ਭੰਡਾਰਨ ਕਰਨ, ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ’ਤੇ ਵੀ ਪਾਬੰਦੀ ਲਗਾਈ ਹੈ।