The Khalas Tv Blog Punjab ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੰਗਾਮਾ, ਕੈਦੀ ਦੀ ਸਿਹਤ ਵਿਗੜਨ ਕਾਰਨ ਮੌਤ, ਗੁੱਸੇ ‘ਚ ਕੈਦੀਆਂ ਨੇ ਕੀਤੀ ਨਾਅਰੇਬਾਜ਼ੀ
Punjab

ਲੁਧਿਆਣਾ ਕੇਂਦਰੀ ਜੇਲ੍ਹ ‘ਚ ਹੰਗਾਮਾ, ਕੈਦੀ ਦੀ ਸਿਹਤ ਵਿਗੜਨ ਕਾਰਨ ਮੌਤ, ਗੁੱਸੇ ‘ਚ ਕੈਦੀਆਂ ਨੇ ਕੀਤੀ ਨਾਅਰੇਬਾਜ਼ੀ

ਪੰਜਾਬ ਦੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਦੇਰ ਰਾਤ ਭਾਰੀ ਹੰਗਾਮਾ ਹੋਇਆ। ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ’ਤੇ ਅਣਗਹਿਲੀ ਦਾ ਦੋਸ਼ ਲਾਉਂਦਿਆਂ ਨਾਅਰੇਬਾਜ਼ੀ ਕੀਤੀ। ਜਾਣਕਾਰੀ ਮੁਤਾਬਕ ਜੇਲ੍ਹ ਵਿੱਚ ਇੱਕ ਕੈਦੀ ਦੀ ਤਬੀਅਤ ਖਰਾਬ ਹੋ ਗਈ, ਜਿਸ ਤੋਂ ਬਾਅਦ ਸਹੀ ਸਮੇਂ ‘ਤੇ ਇਲਾਜ਼ ਨਾ ਮਿਲਣ ਕਾਰਨ ਉਸਦੀ ਮੌਤ ਹੋ ਗਈ।

ਇਸ ਮਗਰੋਂ ਮੌਤ ਤੋਂ ਬਾਅਦ ਗੁੱਸੇ ਵਿੱਚ ਆਏ ਕੈਦੀਆਂ/ਬੰਦੀਆਂ ਨੇ ਜੇਲ੍ਹ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਪ੍ਰਦਰਸ਼ਨ ਕੀਤਾ। ਸੂਤਰਾਂ ਮੁਤਾਬਕ ਮ੍ਰਿਤਕ ਕੈਦੀ ਦਾ ਨਾਂ ਖੜਗ ਸਿੰਘ ਹੈ। ਖੜਗ ਸਿੰਘ ਨਵਾਂ ਸ਼ਹਿਰ ਦੇ ਪਿੰਡ ਸੂਦਾ ਮਾਜਰਾ ਦਾ ਵਸਨੀਕ ਹੈ। ਦੇਰ ਰਾਤ ਉਸ ਦੀ ਤਬੀਅਤ ਅਚਾਨਕ ਵਿਗੜ ਗਈ। ਦੋਸ਼ ਹੈ ਕਿ ਡਾਕਟਰੀ ਦੇਖਭਾਲ ਦੀ ਘਾਟ ਕਾਰਨ ਉਸ ਦੀ ਮੌਤ ਹੋ ਗਈ।

ਖੜਗ ਸਿੰਘ ਖਿਲਾਫ ਥਾਣਾ ਰਾਹੋਂ ਨਵਾਂਸ਼ਹਿਰ ਵਿਖੇ ਮੁਕੱਦਮਾ ਨੰਬਰ 34 ਆਈਪੀਸੀ 302 ਤਹਿਤ ਕੇਸ ਦਰਜ ਕੀਤਾ ਗਿਆ ਹੈ। ਜੇਲ ‘ਚ ਹੰਗਾਮੇ ਤੋਂ ਬਾਅਦ ਪ੍ਰਸ਼ਾਸਨ ਨੇ ਸਥਿਤੀ ‘ਤੇ ਕਾਬੂ ਪਾਉਣ ਲਈ ਸੀਆਰਪੀਐਫ ਅਤੇ ਹੋਰ ਸੁਰੱਖਿਆ ਕਰਮੀਆਂ ਨੂੰ ਤਾਇਨਾਤ ਕਰ ਦਿੱਤਾ ਹੈ।

ਜੇਲ੍ਹ ਪ੍ਰਸ਼ਾਸਨ ਇਸ ਘਟਨਾ ਦੀ ਜਾਂਚ ਕਰ ਰਿਹਾ ਹੈ। ਹਾਲਾਂਕਿ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨ ਦੇ ਕਿਸੇ ਅਧਿਕਾਰੀ ਦਾ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਸਬੰਧੀ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਉਨ੍ਹਾਂ ਨਾਲ ਸੰਪਰਕ ਨਹੀਂ ਹੋ ਸਕਿਆ।

Exit mobile version