‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਹੋਈ ਇਕੱਤਰਤਾ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਕੈਨੇਡਾ ਦੇ ਸਰੀ ਵਿੱਚ ਛਾਪਣ ਦੇ ਮੁੱਦੇ ‘ਤੇ ਫੈਸਲਾ ਲਿਆ ਗਿਆ ਹੈ। ਕੈਨੇਡਾ ਨਿਵਾਸੀ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੂੰ ਇਸ ਸਬੰਧੀ ਆਪਣਾ ਸਪੱਸ਼ਟੀਕਰਨ ਇੱਕ ਮਹੀਨੇ ਦੇ ਅੰਦਰ-ਅੰਦਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦਾ ਆਦੇਸ਼ ਦਿੱਤਾ ਗਿਆ ਹੈ।
ਇਸ ਤੋਂ ਇਲਾਵਾ ਇਨ੍ਹਾਂ ਵੱਲੋਂ ਹੁਣ ਤੱਕ ਤਿਆਰ ਕੀਤੇ ਗਏ ਪਾਵਨ ਸਰੂਪ ਸਮੇਤ ਛਾਪਾਖਾਨਾ ਮਸ਼ੀਨਰੀ ਸਿੱਖ ਸੰਗਤਾਂ ਦੀ ਭਾਵਨਾਵਾਂ ਅਨੁਸਾਰ ਮੁਹਤਬਰ ਸਿੱਖਾਂ ਦੀ ਹਾਜ਼ਰੀ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਗੁਰਦੁਆਰਾ ਸੁਸਾਇਟੀ ਡੈਲਟਾ-ਸਰੀ, ਬੀ.ਸੀ. ਕੈਨੇਡਾ ਵਿਖੇ ਸੁਭਾਇਮਾਨ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ।
ਜਥੇਦਾਰ ਨੇ ਉੱਥੋਂ ਦੇ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਵੀ ਇਨ੍ਹਾਂ ਵੱਲੋਂ ਤਿਆਰ ਕੀਤੇ ਗਏ ਪਾਵਨ ਸਰੂਪਾਂ ਦੀ ਸੂਝਵਾਨ ਗ੍ਰੰਥੀ ਸਿੰਘਾਂ ਪਾਸੋਂ ਦਰਸ਼ਨ ਵਿਚਾਰ ਕਰਵਾ ਕੇ ਅੱਖਰਾਂ, ਤਤਕਰੇ ਤੋਂ ਰਾਗ ਮਾਲਾ ਤੱਕ ਵਾਧ-ਘਾਟ ਹੋਣ ਜਾਂ ਨਾ ਹੋਣ ਬਾਰੇ ਮਿਲਾਨ ਕਰਵਾ ਕੇ ਰਿਪੋਰਟ ਛੇ ਮਹੀਨਿਆਂ ਦੇ ਅੰਦਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭੇਜਣ ਦੇ ਆਦੇਸ਼ ਦਿੱਤੇ ਹਨ।
ਇਸ ਇਕੱਤਰਤਾ ਵਿੱਚ ਕਿਹਾ ਗਿਆ ਕਿ ਕੈਨੇਡਾ ਦੀਆਂ ਸੰਗਤਾਂ ਵੱਲੋਂ ਸ਼ਿਕਾਇਤਾਂ ਪੁੱਜੀਆਂ ਹਨ ਕਿ ਰਿਪੁਦਮਨ ਸਿੰਘ ਮਲਕ ਅਤੇ ਬਲਵੰਤ ਸਿੰਘ ਪੰਧੇਰ ਨੇ ਕੈਨੇਡਾ ਦੇ ਸਰੀ ਵਿੱਚ ਆਪਣੀ ਨਿੱਜੀ ਸੰਸਥਾ ਸਤਿਨਾਮ ਰਿਲੀਜਸ ਸੁਸਾਇਟੀ ਬਣਾ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਤੀ 09-05-1998 ਨੂੰ ਹੋਏ ਹੁਕਮਨਾਮੇ ਦੀ ਉਲੰਘਣਾ ਕੀਤੀ ਹੈ, ਜਿਸ ਵਿੱਚ ਸਪੱਸ਼ਟ ਲਿਖਿਆ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਿਨਾਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਪਾਈ ਹੋਰ ਕੋਈ ਨਹੀਂ ਕਰ ਸਕਦਾ। ਇਨ੍ਹਾਂ ਨੇ ਬਿਨ੍ਹਾਂ ਆਗਿਆ ਤੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੀ ਛਪਾਈ ਕੀਤੀ ਹੈ।