‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਰਾਸ਼ਟਰੀ ਸਵੈਮ ਸੇਵਕ ਸੰਘ ਦੀ ਇਕਾਈ ਮੁਸਲਿਮ ਰਾਸ਼ਟਰੀ ਮੰਚ ਨੇ ਪੰਜ ਸੂਬਿਆਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁਸਲਿਮ ਭਾਈਚਾਰੇ ਨੂੰ ਭਾਜਪਾ ਨੂੰ ਵੋਟ ਦੇਣ ਦੀ ਅਪੀਲ ਕੀਤੀ ਹੈ। ਮੁਸਲਿਮ ਰਾਸ਼ਟਰੀ ਮੰਚ ਨੇ ਕਿਹਾ ਹੈ ਕਿ ਭਾਜਪਾ ਸਰਕਾਰ ‘ਚ ਮੁਸਲਮਾਨ ਸਭ ਤੋਂ ਜ਼ਿਆਦਾ ਸੁਰੱਖਿਅਤ ਅਤੇ ਖੁਸ਼ ਹਨ, ਜਦਕਿ ਸਪਾ ਅਤੇ ਕਾਂਗਰਸ ‘ਚ ਉਨ੍ਹਾਂ ਨੂੰ ਸਿਰਫ ਵੋਟ ਬੈਂਕ ਦੇ ਰੂਪ ‘ਚ ਦੇਖਿਆ ਜਾਂਦਾ ਹੈ। ਮੁਸਲਿਮ ਰਾਸ਼ਟਰੀ ਮੰਚ ਨੇ ਕੇਂਦਰ ਅਤੇ ਸੂਬਿਆਂ ਵਿੱਚ ਭਾਜਪਾ ਸਰਕਾਰਾਂ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਭਾਜਪਾ ਇਸ ਦੇਸ਼ ਵਿੱਚ ਮੁਸਲਮਾਨਾਂ ਦੀ ਸਭ ਤੋਂ ਵੱਡੀ ਸ਼ੁਭਚਿੰਤਕ ਹੈ। ਇਸ ਇਕਾਈ ਦੇ ਪ੍ਰਧਾਨ ਇੰਦਰੇਸ਼ ਕੁਮਾਰ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਇਕ ਬੇਨਤੀ ਪੱਤਰ ਜਾਰੀ ਕੀਤਾ ਗਿਆ ਹੈ, ਜਿਸ ਨੂੰ ਬਹਗਿਣਤੀ ਮੁਸਲਿਮ ਇਲਾਕਿਆਂ ਵਿੱਚ ਵੰਡਿਆ ਜਾਵੇਗਾ। ਇਸ ਪੱਤਰ ਵਿੱਚ ਦੱਸਿਆ ਗਿਆ ਹੈ ਕਿ ਨਰਿੰਦਰ ਮੋਦੀ ਸਰਕਾਰ ਨੇ ਘੱਟ ਗਿਣਤੀ ਭਾਈਚਾਰੇ ਦੀ ਭਲਾਈ ਲਈ ਨਵੀਂ ਰੋਸ਼ਨੀ, ਨਵਾਂ ਸਵੇਰਾ, ਸਿੱਖੋ ਅਤੇ ਕਮਾਓ ਅਤੇ ਉਸਤਾਦ ਵਰਗੀਆਂ 36 ਯੋਜਨਾਵਾਂ ਸ਼ੁਰੂ ਕੀਤੀਆਂ ਹਨ।