ਭਾਰਤ ਦੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ (S JAISHANKAR) ਕੈਨੇਡਾ (CANADA) ’ਤੇ ਵਾਰ ਕਰਨ ਦਾ ਕੋਈ ਮੌਕਾ ਨਹੀਂ ਛੱਡ ਰਹੇ। ਉਨ੍ਹਾਂ ਨੇ ਇੱਕ ਵਾਰ ਫਿਰ ਕੈਨੇਡਾ ’ਤੇ ਨਿਸ਼ਾਨਾ ਸਾਧਿਆ ਹੈ। ਮਹਾਰਾਸ਼ਟਰ ਦੇ ਨਾਸਿਕ ਵਿੱਚ ‘ਵਿਸ਼ਵਬੰਧੂ ਭਾਰਤ’ (Vishwabandhu Bharat) ਪ੍ਰੋਗਰਾਮ ਦੌਰਾਨ ਉਨ੍ਹਾਂ ਕਿਹਾ ਕਿ ਪ੍ਰਗਟਾਵੇ ਦੀ ਆਜ਼ਾਦੀ ਹਿੰਸਾ ਦੀ ਵਕਾਲਤ ਕਰਨ ਦੀ ਆਜ਼ਾਦੀ ਨਹੀਂ ਹੋ ਸਕਦੀ, ਪ੍ਰਗਟਾਵੇ ਦੀ ਆਜ਼ਾਦੀ ਕਿਸੇ ਵੀ ਦੇਸ਼ ਵਿਚ ਵੱਖਵਾਦ ਅਤੇ ਅਤਿਵਾਦ ਦਾ ਸਮਰਥਨ ਕਰਨ ਦੀ ਆਜ਼ਾਦੀ ਨਹੀਂ ਹੋ ਸਕਦੀ। ਵੱਖਵਾਦੀਆਂ ਦਾ ਇਕ ਸਮੂਹ ਸਾਲਾਂ ਤੋਂ ਕੈਨੇਡਾ ਦੇ ਆਜ਼ਾਦੀ ਕਾਨੂੰਨਾਂ ਦੀ ਦੁਰਵਰਤੋਂ ਕਰ ਰਿਹਾ ਹੈ ਪਰ ਕੈਨੇਡੀਅਨ ਸਰਕਾਰ ਵੋਟ ਬੈਂਕ ਕਾਰਨ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕਰ ਰਹੀ।
ਵਿਦੇਸ਼ ਮੰਤਰੀ ਨੇ ਕਿਹਾ ਕਿ ਵੱਖਵਾਦੀ ਤੱਤ ਲਗਾਤਾਰ ਭਾਰਤ ਵਿਰੋਧੀ ਗਤੀਵਿਧੀਆਂ ਵਿਚ ਲੱਗੇ ਹੋਏ ਹਨ। ਕੈਨੇਡਾ ਸਰਕਾਰ ਨੂੰ ਕਈ ਮੌਕਿਆਂ ’ਤੇ ਕਿਹਾ ਗਿਆ ਹੈ ਕਿ ਕਾਨੂੰਨ ਦੇ ਸ਼ਾਸਨ ਦਾ ਸਨਮਾਨ ਕਰਨ ਵਾਲੇ ਲੋਕਤੰਤਰੀ ਦੇਸ਼ਾਂ ਨੂੰ ਵਿਚਾਰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਤੱਤਾਂ ਨੂੰ ਖੁੱਲ੍ਹ ਨਹੀਂ ਦੇਣੀ ਚਾਹੀਦੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੋਕਾਂ ਦੀਆਂ ਗਤੀਵਿਧੀਆਂ ਕਾਰਨ ਅੱਜ ਦੋਵਾਂ ਦੇਸ਼ਾਂ ਦੇ ਰਿਸ਼ਤੇ ਵਿਗੜ ਗਏ ਹਨ। ਉਹ ਕੈਨੇਡਾ ਵਿੱਚ ਸਾਡੇ ਰਾਜਦੂਤ ਤੇ ਡਿਪਲੋਮੈਟਾਂ ਨੂੰ ਵੀ ਧਮਕੀਆਂ ਦੇ ਰਹੇ ਹਨ।
ਵਿਦੇਸ਼ ਮੰਤਰੀ ਨੇ ਕੈਨੇਡਾ ’ਤੇ ਇੱਕ ਵਾਰ ਫਿਰ ਇਲਜ਼ਾਮ ਲਾਇਆ ਕਿ ਕੈਨੇਡਾ ਵਿੱਚ ਭਾਰਤ ਖ਼ਿਲਾਫ਼ ਅਤਿਵਾਦੀ ਗਤੀਵਿਧੀਆਂ ਦਾ ਸਮਰਥਨ ਕਰਨ ਵਾਲੇ ਲੋਕਾਂ ਨੂੰ ਸ਼ਰਨ ਦਿਤੀ ਗਈ ਹੈ। ਉਨ੍ਹਾਂ ਕਿਹਾ ਕਿ ਕੈਨੇਡੀਅਨ ਸਰਕਾਰ ਨੂੰ ਸਥਿਤੀ ’ਤੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ’।
ਦੱਸ ਦੇਈਏ ਭਾਰਤ ਸਰਕਾਰ ਉਨ੍ਹਾਂ ਸਾਰੇ ਅਧਿਕਾਰੀਆਂ ਦੀ ਸੁਰੱਖਿਆ ਵਿੱਚ ਵਾਧਾ ਕਰ ਰਹੀ ਹੈ, ਜਿਨ੍ਹਾਂ ਨੇ ਖ਼ਾਲਿਸਤਾਨੀ ਹਮਾਇਤੀਆਂ ਨਾਲ ਨਜਿੱਠਣ ਲਈ ਕੰਮ ਕੀਤਾ ਹੈ। ਕੇਂਦਰੀ ਖ਼ੁਫ਼ੀਆ ਏਜੰਸੀ ਦੀ ਰਿਸਰਚ ਵਿੱਚ ਪਾਇਆ ਗਿਆ ਹੈ ਕਿ ਕੁਝ ਅਧਿਕਾਰੀਆਂ ਨੂੰ ਖ਼ਾਲਿਸਤਾਨੀ ਹਮਾਇਤੀਆਂ ਤੋਂ ਧਮਕੀਆਂ ਮਿਲ ਰਹੀਆਂ ਹਨ। ਹਾਲ ਹੀ ਵਿੱਚ ਦੋ ਮੁੱਖ ਅਧਿਕਾਰੀਆਂ ਨੂੰ Z ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ। ਇਨ੍ਹਾਂ ਵਿੱਚ ਸਾਬਕਾ ਰਾਅ ਮੁਖੀ ਸਾਮੰਤ ਗੋਇਲ ਅਤੇ ਸਾਬਕਾ NIA ਮੁਖੀ ਦਿਨਕਰ ਗੁਪਤਾ ਸ਼ਾਮਲ ਹਨ।
ਇਹ ਦੋਵੇ ਅਫ਼ਸਰ ਪੰਜਾਬ ਕਾਡਰ ਦੇ ਹਨ, ਦਿਨਕਰ ਗੁਪਤਾ ਪੰਜਾਬ ਦੇ ਡੀਜੀਪੀ ਰਹੇ ਹਨ ਅਤੇ ਸਮੰਤ ਗੋਇਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪੋਸਟ ’ਤੇ ਰਹੇ ਸਨ। ਭਾਰਤ ਦੇ ਇਨ੍ਹਾਂ ਕਦਮਾਂ ਤੋਂ ਅੰਦਾਜ਼ਾ ਲਾਇਆ ਜਾ ਸਕਦਾ ਹੈ ਕਿ ਭਾਰਤ ਸਰਕਾਰ ਖ਼ਾਲਿਸਤਾਨ ਦੇ ਮੁੱਦੇ ਨੂੰ ਕਿੰਨੀ ਅਹਿਮੀਅਤ ਨਾਲ ਵੇਖ ਰਹੀ ਹੈ ਤੇ ਇਸ ਦਾ ਕੈਨੇਡਾ ਮੁਲਕ ਨਾਲ ਸਬੰਧਾਂ ’ਤੇ ਕੀ ਅਸਰ ਪੈ ਰਿਹਾ ਹੈ।