ਬਿਊਰੋ ਰਿਪੋਰਟ (ਫ਼ਿਰੋਜ਼ਪੁਰ, 14 ਦਸੰਬਰ 2025): ਜ਼ਿਲ੍ਹਾ ਫ਼ਿਰੋਜ਼ਪੁਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦਾ ਇੱਕ ਮਾਮਲਾ ਸਾਹਮਣੇ ਆਇਆ ਹੈ। ਇੱਥੇ ਨਸ਼ੇ ਦੀ ਹਾਲਤ ਵਿੱਚ ਇੱਕ ਨੌਜਵਾਨ ਗੁਰਦੁਆਰਾ ਸਾਹਿਬ ਦੇ ਅੰਦਰ ਦਾਖ਼ਲ ਹੋ ਗਿਆ ਅਤੇ ਉਸਨੇ ਉਸ ਰੁਮਾਲਾ ਸਾਹਿਬ ਨੂੰ ਖਿੱਚਣ ਦੀ ਕੋਸ਼ਿਸ਼ ਕੀਤੀ, ਜਿਸ ਉੱਪਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਸੀ।
ਪਾਠੀ ਸਿੰਘਾਂ ਨੇ ਫੜਿਆ
ਮੌਕੇ ’ਤੇ ਹਾਜ਼ਰ ਪਾਠੀ ਸਿੰਘਾਂ ਅਤੇ ਸੇਵਾਦਾਰਾਂ ਨੇ ਤੁਰੰਤ ਕਾਰਵਾਈ ਕਰਦਿਆਂ ਨੌਜਵਾਨ ਨੂੰ ਫੜ੍ਹ ਲਿਆ। ਨੌਜਵਾਨ ਨੂੰ ਗੁਰਦੁਆਰਾ ਸਾਹਿਬ ਤੋਂ ਬਾਹਰ ਲਿਜਾ ਕੇ ਲੋਕਾਂ ਨੇ ਉਸਦੀ ਕੁੱਟਮਾਰ ਵੀ ਕੀਤੀ।
ਇਹ ਸਾਰੀ ਘਟਨਾ ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਇਸ ਘਟਨਾ ਕਾਰਨ ਸਥਾਨਕ ਲੋਕਾਂ ਅਤੇ ਸੰਗਤ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।
ਪੁਲਿਸ ਨੇ ਦਰਜ ਕੀਤਾ ਕੇਸ
ਲੋਕਾਂ ਨੇ ਇਸ ਮਾਮਲੇ ਦੀ ਸੂਚਨਾ ਤੁਰੰਤ ਪੁਲਿਸ ਨੂੰ ਦਿੱਤੀ, ਜਿਸ ਤੋਂ ਬਾਅਦ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਦੋਸ਼ੀ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ।
ਪੁਲਿਸ ਦਾ ਕਹਿਣਾ ਹੈ ਕਿ ਪਿੰਡ ਦੇ ਲੋਕਾਂ ਵੱਲੋਂ ਦਿੱਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਦੋਸ਼ੀ ਨੂੰ ਥਾਣੇ ਲਿਜਾਇਆ ਗਿਆ ਹੈ। ਪੁਲਿਸ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਤੋਂ ਬਾਅਦ ਦੋਸ਼ੀ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

