Punjab Religion

ਪਿੰਡ ਸਠਿਆਲਾ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ! ਗਲ਼ੀਆਂ ਵਿੱਚ ਖਿਲਾਰੇ ਪਵਿੱਤਰ ਅੰਗ

ਬਿਊਰੋ ਰਿਪੋਰਟ (7 ਮਾਰਚ, 2026): ਪਿੰਡ ਸਠਿਆਲਾ ਵਿਖੇ ਸਥਿਤ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਧਾਮ ‘ਤੇ ਅੱਜ ਸਵੇਰੇ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ। ਜਾਣਕਾਰੀ ਅਨੁਸਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਅੰਗ ਗਲੀਆਂ ਵਿੱਚ ਖਿਲਰੇ ਹੋਏ ਮਿਲੇ, ਜਿਸ ਨਾਲ ਸੰਗਤ ਦੇ ਹਿਰਦੇ ਵਲੂੰਧਰੇ ਗਏ ਹਨ। ਘਟਨਾ ਦਾ ਪਤਾ ਲੱਗਦਿਆਂ ਹੀ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਅਤੇ ਸਿੱਖ ਜਥੇਬੰਦੀਆਂ ਮੌਕੇ ‘ਤੇ ਇਕੱਠੀਆਂ ਹੋ ਗਈਆਂ।

ਸੀਸੀਟੀਵੀ (CCTV) ਨਾਲ ਛੇੜਛਾੜ

ਗੁਰਦੁਆਰਾ ਸਾਹਿਬ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਹੈ ਕਿ ਅਣਪਛਾਤੇ ਹਮਲਾਵਰਾਂ ਨੇ ਪਹਿਲਾਂ ਕੈਮਰਿਆਂ ਦੀਆਂ ਤਾਰਾਂ ਕੱਟੀਆਂ ਅਤੇ ਫਿਰ ਗੁਰਦੁਆਰਾ ਕੰਪਲੈਕਸ ਵਿੱਚ ਭੰਨਤੋੜ ਕੀਤੀ। ਇਸ ਤੋਂ ਬਾਅਦ ਇਸ ਘਿਨਾਉਣੀ ਹਰਕਤ ਨੂੰ ਅੰਜਾਮ ਦਿੱਤਾ ਗਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਬਾਬਾ ਬਕਾਲਾ ਦੇ ਡੀਐਸਪੀ ਅਰੁਣ ਸ਼ਰਮਾ ਪੁਲਿਸ ਟੀਮ ਸਮੇਤ ਸਵੇਰੇ ਕਰੀਬ 7:30 ਵਜੇ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ ਅਤੇ ਸੀਸੀਟੀਵੀ ਫੁਟੇਜ ਸਮੇਤ ਹੋਰ ਸਬੂਤ ਕਬਜ਼ੇ ਵਿੱਚ ਲੈ ਲਏ ਹਨ। ਪ੍ਰਸ਼ਾਸਨ ਨੇ ਸੰਗਤ ਨੂੰ ਭਰੋਸਾ ਦਿੱਤਾ ਹੈ ਕਿ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।