Punjab

ਸੈਣੀ ਨੂੰ ਫਿਰ ਮਿਲੀ ਵੱਡੀ ਰਾਹਤ, ਹਾਈਕੋਰਟ ਨੇ ਸਾਰੇ ਮਾਮਲਿਆਂ ‘ਚ ਸੈਣੀ ਦੀ ਗ੍ਰਿਫਤਾਰੀ ‘ਤੇ ਲਾਈ ਰੋਕ

‘ਦ ਖ਼ਾਲਸ ਬਿਊਰੋ:- ਸਿਟਕੋ ਦੇ ਜੂਨੀਅਰ ਇੰਜਨੀਅਰ ਬਲਵੰਤ ਸਿੰਘ ਮੁਲਤਾਨੀ ਨੂੰ ਤਿੰਨ ਦਹਾਕੇ ਪਹਿਲਾਂ ਅਗਵਾ ਕਰਨ ਤੇ ਭੇਤਭਰੀ ਹਾਲਤ ‘ਚ ਲਾਪਤਾ ਕਰਨ ਦੇ ਮਾਮਲੇ ਵਿੱਚ ਦੋਸ਼ੀ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਨੂੰ ਇੱਕ ਵਾਰ ਫਿਰ ਵੱਡੀ ਰਾਹਤ ਮਿਲ ਗਈ ਹੈ।  ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੈਣੀ ਨੂੰ ਰਾਹਤ ਦਿੰਦਿਆਂ ਉਸ ਦੀ ਸਰਵਿਸ ਦੌਰਾਨ ਸਾਰਿਆਂ ਮਾਮਲਿਆਂ ‘ਚ ਸੈਣੀ ਦੀ ਗ੍ਰਿਫਤਾਰੀ ‘ਤੇ ਰੋਕ ਲਗਾ ਦਿੱਤੀ ਹੈ।

ਸੁਮੇਧ ਸਿੰਘ ਸੈਣੀ ਨੇ ਗ੍ਰਿਫਤਾਰੀ ਤੋਂ ਡਰਦਿਆਂ ਹਾਈਕੋਰਟ ਦਾ ਰੁਖ ਕੀਤਾ ਸੀ ਤੇ ਪਟੀਸ਼ਨ ਦਾਖਲ ਕਰਕੇ ਮੰਗ ਕੀਤੀ ਸੀ ਕਿ ਉਹ ਬਲਵੰਤ ਮੁਲਤਾਨੀ ਮਾਮਲੇ ‘ਚ ਹੋ ਰਹੀ ਜਾਂਚ ‘ਚ ਸ਼ਾਮਿਲ ਹੋਣ ਲਈ ਤਿਆਰ ਹੈ, ਪਰ ਉਸ ਨੂੰ ਕਿਸੇ ਹੋਰ ਮਾਮਲੇ ‘ਚ ਗ੍ਰਿਫਤਾਰ ਨਾ ਕੀਤਾ ਜਾਵੇ।  ਹੁਣ ਸੈਣੀ ਕਿਸੇ ਵੀ ਸਮੇਂ ਜਾਂਚ ‘ਚ ਸ਼ਾਮਿਲ ਹੋ ਸਕਦਾ ਹੈ।

ਅੱਜ ਮੁਹਾਲੀ ਦੇ ਮਟੌਰ ਠਾਣੇ ‘ਚ ਸਾਬਕਾ DGP ਸੁਮੇਧ ਸੈਣੀ ਨੂੰ ਪੇਸ਼ ਹੋਣ ਲਈ ਸੰਮਨ ਭੇਜੇ ਗਏ ਸਨ, ਪਰ ਅਜੇ ਤੱਕ ਉਹ SIT ਸਾਹਮਣੇ ਪੇਸ਼ ਹੋਣ ਲਈ ਨਹੀਂ ਪਹੁੰਚੇ।  SIT ਸਾਹਮਣੇ ਪੇਸ਼ ਹੋਣ ਲਈ ਸੈਣੀ ਨੂੰ 11 ਵਜੇ ਦਾ ਸਮਾਂ ਦਿੱਤਾ ਗਿਆ ਸੀ ਪਰ ਖਬਰ ਲਿਖੇ ਜਾਣ ਤੱਕ ਸੈਣੀ ਥਾਣੇ ਨਹੀਂ ਪਹੁੰਚਿਆ।