‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- 1984 ਦੇ ਸਿੱਖ ਵਿਰੋਧੀ ਕਤਲੇ ਆਮ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਨੂੰ ਸਰਬਉੱਚ ਅਦਾਲਤ ਨੇ ਅੱਜ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਇਹ ਫੈਸਲਾ ਸੀਬੀਆਈ ਦੀ ਰਿਪੋਰਟ ਦੇ ਆਧਾਰ ‘ਤੇ ਸੁਣਾਇਆ ਹੈ। ਸੀਬੀਆਈ ਨੇ ਆਪਣੀ ਮੈਡੀਕਲ ਰਿਪੋਰਟ ਵਿੱਚ ਕਿਹਾ ਸੀ ਕਿ ਸੱਜਣ ਕੁਮਾਰ ਦੀ ਸਿਹਤ ਠੀਕ ਹੈ ਅਤੇ ਇਲਾਜ ਚੱਲ ਰਿਹਾ ਹੈ। ਸੱਜਣ ਕੁਮਾਰ ਦੇ ਵਕੀਲ ਨੇ ਦਲੀਲ ਦਿੰਦਿਆਂ ਕਿਹਾ ਕਿ ਉਹ ਮੇਦਾਂਤਾ ਹਸਪਤਾਲ ਵਿੱਚ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ। ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਇਕੱਲੇ ਅਜਿਹੇ ਬਿਮਾਰ ਨਹੀਂ ਹਨ, ਜਿਸ ਨੂੰ ਸਪੈਸ਼ਲ ਟ੍ਰੀਟਮੈਂਟ ਦਿੱਤਾ ਜਾਵੇ। ਕੋਰਟ ਨੇ ਕਿਹਾ ਕਿ ਸੱਜਣ ਕੁਮਾਰ ਨੂੰ ਗੰਭੀਰ ਅਪਰਾਧ ਵਿੱਚ ਦੋਸ਼ੀ ਕਰਾਰ ਦਿੱਤਾ ਗਿਆ ਹੈ। ਉਹ ਜੇਲ੍ਹ ਵਿੱਚ ਵੀ ਡਾਕਟਰਾਂ ਦੀ ਦੇਖ-ਰੇਖ ਵਿੱਚ ਇਲਾਜ ਕਰਵਾ ਸਕਦਾ ਹੈ।
ਸਾਲ 1984 ਵਿੱਚ ਹੋਏ ਸਿੱਖ ਵਿਰੋਧੀ ਕਤਲੇ ਆਮ (1984 Anti Sikh Riots) ਮਾਮਲੇ ਵਿੱਚ ਉਮਰਕੈਦ ਦੀ ਸਜ਼ਾ ਕੱਟ ਰਹੇ ਕਾਂਗਰਸੀ ਲੀਡਰ ਸੱਜਣ ਕੁਮਾਰ ਦੀ ਸਿਹਤ ਸਬੰਧੀ ਹਾਲਤ ਜਾਣਨ ਸਬੰਧੀ ਸੁਪਰੀਮ ਕੋਰਟ ਨੇ ਸੀਬੀਆਈ ਨੂੰ ਨਿਰਦੇਸ਼ ਦਿੱਤੇ ਸਨ। ਸੱਜਣ ਕੁਮਾਰ ਨੇ ਅਦਾਲਤ ਤੋਂ ਸਿਹਤ ਦੇ ਆਧਾਰ ‘ਤੇ ਅੰਤਰਿਮ ਜ਼ਮਾਨਤ ਮੰਗੀ ਹੈ। ਸੁਪਰੀਮ ਕੋਰਟ ਨੇ ਇਸ ਸਬੰਧੀ ਜਾਂਚ ਏਜੰਸੀ ਨੂੰ ਹਲਫ਼ੀਆ ਬਿਆਨ ਦਾਖ਼ਲ ਕਰਨ ਲਈ ਕਿਹਾ ਸੀ ਤਾਂ ਕਿ ਸੱਜਣ ਕੁਮਾਰ ਦੀ ਅੰਤਰਿਮ ਜ਼ਮਾਨਤ ਦੀ ਮੰਗ ‘ਤੇ ਕੋਈ ਫੈਸਲਾ ਲਿਆ ਜਾ ਸਕੇ। ਸੱਜਣ ਕੁਮਾਰ ਵੱਲੋਂ ਪੇਸ਼ ਵਕੀਲ ਵਿਕਾਸ ਸਿੰਘ ਨੇ ਸੁਪਰੀਮ ਕੋਰਟ ਨੂੰ ਸੱਜਣ ਕੁਮਾਰ ਲਈ ਇਸ ਆਧਾਰ ‘ਤੇ ਅੰਤਰਿਮ ਜ਼ਮਾਨਤ ਦੀ ਮੰਗ ਕੀਤੀ ਸੀ ਕਿ ਉਸ ਦਾ ਭਾਰ ਬਹੁਤ ਘੱਟ ਗਿਆ ਹੈ ਅਤੇ ਇਲਾਜ ਲਈ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਲੈ ਕੇ ਜਾਣ ਦੀ ਜ਼ਰੂਰਤ ਹੈ।
ਦੂਜੇ ਪੱਖ ਨੇ ਸੱਜਣ ਕੁਮਾਰ ਦੀ ਜ਼ਮਾਨਤ ਦੀ ਮੰਗ ਦਾ ਵਿਰੋਧ ਕੀਤਾ ਅਤੇ ਕਿਹਾ ਸੀ ਕਿ ਇਸ ਤੋਂ ਪਹਿਲਾਂ ਅਖਿਲ ਭਾਰਤੀ ਆਯੁਰਵਿਗਿਆਨ ਸੰਸਥਾ (AIIMS) ਦੇ ਮੈਡੀਕਲ ਬੋਰਡ ਨੇ ਉਨ੍ਹਾਂ ਦੀ ਸਿਹਤ ਦੀ ਜਾਂਚ ਕੀਤੀ ਸੀ, ਜਿਸ ਪਿੱਛੋਂ ਅਦਾਲਤ ਨੇ ਹੀ ਉਨ੍ਹਾਂ ਦੀ ਜ਼ਮਾਨਤ ਦੀ ਮੰਗ ਨੂੰ ਅਸਵੀਕਾਰ ਕਰ ਦਿੱਤਾ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਇਸ ਨੂੰ ਇੱਕ ਸਾਲ ਪਹਿਲਾਂ ਦਾ ਘਟਨਾਕ੍ਰਮ ਦੱਸਦੇ ਹੋਏ ਖਾਰਜ ਕਰ ਦਿੱਤਾ ਅਤੇ ਕਿਹਾ ਸੀ ਕਿ ਪਟੀਸ਼ਨਕਰਤਾ ਦੀ ਸਿਹਤ ਦੀ ਮੁੜ ਜਾਂਚ ਕੀਤੀ ਜਾਵੇ ਅਤੇ ਇਸ ਸਬੰਧੀ ਸੀਬੀਆਈ ਨੂੰ ਨਿਰਦੇਸ਼ ਦਿੱਤੇ ਸਨ।