ਚੰਡੀਗੜ੍ਹ/ਜਲੰਧਰ : ਸੰਯੁਕਤ ਕਿਸਾਨ ਮੋਰਚਾ ਪੰਜਾਬ ਚੈਪਟਰ ਵਲੋਂ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ, ਕਿਸਾਨਾਂ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਅਤੇ ਕਿਸਾਨਾਂ ਤੇ ਜਬਰ ਕਰਨ ਵਿਰੁੱਧ ਅੱਜ ਸੂਬੇ ਵਿੱਚ ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਤਿੰਨ ਦਿਨਾਂ ਲਈ ਦਿਨ ਰਾਤ ਦੇ ਧਰਨੇ ਅੱਜ ਸ਼ੁਰੂ ਕਰ ਦਿੱਤੇ ਗਏ।
ਸੂਬਾ ਪੱਧਰ ਤੇ ਪੁੱਜੀਆਂ ਰਿਪੋਰਟਾਂ ਮੁਤਾਬਕ ਸੂਬੇ ਭਰ ਵਿੱਚ 20 ਭਾਜਪਾ ਆਗੂਆਂ ਦੇ ਘਰਾਂ ਸਾਹਮਣੇ, 37 ਟੋਲ ਪਲਾਜ਼ਾ ਟੋਲ ਫ੍ਰੀ ਕਰਕੇ ਅਤੇ ਦੋ ਜ਼ਿਲਿਆਂ ਹੁਸ਼ਿਆਰਪੁਰ ਅਤੇ ਫਰੀਦਕੋਟ ਦੇ ਡਿਪਟੀ ਕਮਿਸ਼ਨਰ ਦਫਤਰਾਂ ਸਾਹਮਣੇ ਕੁੱਲ ਮਿਲਾ ਕੇ 59 ਸਥਾਨਾਂ ਤੇ ਕਿਸਾਨ ਜੱਥੇਬੰਦੀਆਂ ਨੇ ਧਰਨੇ ਸ਼ੁਰੂ ਕਰ ਦਿੱਤੇ ਹਨ।
ਭਾਜਪਾ ਆਗੂਆਂ ਜਿਨ੍ਹਾਂ ਦੇ ਘਰਾਂ ਸਾਹਮਣੇ ਧਰਨੇ ਸ਼ੁਰੂ ਹੋਏ ਹਨ ਉਨ੍ਹਾਂ ਵਿੱਚ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ, ਇਕਬਾਲ ਸਿੰਘ ਲਾਲਪੁਰਾ, ਸੁਰਜੀਤ ਕੁਮਾਰ ਜਿਆਣੀ, ਰਾਣਾ ਗੁਰਮੀਤ ਸੋਢੀ, ਮੰਤਰੀ ਸੋਮ ਪ੍ਰਕਾਸ਼, ਮਨੋਰੰਜਨ ਕਾਲੀਆ, ਹਰਜੀਤ ਸਿੰਘ, ਅਰਵਿੰਦ ਖੰਨਾ,ਕਾਕਾ ਸਿੰਘ ਕੰਬੋਜ, ਦੀਦਾਰ ਸਿੰਘ ਭੱਟੀ, ਕੇਵਲ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਕਾਕਾ, ਰਜਿੰਦਰ ਮੋਹਨ ਸਿੰਘ ਛੀਨਾ, ਅਮਰਪਾਲ ਸਿੰਘ ਬੋਨੀ, ਫਤਿਹਜੰਗ ਸਿੰਘ ਬਾਜਵਾ, ਰਾਕੇਸ਼ ਕੁਮਾਰ ਜੈਨ, ਭੁਪੇਸ਼ ਅਗਰਵਾਲ, ਰਾਜੇਸ਼ ਪੇਠਲੀ ਅਤੇ ਡਾ ਸੀਮਾਂਤ ਗਰਗ ਆਦਿ ਸ਼ਾਮਲ ਹਨ। ਕਿਸਾਨ ਜਥੇਬੰਦੀਆਂ ਨੇ ਸੂਬੇ ਦੀਆਂ ਪ੍ਰਮੁੱਖ ਜਰਨੈਲੀ ਸੜਕਾਂ ਉੱਤੇ 37 ਟੋਲ ਪਲਾਜ਼ਿਆ ਨੂੰ ਟੋਲ ਫ੍ਰੀ ਕਰ ਦਿੱਤਾ ਹੈ।
ਅੱਜ ਦੇ ਧਰਨਿਆਂ ਵਿੱਚ ਬੁਲਾਰਿਆਂ ਨੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦੀ ਮੰਗ ਨੂੰ ਫ਼ਸਲੀ ਵਿਭਿੰਨਤਾ ਦੇ ਰੂਪ ਕੰਟਰੈਕਟ ਖੇਤੀ ਵੱਲ ਭਟਕਾਉਣ ਦੀ ਗੁੰਮਰਾਹਕੁੰਨ ਚਾਲ ਬਾਰੇ ਕਿਸਾਨਾਂ ਨੂੰ ਵਿਸਥਾਰ ਸਹਿਤ ਜਾਣਕਾਰੀ ਦਿੱਤੀ। ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਸੱਤਾ ਦੇ ਹੰਕਾਰ ਵਿੱਚ ਕਿਸਾਨੀ ਮੰਗਾਂ ਨੂੰ ਅਣਗੌਲਿਆਂ ਕਰਕੇ ਦੱਸ ਦਿੱਤਾ ਹੈ ਕਿ ਉਹ ਕਾਰਪੋਰੇਟ ਦੇ ਹਿੱਤਾਂ ਨੂੰ ਪੂਰਾ ਕਰਨ ਲਈ ਐਮ ਐਸ ਪੀ ਦੇ ਮਾਮਲੇ ਵਿਚ ਵੀ ਪੂਰੇ ਦੇਸ਼ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਸਪੱਸ਼ਟ ਕਰ ਦਿੱਤਾ ਕਿ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਅਤੇ ਕਿਸਾਨਾਂ ਖੇਤ ਮਜ਼ਦੂਰਾਂ ਦੇ ਕਰਜ਼ੇ ਤੇ ਲੀਕ ਮਾਰਨ ਸਮੇਤ ਹੋਰ ਕਿਸਾਨੀ ਮੰਗਾਂ ਲਈ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਅੱਜ ਦੇ ਧਰਨਿਆਂ ਵਿੱਚ ਇੰਟਰਨੈਟ ਤੇ ਪਾਬੰਦੀਆਂ ਮੜਣ, ਸੰਯੁਕਤ ਕਿਸਾਨ ਮੋਰਚਾ ਦੇ ਫੇਸਬੁੱਕ ਪੇਜ਼ ਨੂੰ ਬੰਦ ਕਰਨ ਵਿਰੁੱਧ ਵੀ ਆਵਾਜ਼ ਬੁਲੰਦ ਕੀਤੀ ਗਈ।
ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਇਹ ਧਰਨੇ 22 ਫਰਵਰੀ ਸ਼ਾਮ ਪੰਜ ਵਜੇ ਤੱਕ ਜਾਰੀ ਰਹਿਣਗੇ। ਸੰਯੁਕਤ ਕਿਸਾਨ ਮੋਰਚਾ ਨੇ ਜਾਣਕਾਰੀ ਦਿੰਦਿਆਂ ਸਪੱਸ਼ਟ ਕੀਤਾ ਹੈ ਕਿ ਅਗਲੇ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਦੇਸ਼ ਪੱਧਰ ਦੀ ਮੀਟਿੰਗ ਹੁਣ ਦਿੱਲੀ ਦੀ ਥਾਂ 22 ਫਰਵਰੀ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਖੇ ਹੋਵੇਗੀ।
ਅੱਜ ਦੇ ਧਰਨਿਆਂ ਦੀ ਅਗਵਾਈ ਬਲਬੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਨਿਰਭੈ ਸਿੰਘ ਢੁੱਡੀਕੇ , ਡਾ. ਦਰਸ਼ਨਪਾਲ, ਹਰਮੀਤ ਸਿੰਘ ਕਾਦੀਆਂ, ਬਲਦੇਵ ਸਿੰਘ ਨਿਹਾਲਗ੍ਹੜ, ਬੂਟਾ ਸਿੰਘ ਬੁਰਜਗਿੱਲ, ਜੰਗਵੀਰ ਸਿੰਘ ਚੌਹਾਨ, ਬਲਵਿੰਦਰ ਸਿੰਘ ਮੱਲੀਨੰਗਲ, ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ, ਬਿੰਦਰ ਸਿੰਘ ਗੋਲੇਵਾਲਾ, ਸੁੱਖਗਿੱਲ ਮੋਗਾ, ਰੁਲਦੂ ਸਿੰਘ ਮਾਨਸਾ, ਵੀਰ ਸਿੰਘ ਬੜਵਾ,ਬਲਜੀਤ ਸਿੰਘ ਗਰੇਵਾਲ, ਹਰਜਿੰਦਰ ਸਿੰਘ ਟਾਂਡਾ,ਮਲੂਕ ਸਿੰਘ ਹੀਰਕੇ, ਬਲਵਿੰਦਰ ਸਿੰਘ ਰਾਜੂਔਲਖ, ਹਰਜੀਤ ਸਿੰਘ ਰਵੀ, ਨਿਰਵੈਰ ਸਿੰਘ ਡਾਲੇਕੇ, ਹਰਬੰਸ ਸਿੰਘ ਸੰਘਾ, ਪ੍ਰੇਮ ਸਿੰਘ ਭੰਗੂ, ਕੁਲਦੀਪ ਸਿੰਘ ਵਜੀਦਪੁਰ, ਹਰਦੇਵ ਸਿੰਘ ਸੰਧੂ, ਕੰਵਲਪ੍ਰੀਤ ਸਿੰਘ ਪੰਨੂ, ਕਿਰਨਜੀਤ ਸੇਖੋਂ ਅਤੇ ਬੋਘ ਸਿੰਘ ਮਾਨਸਾ ਆਦਿ ਨੇ ਕੀਤੀ।