India

ਸੰਦੀਪ ਸਿੰਘ ਦੀਆਂ ਵਧੀਆਂ ਮੁਸ਼ਕਲਾਂ, ਚੰਡੀਗੜ੍ਹ ਪੁਲਿਸ ਨੇ ਜੋੜੀਆਂ ਹੋਰ ਧਾਰਾਵਾਂ

‘ਦ ਖ਼ਾਲਸ ਬਿਊਰੋ :  ਭਾਰਤ ਦੇ ਸਾਬਕਾ ਹਾਈ ਖਿਡਾਰੀ ਤੇ ਹਰਿਆਣਾ ਦੇ ਸਾਬਕਾ ਖੇਡ ਮੰਤਰੀ ਸੰਦੀਪ ਸਿੰਘ ( Former Sports Minister Sandeep Singh ) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਨਾਲ ਛੇੜਛਾੜ ਦੇ ਦੋਸ਼ਾਂ ਤਹਿਤ ਸੰਦੀਪ ਸਿੰਘ ਖ਼ਿਲਾਫ਼ ਦਰਜ ਕੇਸ ਵਿੱਚ ਹੋਰ ਧਾਰਾਵਾਂ ਜੋੜ ਦਿੱਤੀਆਂ ਹਨ।

ਇਹ ਧਾਰਾ ਗੈਰ-ਜ਼ਮਾਨਤੀ ਹੈ। ਇਸ ਤੋਂ ਪਹਿਲਾਂ ਖੇਡ ਮੰਤਰੀ ਸੰਦੀਪ ਸਿੰਘ ਨੇ ਐਫਆਈਆਰ ਦਰਜ ਹੋਣ ਤੋਂ ਬਾਅਦ 1 ਜਨਵਰੀ 2023 ਨੂੰ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ,  ਮੇਰੇ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।

ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਉਸ ਵਿਰੁੱਧ ਦਰਜ ਕੇਸ ਵਿੱਚ ਆਈਪੀਸੀ ਦੀ ਇੱਕ ਨਵੀਂ ਧਾਰਾ ਜੋੜ ਦਿੱਤੀ ਹੈ। ਪੀੜਤ ਮਹਿਲਾ ਕੋਚ ਦੇ ਵਕੀਲ ਦੀਪਾਂਸ਼ੂ ਬਾਂਸਲ ਦਾ ਕਹਿਣਾ ਹੈ ਕਿ ਪੁਲਿਸ ਪੀੜਤਾ ਦੇ ਉਹ ਕੱਪੜੇ ਲੈ ਗਈ ਹੈ ਜੋ ਉਸ ਨੇ ਘਟਨਾ ਵਾਲੇ ਦਿਨ ਪਹਿਨੇ ਸਨ। ਇਸ ਦੇ ਨਾਲ ਹੀ ਪੁਲਿਸ ਵੱਲੋਂ ਐਫਆਈਆਰ ਵਿੱਚ ਧਾਰਾ 509 ਵੀ ਜੋੜ ਦਿੱਤੀ ਗਈ ਹੈ ਜਦਕਿ ਪਹਿਲਾਂ 354,354 ਏ, 354ਬੀ,342 ਤੇ 506 ਧਾਰਾਵਾਂ ਤਹਿਤ ਕੇਸ ਦਰਜ ਕੀਤਾ ਸੀ।

ਦੱਸ ਦਈਏ ਕਿ ਸੰਦੀਪ ਸਿੰਘ ਨੇ ਕੇਸ ਦਰਜ ਹੋਣ ਮਗਰੋਂ ਖੇਡ ਮੰਤਰੀ ਵਜੋਂ ਅਸਤੀਫਾ ਦੇ ਦਿੱਤਾ ਸੀ। ਦੂਜੇ ਪਾਸੇ ਸੰਦੀਪ ਸਿੰਘ ਦੀ ਗ੍ਰਿਫਤਾਰੀ ਨਾ ਹੋਣ ਕਰਕੇ ਹਰਿਆਣਾ ਦੀ ਖੱਟਰ ਸਰਕਾਰ ਵੀ ਵਿਵਾਦਾਂ ਵਿੱਚ ਘਿਰ ਗਈ ਹੈ। ਮੁੱਖ ਮੰਤਰੀ ਮਨਹੋਰ ਲਾਲ ਖੱਟਰ ਦਾ ਕਹਿਣਾ ਹੈ ਕਿ ਇਲਜ਼ਾਮ ਲਾਉਣ ਨਾਲ ਕੋਈ ਦੋਸ਼ੀ ਸਾਬਤ ਨਹੀਂ ਹੋ ਜਾਂਦਾ।

ਜ਼ਿਕਰਯੋਗ ਹੈ ਕਿ ਹਰਿਆਣਾ ਦੀ ਇੱਕ ਜੂਨੀਅਰ ਮਹਿਲਾ ਅਥਲੈਟਿਕਸ ਕੋਚ ਨੇ ਹਾਲ ਹੀ ਦੇ ਵਿੱਚ ਭਾਰਤੀ ਹਾਕੀ ਟੀਮ ਦੇ ਸਾਬਕਾ ਕਪਤਾਨ 36 ਸਾਲਾ ਸੰਦੀਪ ਸਿੰਘ ‘ਤੇ ਉਸ ਨੂੰ ਬੰਧਕ ਬਣਾਉਣ, ਉਸ ਦਾ ਜਿਨਸੀ ਸ਼ੋਸ਼ਣ ਕਰਨ ਅਤੇ ਧਮਕੀਆਂ ਦੇਣ ਦੇ ਗੰਭੀਰ ਇਲਜ਼ਾਮ ਲਗਾਏ ਹਨ। ਚੰਡੀਗੜ੍ਹ ਪੁਲਿਸ ਨੇ ਮਹਿਲਾ ਕੋਚ ਦੀ ਸ਼ਿਕਾਇਤ ਦੇ ਆਦਾਰ ’ਤੇ ਭਾਰਤੀ ਜਨਤਾ ਪਾਰਟੀ ਦੇ ਆਗੂ ਸੰਦੀਪ ਸਿੰਘ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ।