Punjab

ਸਿਰ ‘ਤੇ ਹਨ ਸੰਗਰੂਰ ਜ਼ਿਮਨੀ ਚੋਣਾਂ : ਜਿੱਤ ਦੇ ਦਾਅਵੇ ਨਾਲ ਹੋ ਰਹੇ ਨੇ ਚੋਣ ਪ੍ਰਚਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸੰਗਰੂਰ ਲੋਕ ਸਭਾ ਹਲਕਾ ਦੀ ਚੋਣ ਲਈ ਭਲਕ 21 ਜੂਨ ਨੂੰ ਚੋਣ ਪ੍ਰਚਾਰ ਪੰਜ ਵਜੇ ਬੰਦ ਹੋ ਜਾਵੇਗਾ। ਵੋਟਾਂ 23 ਜੂਨ ਨੂੰ ਪੈਣਗੀਆਂ ਅਤੇ 26 ਜੂਨ ਨੂੰ ਨਤੀਜੇ ਦਾ ਐਲਾਨ ਹੋਵੇਗਾ। ਪੰਜ ਪ੍ਰਮੁੱਖ ਪਾਰਟੀਆਂ ਸਮੇਤ 16 ਉਮੀਦਵਾਰ ਮੈਦਾਨ ਵਿੱਚ ਹਨ। ਵੋਟਾਂ ਦੇ ਦਿਨ 15 ਲੱਖ 69 ਹਜ਼ਾਰ ਤੋਂ ਵੱਧ ਵੋਟਰ ਆਪਣੇ ਮੌਲਿਕ ਅਧਿਕਾਰ ਦੀ ਵਰਤੋਂ ਕਰਨਗੇ। ਸਰਕਾਰ ਨੇ ਵੋਟਾਂ ਤੋਂ 48 ਘੰਟੇ ਪਹਿਲਾਂ ਸ਼ਰਾਬ ਦੇ ਠੇਕੇ ਬੰਦ ਰੱਖਣ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।

ਉਂਝ, ਚੋਣ ਮੈਦਾਨ ਪੂਰੀ ਤਰ੍ਹਾਂ ਭਖ ਗਿਆ ਹੈ ਅਤੇ ਸਾਰੇ ਉਮੀਦਵਾਰ ਆਪਣੀ ਜਿੱਤ ਨੂੰ ਯਕੀਨੀ ਬਣਾਉਣ ਲਈ ਅੱਡੀ ਚੋਟੀ ਦਾ ਜ਼ੋਰ ਲਾ ਰਹੇ ਹਨ। ਆਮ ਆਦਮੀ ਪਾਰਟੀ ਨੂੰ ਸੱਤਾ ਵਿੱਚ ਹੋਣ ਦਾ ਲਾਹਾ ਤਾਂ ਮਿਲੇਗਾ ਪਰ ਇਸ ਵਾਰ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਨੇ ਹਲਕੇ ਦੀ ਤਸਵੀਰ ਬਦਲ ਦਿੱਤੀ ਹੈ। ਆਪ ਲਈ ਜਿੱਤ ਪ੍ਰਾਪਤ ਕਰਨੀ ਸੌਖੀ ਨਹੀਂ ਰਹੀ ਹੈ। ਇਸੇ ਕਰਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿੱਚ ਡੇਰੇ ਲਾਈ ਬੈਠੇ ਹਨ ਜਦਕਿ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਦਾ ਵੀ ਅੱਜ ਹਲਕੇ ਵਿੱਚ ਰੋਡ ਸ਼ੋਅ ਕਰਨ ਦਾ ਪ੍ਰੋਗਰਾਮ ਹੈ।

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀਆਂ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਵੇਖ ਕੇ ਉਹ ਜਿੱਤ ਦੇ ਨੇੜੇ ਢੁਕ ਗਏ ਲੱਗਦੇ ਹਨ। ਅੱਜ ਸੰਗਰੂਰ ਦੀਆਂ ਕਈ ਰਾਗੀ ਸਭਾਵਾਂ ਨੇ ਉਨ੍ਹਾਂ ਦੀ ਹਮਾਇਤ ਕਰਨ ਦਾ ਐਲਾਨ ਕਰ ਦਿੱਤਾ ਹੈ। ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੇ ਅੱਜ ਇੱਕ ਨਵੀਂ ਪੇਸ਼ਕਸ਼ ਕਰ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜੇ ਕੇਂਦਰ ਸਰਕਾਰ ਬੰਦੀ ਸਿੰਘਾਂ ਨੂੰ ਰਿਹਾਈ ਕਰਨ ਦੇ ਹੁਕਮ ਦੇ ਦੇਵੇ ਤਾਂ ਉਹ ਚੋਣ ਮੈਦਾਨ ਵਿੱਚੋਂ ਹਟਣ ਲਈ ਤਿਆਰ ਹਨ। 

ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਧੂਰੀ ਵਿਖੇ ਵਪਾਰੀਆਂ ਨਾਲ ਮੁਲਾਕਾਤ ਕਰਦੇ ਹੋਏ ਕਿਹਾ ਕਿ ਧੂਰੀ ਵਿਚ ਮੁੱਖ ਮੰਤਰੀ ਦਫਤਰ ਖੋਲ੍ਹਿਆ ਜਾਵੇਗਾ, ਜਿਸ ਵਿਚ ਅਫਸਰ ਬੈਠਣਗੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨਗੇ। 

ਸੁਖਬੀਰ ਸਿੰਘ ਬਾਦਲ ਨੇ ਸੰਗਰੂਰ ਜ਼ਿਮਨੀ ਚੋਣ ਦੌਰਾਨ ਅਕਾਲ ਦਲ ਦੀ ਉਮੀਦਵਾਰ ਬੀਬੀ ਕਮਲਦੀਪ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਕਰਦਿਆਂ ਪੰਜਾਬ ਦੇ ਵਿਕਾਸ ਲਈ ਅਕਾਲੀ ਦਲ ਨੂੰ ਜਿੱਤ ਦਿਵਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਕਦੇ ਵੀ ਪੰਜਾਬ ਦਾ ਭਲਾ ਨਹੀਂ ਕਰ ਸਕਦੀ। ਉਨ੍ਹਾਂ ਨੇ ਨਾਲ ਹੀ ਬੰਦੀ ਸਿੰਘਾਂ ਦੀ ਰਿਹਾਈ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕਰ ਦਿੱਤਾ। ਕਾਂਗਰਸ ਦੇ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੀ ਕਮਾਂਡ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਭਾਲੀ ਹੋਈ ਹੈ। ਉਂਝ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਅਤੇ ਪ੍ਰਗਟ ਸਿੰਘ ਪ੍ਰਚਾਰ ਵਿੱਚ ਜੁਟੇ ਹੋਏ ਹਨ।

ਦੂਜੇ ਪਾਸੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੂੰ ਪਹਿਲਾਂ ਨਾਲੋਂ ਜ਼ਿਆਦਾ ਹੁੰਗਾਰਾ ਮਿਲਣ ਲੱਗਾ ਹੈ। ਉਹ ਹਲਕੇ ਦੇ ਕੰਮ ਕੇਂਦਰ ਸਰਕਾਰ ਤੋਂ ਕਰਾਉਣ ਦਾ ਭਰੋਸਾ ਦੇ ਕੇ ਵੋਟਾਂ ਮੰਗ ਰਹੇ ਹਨ। ਉਹ ਪਿਛਲੀ ਵਾਰ ਵੀ ਇੱਥੋਂ ਚੋਣ ਮੈਦਾਨ ਵਿੱਚ ਨਿੱਤਰੇ ਸਨ ਪਰ ਭਗਵੰਤ ਮਾਨ ਨੇ ਹਰਾ ਦਿੱਤਾ ਸੀ।