‘ਦ ਖ਼ਾਲਸ ਬਿਊਰੋ(ਪੁਨੀਤ ਕੌਰ):- ਸੰਯੁਕਤ ਕਿਸਾਨ ਮੋਰਚਾ ਨੇ ਸਰਕਾਰ ਦੇ ਕਿਸਾਨ ਵਿਰੋਧੀ ਸਾਜਿਸ਼ਾਂ ਦਾ ਸਖਤ ਵਿਰੋਧ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਵੱਲੋਂ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਕਿ ਭਾਜਪਾ ਵੱਲੋਂ ਕਿਸਾਨੀ ਅੰਦੋਲਨ ਨੂੰ ਬਦਨਾਮ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਪਰ ਕਿਸਾਨ ਸਰਕਾਰ ਦੀਆਂ ਇਨ੍ਹਾਂ ਕੋਸ਼ਿਸ਼ਾਂ ਨੂੰ ਕਾਮਯਾਬ ਨਹੀਂ ਹੋਣ ਦੇਣਗੇ।
ਸੰਯੁਕਤ ਕਿਸਾਨ ਮੋਰਚਾ ਨੇ ਦੱਸਿਆ ਕਿ ਪੱਛਮੀ ਉੱਤਰ ਪ੍ਰਦੇਸ਼ ਵਿੱਚ ਕਿਸਾਨਾਂ ਦੇ ਸੰਘਰਸ਼ ਨੂੰ ਬਦਨਾਮ ਕਰਨ ਆਏ ਭਾਜਪਾ ਦੇ ਲੀਡਰਾਂ ਅਤੇ ਕਾਰਜ-ਕਰਤਾਵਾਂ ਨੇ ਕਿਸਾਨਾਂ ਦੇ ਨਾਲ ਕੁੱਟਮਾਰ ਕੀਤੀ। ਪੁਲਿਸ ਨੇ ਬੀਜੇਪੀ ਕਾਰਜ-ਕਰਤਾਵਾਂ ‘ਤੇ ਕਾਰਵਾਈ ਕਰਨ ਦੀ ਜਗ੍ਹਾ ਕਿਸਾਨਾਂ ਨੂੰ ਹੀ ਗ੍ਰਿਫਤਾਰ ਕਰ ਲਿਆ ਹੈ।ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਕਿ ਟਿਕਰੀ ਧਰਨੇ ‘ਤੇ ਦਿੱਲੀ ਪੁਲਿਸ ਨੇ ਕੁੱਝ ਪੋਸਟਰ ਲਗਾਏ ਹਨ, ਜਿਸ ਵਿੱਚ ਕਿਸਾਨਾਂ ਨੂੰ ਧਰਨਾ ਖਾਲੀ ਕਰਨ ਦੀ ਚਿਤਾਵਨੀ ਦਿੱਤੀ ਗਈ ਹੈ। ਇਸ ਤਰ੍ਹਾਂ ਦੇ ਪੋਸਟਰ ਢੁੱਕਵੇਂ ਨਹੀਂ ਹਨ, ਜਿੱਥੇ ਕਿਸਾਨ ਆਪਣੇ ਮੌਲਿਕ ਅਧਿਕਾਰਾਂ ਦਾ ਇਸਤੇਮਾਲ ਕਰਦੇ ਹੋਏ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ।
ਅਸੀਂ ਪੁਲਿਸ ਦੇ ਇਸ ਕਦਮ ਦਾ ਵਿਰੋਧ ਕਰਦੇ ਹਾਂ ਅਤੇ ਕਿਸਾਨਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਸ਼ਾਂਤੀਪੂਰਨ ਵਿਰੋਧ ਜਾਰੀ ਰੱਖਣ। ਇਸ ਤਰ੍ਹਾਂ ਦੀਆਂ ਧਮਕੀਆਂ ਅਤੇ ਚਿਤਾਵਨੀਆਂ ਨਾਲ ਕਿਸਾਨੀ ਅੰਦੋਲਨ ਨੂੰ ਖਤਮ ਕਰਨ ਦੀਆਂ ਸਾਜਿਸ਼ਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ ਅਤੇ ਸੰਘਰਸ਼ ਹੋਰ ਮਜ਼ਬੂਤ ਹੋਵੇਗਾ।