India Punjab

ਸਿੰਘੂ ਬਾਰਡਰ ਕਤਲ ਮਾਮਲਾ : ਘਟਨਾ ਨਿੰਦਣਯੋਗ ਪਰ ਸੰਯੁਕਤ ਕਿਸਾਨ ਮੋਰਚਾ ਬੇਅਦਬੀ ਦੇ ਵਿਰੱਧ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਸੰਯੁਕਤ ਕਿਸਾਨ ਮੋਰਚੇ ਨੇ ਇਕ ਬਿਆਨ ਜਾਰੀ ਕਰਕੇ ਕੁੰਡਲੀ ਬਾਰਡਰ ਉੱਤੇ ਕਤਲ ਮਾਮਲੇ ਵਿੱਚ ਆਪਣਾ ਪੱਖ ਰੱਖਿਆ ਹੈ। ਮੋਰਚੇ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਪੰਜਾਬ ਦੇ ਇੱਕ ਵਿਅਕਤੀ ਲਖਬੀਰ ਸਿੰਘ, ਪੁੱਤਰ ਦਰਸ਼ਨ ਸਿੰਘ, ਪਿੰਡ ਚੀਮਾ ਕਲਾ, ਥਾਣਾ ਸਰਾਏ ਅਮਾਨਤ ਖਾਂ, ਜ਼ਿਲ੍ਹਾ ਤਰਨ ਤਾਰਨ ਦਾ ਬੇਰਹਿਮੀ ਨਾਲ ਕਤਲ ਕੀਤਾ ਗਿਆ ਹੈ।

ਘਟਨਾ ਸਥਾਨ ‘ਤੇ ਮੌਜੂਦ ਇਕ ਨਿਹੰਗ ਜਥੇਬੰਦੀ ਨੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ ਅਤੇ ਇਹ ਵੀ ਕਿਹਾ ਹੈ ਕਿ ਇਹ ਮਨੁੱਖ ਦੁਆਰਾ ਸਰਬਲੋਹ ਗ੍ਰੰਥ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਅਤੇ ਇਹ ਘਟਨਾ ਇਸੇ ਵਿਅਕਤੀ ਦੇ ਕਾਰਣ ਵਾਪਰੀ ਹੈ। ਮੋਰਚੇ ਨੇ ਕਿਹਾ ਹੈ ਕਿ ਉਹ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਚਿੰਨ੍ਹ ਦੀ ਬੇਅਦਬੀ ਦੇ ਵਿਰੁੱਧ ਹਨ, ਪਰ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਇਸ ਅਧਾਰ ਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਵੀ ਨਹੀਂ ਹੈ।

ਮੋਰਚੇ ਨੇ ਦੱਸਿਆ ਹੈ ਕਿ ਇਹ ਮ੍ਰਿਤਕ ਪਿਛਲੇ ਕੁਝ ਸਮੇਂ ਤੋਂ ਉਸੇ ਸਮੂਹ ਦੇ ਨਾਲ ਰਹਿ ਰਿਹਾ ਸੀ। ਮੋਰਚੇ ਨੇ ਇਸ ਬੇਰਹਿਮੀ ਨਾਲ ਹੋਏ ਕਤਲ ਦੀ ਨਿੰਦਾ ਕੀਤੀ ਹੈ। ਸੰਯੁਕਤ ਕਿਸਾਨ ਮੋਰਚਾ ਨੇ ਆਪਣਾ ਪੱਖ ਰੱਖਦਿਆਂ ਇਹ ਸਪੱਸ਼ਟ ਕੀਤਾ ਹੈ ਕਿ ਇਸ ਘਟਨਾ ਦੇ ਦੋਵੇਂ ਪੱਖਾਂ, ਨਿਹੰਗ ਜਥੇਬੰਦੀ ਜਾਂ ਮ੍ਰਿਤਕ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਦਾ ਕੋਈ ਲੈਣ ਦੇਣ ਨਹੀਂ ਹੈ।

ਮੋਰਚੇ ਨੇ ਮੰਗ ਕੀਤੀ ਹੈ ਕਿ ਇਸ ਕਤਲ ਅਤੇ ਬੇਅਦਬੀ ਦੀ ਸਾਜ਼ਿਸ਼ ਦੇ ਦੋਸ਼ ਦੀ ਜਾਂਚ ਕੀਤੀ ਜਾਵੇ ਤੇ ਬਾਅਦ ਵਿੱਚ ਦੋਸ਼ੀਆਂ ਨੂੰ ਕਾਨੂੰਨ ਦੇ ਅਨੁਸਾਰ ਬਣਦੀ ਸਜ਼ਾ ਦਿੱਤੀ ਜਾਵੇ। ਸੰਯੁਕਤ ਕਿਸਾਨ ਮੋਰਚਾ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ ਕਿਸੇ ਵੀ ਕਾਨੂੰਨੀ ਕਾਰਵਾਈ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਸਾਥ ਦਿੱਤਾ ਜਾਵੇਗਾ। ਲੋਕਤੰਤਰੀ ਅਤੇ ਸ਼ਾਂਤਮਈ ਢੰਗ ਨਾਲ ਚੱਲ ਰਹੇ ਇਸ ਅੰਦੋਲਨ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਮੋਰਚੇ ਨੇ ਵਿਰੋਧ ਕਰਨ ਦੀ ਵੀ ਗੱਲ ਕਹੀ ਹੈ।