ਪਾਕਿਸਤਾਨ ਦੀ ਕੋਟਲੱਖ ਪੱਤ ਜੇਲ੍ਹ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੇ ਕਾਤਲ ਆਮਿਰ ਸਰਫਰਾਜ਼ ਤਾਂਬਾ ਦਾ ਬੀਤੇ ਦਿਨ ਗੋਲੀਆਂ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਸੀ। ਜਿਸ ਨੂੰ ਇੱਕ ਦਿਨ ਬਾਅਦ ਲਹਿੰਦੇ ਪੰਜਾਬ ਦੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਨਾਟਕੀ ਦੱਸਿਆ ਕਿਹਾ ਕਿ ਉਹ ਅਜੇ ਵੀ ਜਿਊਂਦਾ ਹੈ।
ਲਸ਼ਕਰ-ਏ-ਤੋਇਬਾ ਦੇ ਸੰਸਥਾਪਕ ਹਾਫਿਜ਼ ਸਈਦ ਦੇ ਕਰੀਬੀ ਸਾਥੀ ਤਾਂਬਾ ‘ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਸਨੈਂਟ ਨਗਰ ਸਥਿਤ ਉਸ ਦੀ ਰਿਹਾਇਸ਼ ‘ਤੇ ਹਮਲਾ ਕੀਤਾ। ਉਸ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। ਲਾਹੌਰ ਦੇ ਸੀਨੀਅਰ ਪੁਲਿਸ ਸੁਪਰਡੈਂਟ (ਐਸਐਸਪੀ) ਆਪਰੇਸ਼ਨ ਸਈਅਦ ਅਲੀ ਰਜ਼ਾ ਨੇ ਡਾਨ ਅਖਬਾਰ ਨੂੰ ਦੱਸਿਆ ਕਿ ਤਾਂਬਾ ਅਜੇ ਵੀ ਜ਼ਿੰਦਾ ਹੈ ਪਰ ਉਹ ਗੰਭੀਰ ਜ਼ਖਮੀ ਹੈ। ਐਸਐਸਪੀ ਰਜ਼ਾ ਨੇ ਇਹ ਨਹੀਂ ਦੱਸਿਆ ਕਿ ਤਾਂਬਾ ਨੂੰ “ਡਾਕਟਰੀ ਇਲਾਜ” ਲਈ ਕਿੱਥੇ ਲਿਜਾਇਆ ਗਿਆ ਹੈ।
ਪਾਕਿਸਤਾਨ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਨੇ ਤਾਂਬਾ ਦੇ ਕਤਲ ‘ਚ ਭਾਰਤ ਦੀ ਸ਼ਮੂਲੀਅਤ ਤੋਂ ਇਨਕਾਰ ਨਹੀਂ ਕੀਤਾ। ਮੋਹਸਿਨ ਨਕਵੀ ਗ੍ਰਹਿ ਮੰਤਰੀ ਦੇ ਨਾਲ-ਨਾਲ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੇ ਚੇਅਰਮੈਨ ਵੀ ਹਨ, ਜਿਨ੍ਹਾਂ ਨੇ ਦੋਸ਼ ਲਗਾਉਦਿਆਂ ਕਿਹਾ ਕਿ ਭਾਰਤ ਪਹਿਲਾਂ ਵੀ ਇੱਥੇ ਕੁੱਝ ਕਤਲ ਦੀਆਂ ਘਟਨਾਵਾਂ ਵਿੱਚ ਸਿੱਧੇ ਤੌਰ ‘ਤੇ ਸ਼ਾਮਲ ਰਿਹਾ ਹੈ।
ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਸ ਪੜਾਅ ‘ਤੇ ਇਸ ਮਾਮਲੇ ਵਿੱਚ ਭਾਰਤ ਦੀ ਸ਼ਮੂਲੀਅਤ ਬਾਰੇ ਕਹਿਣਾ ਜਲਦਬਾਜ਼ੀ ਹੋਵੇਗੀ ਪਰ ਉਨ੍ਹਾਂ ਨੂੰ ਭਾਰਤ ਦੀ ਸ਼ਮੂਲੀਅਤ ਦਾ ਸ਼ੱਕ ਹੈ। ਪੁਰਾਣੇ ਲਾਹੌਰ ਦੇ ਸੰਘਣੀ ਆਬਾਦੀ ਵਾਲੇ ਇਲਾਕੇ ਸਨੰਤ ਨਗਰ ‘ਚ ਐਤਵਾਰ ਦੁਪਹਿਰ ਨੂੰ ਦੋ ਬੰਦੂਕਧਾਰੀਆਂ ਨੇ ਤਾਂਬੇ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਤਾਂਬੇ ਦੀ ਖੂਨ ਨਾਲ ਲਥਪਥ ਲਾਸ਼ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਸੀ।
ਪੁਲਿਸ ਨੇ ਤਾਂਬਾ ਦੇ ਛੋਟੇ ਭਰਾ ਜੁਨੈਦ ਸਰਫਰਾਜ਼ ਦੀ ਸ਼ਿਕਾਇਤ ‘ਤੇ ਦੋ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਹੈ। ਤਾਂਬਾ ਅਤੇ ਉਸ ਦੇ ਸਾਥੀ ਮੁਦੱਸਰ ਨੇ 2013 ‘ਚ ਲਾਹੌਰ ਦੀ ਕੋਟ ਲਖਪਤ ਜੇਲ ‘ਚ 49 ਸਾਲਾ ਸਰਬਜੀਤ ਸਿੰਘ ‘ਤੇ ਹਮਲਾ ਕੀਤਾ ਸੀ, ਜਿਸ ‘ਚ ਉਸ ਦੀ ਮੌਤ ਹੋ ਗਈ ਸੀ। ਸਾਲ 2018 ‘ਚ ਪਾਕਿਸਤਾਨ ਦੀ ਇਕ ਅਦਾਲਤ ਨੇ ਦੋਵਾਂ ਨੂੰ ਸਬੂਤਾਂ ਦੀ ਘਾਟ ਦਾ ਹਵਾਲਾ ਦਿੰਦੇ ਹੋਏ ਬਰੀ ਕਰ ਦਿੱਤਾ ਸੀ।