ਬਿਊਰੋ ਰਿਪੋਰਟ (ਨਵੀਂ ਦਿੱਲੀ, 17 ਸਤੰਬਰ 2025): ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਲੈ ਕੇ ਸੁਪ੍ਰੀਮ ਕੋਰਟ ਵੱਲੋਂ ਕੀਤੀਆਂ ਤਿੱਖੀਆਂ ਟਿੱਪਣੀਆਂ ’ਤੇ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਸੁਪ੍ਰੀਮ ਕੋਰਟ ਦੀਆਂ ਟਿੱਪਣੀਆਂ ਬਹੁਤ ਹੀ ਤਲਖ਼ ਸਨ ਅਤੇ ਇਨ੍ਹਾਂ ਰਾਹੀਂ ਸਿਰਫ਼ ਇੱਕ ਭਾਈਚਾਰੇ ’ਤੇ ਨਿਸ਼ਾਨਾ ਲਾਇਆ ਗਿਆ ਹੈ।
ਪੰਧੇਰ ਨੇ ਕਿਹਾ ਕਿ ਵਾਤਾਵਰਣ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਹੀਂ ਹੋਣਾ ਚਾਹੀਦਾ, ਪਰ ਇਹ ਵੀ ਸੱਚ ਹੈ ਕਿ ਸਭ ਤੋਂ ਵੱਧ ਪ੍ਰਦੂਸ਼ਣ ਇੰਡਸਟਰੀਆਂ ਨਾਲ ਹੁੰਦਾ ਹੈ। ਇਸ ਤੋਂ ਇਲਾਵਾ ਆਵਾਜਾਈ ਅਤੇ ਹੋਰ ਕਾਰਨ ਵੀ ਪ੍ਰਦੂਸ਼ਣ ਦੇ ਵੱਡੇ ਸਰੋਤ ਹਨ। ਸਿਰਫ਼ ਕਿਸਾਨਾਂ ਨੂੰ ਹੀ ਜ਼ਿੰਮੇਵਾਰ ਠਹਿਰਾਉਣਾ ਨਿਆਂਸੰਗਤ ਨਹੀਂ ਹੈ।
ਉਨ੍ਹਾਂ ਚੇਤਾਵਨੀ ਦਿੱਤੀ ਕਿ ਹੁਣ ਗੋਦੀ ਮੀਡੀਆ ਨੂੰ ਮੌਕਾ ਮਿਲੇਗਾ ਕਿ ਉਹ ਕਿਸਾਨਾਂ ਨੂੰ ਖਲਨਾਇਕ ਵਜੋਂ ਪੇਸ਼ ਕਰੇ। ਪੰਧੇਰ ਨੇ ਕਿਹਾ ਕਿ ਅੰਦੋਲਨ ਕਰਕੇ ਹੀ ਕਿਸਾਨਾਂ ਨੂੰ ਟਾਰਗੇਟ ਕੀਤਾ ਜਾ ਰਿਹਾ ਹੈ, ਜੋ ਪੂਰੀ ਤਰ੍ਹਾਂ ਗ਼ਲਤ ਹੈ।