‘ਦ ਖ਼ਾਲਸ ਬਿਊਰੋ : ਮੇਘਾਲਿਆ ਦੇ ਰਾਜਪਾਲ ਸੱਤਿਆ ਪਾਲ ਮਲਿਕ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਨਿਸ਼ਾਨਾ ਕੱਸਦਿਆਂ ਉਨ੍ਹਾਂ ਨੂੰ ਘਮੰਡੀ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਹ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦੇ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੂੰ ਮਿਲੇ ਸਨ। ਮੋਦੀ ਨੂੰ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਮੋਦੀ ਵਿੱਚ ਘਮੰਡ ਲੱਗਿਆ।
ਰਾਜਪਾਲ ਸੱਤਿਆ ਪਾਲ ਨੇ ਕਿਸਾਨਾਂ ਦੇ ਹੱਕ ਵਿੱਚ ਬੋਲਦਿਆਂ ਕਿਹਾ ਕਿ ਕਿਸਾਨਾਂ ਦਾ ਅੰਦੋਲਨ ਅਜੇ ਖਤਮ ਨਹੀਂ ਹੋਇਆ ਹੈ ਸਗੋਂ ਮੁਲਤਵੀ ਕਰ ਦਿੱਤਾ ਗਿਆ ਹੈ। ਜੇਕਰ ਕਿਸਾਨਾਂ ਨਾਲ ਕੋਈ ਬੇਇਨਸਾਫ਼ੀ ਜਾਂ ਅੱਤਿਆਚਾਰ ਹੁੰਦਾ ਹੈ ਤਾਂ ਅੰਦੋਲਨ ਫਿਰ ਤੋਂ ਸ਼ੁਰੂ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ‘ਤੇ ਕਾਨੂੰਨੀ ਗਾਰੰਟੀ ਦੇਵੇ। ਸਰਕਾਰ ਨੂੰ ਇਮਾਨਦਾਰੀ ਦਿਖਾਉਂਦੇ ਹੋਏ ਕਿਸਾਨਾਂ ਖਿਲਾਫ ਦਰਜ ਕੀਤੇ ਕੇਸ ਤੁਰੰਤ ਵਾਪਸ ਲੈਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਕਿਸਾਨਾਂ ਲਈ ਲੋੜ ਪਈ ਤਾਂ ਉਹ ਰਾਜਪਾਲ ਦਾ ਅਹੁਦਾ ਛੱਡਣ ਲਈ ਤਿਆਰ ਹਨ।