India Punjab

CBI ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ’ਤੇ SC ਨੇ ਸੁਣਵਾਈ ਤੋਂ ਕੀਤਾ ਇਨਕਾਰ

ਪੰਜਾਬ ਸਰਕਾਰ ਨਾਲ ਜੁੜੇ ਕਥਿਤ ਭ੍ਰਿਸ਼ਟਾਚਾਰ ਦੇ ਦੋਸ਼ਾਂ ਵਾਲੇ ਮਾਮਲੇ ਵਿੱਚ ਸੁਪਰੀਮ ਕੋਰਟ ਵਿੱਚ ਅੱਜ ਇੱਕ ਅਹਿਮ ਘਟਨਾਕ੍ਰਮ ਸਾਹਮਣੇ ਆਇਆ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪਦਿਆਂ ਦੋ ਮਹੀਨਿਆਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਸਨ। ਪੰਜਾਬ ਸਰਕਾਰ ਨੇ ਇਨ੍ਹਾਂ ਹੁਕਮਾਂ ’ਤੇ ਰੋਕ ਲਗਾਉਣ ਲਈ ਸੁਪਰੀਮ ਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਸੀ।

ਸੁਣਵਾਈ ਤੋਂ ਪਹਿਲਾਂ ਹੀ ਜਸਟਿਸ ਸ਼ੀਲ ਨਾਗੂ ਨੇ ਇਸ ਪਟੀਸ਼ਨ ਦੀ ਸੁਣਵਾਈ ਤੋਂ ਆਪਣੇ ਆਪ ਨੂੰ ਵੱਖ ਕਰ ਲਿਆ। ਜਦੋਂ ਮਾਮਲਾ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਆਇਆ ਤਾਂ ਜਸਟਿਸ ਦੱਤਾ ਨੇ ਕਿਹਾ ਕਿ ਇਸ ਮਾਮਲੇ ਦੀ ਸੁਣਵਾਈ ਜਸਟਿਸ ਨਾਗੂ ਵੱਲੋਂ ਨਹੀਂ ਕੀਤੀ ਜਾ ਸਕਦੀ। ਇਸ ਤੋਂ ਬਾਅਦ ਮਾਮਲੇ ਨੂੰ ਭਾਰਤ ਦੇ ਚੀਫ਼ ਜਸਟਿਸ ਦੇ ਸਾਹਮਣੇ ਰੱਖਣ ਲਈ ਆਦੇਸ਼ ’ਤੇ ਦਸਤਖ਼ਤ ਕਰਨ ਦੀ ਗੱਲ ਕਹੀ ਗਈ, ਤਾਂ ਜੋ ਢੁੱਕਵੇਂ ਬੈਂਚ ਦਾ ਗਠਨ ਕੀਤਾ ਜਾ ਸਕੇ।

ਕਥਿਤ ਭ੍ਰਿਸ਼ਟਾਚਾਰ ਮਾਮਲੇ ’ਚ HC ਨੇ ਦਿੱਤੇ ਸੀ CBI ਜਾਂਚ ਦੇ ਹੁਕਮ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਹੁਕਮ ਨੂੰ ਚੁਣੌਤੀ ਦਿੱਤੀ ਹੈ ਜਿਸ ਵਿੱਚ ਸੀਬੀਆਈ ਨੂੰ ਕੇਸ ਦਰਜ ਕਰਨ ਅਤੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ। ਹਾਈ ਕੋਰਟ ਨੇ ਦੋ ਮਹੀਨਿਆਂ ਵਿੱਚ ਸਟੇਟਸ ਰਿਪੋਰਟ ਵੀ ਮੰਗੀ ਸੀ। ਇਸ ਹੁਕਮ ਤੋਂ ਬਾਅਦ ਸੀਬੀਆਈ ਨੇ ਮੰਗਲਵਾਰ ਸ਼ਾਮ 5 ਵਜੇ ਪੰਜਾਬ ਦੇ ਅੱਠ ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਨ੍ਹਾਂ ਵਿੱਚ ਮੁੱਖ ਮੰਤਰੀ ਦਾ ਚੰਡੀਗੜ੍ਹ ਕੈਂਪ ਦਫ਼ਤਰ ਅਤੇ ਓਐਸਡੀ ਰਾਜਬੀਰ ਸਿੰਘ ਘੁੰਮਣ ਦੀ ਰਿਹਾਇਸ਼ ਸ਼ਾਮਲ ਹਨ।

ਟੀਮਾਂ ਨੇ ਲੈਪਟਾਪ, ਮੋਬਾਈਲ ਫ਼ੋਨ ਅਤੇ ਦਸਤਾਵੇਜ਼ ਜ਼ਬਤ ਕੀਤੇ ਅਤੇ ਕਾਰਵਾਈ ਰਾਤ 11 ਵਜੇ ਤੱਕ ਚੱਲਦੀ ਰਹੀ। ਇਸ ਤੋਂ ਬਾਅਦ ਘੁੰਮਣ ਸਮੇਤ ਛੇ ਲੋਕਾਂ ਨੂੰ ਸੰਮਨ ਜਾਰੀ ਕੀਤੇ ਗਏ, ਪਰ ਉਹ ਚੰਡੀਗੜ੍ਹ ਸਥਿਤ ਸੀਬੀਆਈ ਦਫ਼ਤਰ ਵਿੱਚ ਪੇਸ਼ ਨਹੀਂ ਹੋਏ।

ਈਡੀ ਨੇ ਮੁੱਖ ਮੰਤਰੀ ਦਫ਼ਤਰ ਵਿੱਚ ਤਬਾਦਲਾ-ਪੋਸਟਿੰਗ ਅਤੇ ਭ੍ਰਿਸ਼ਟਾਚਾਰ ਦੇ ਦੋਸ਼ ਲਗਾਏ ਸਨ ਅਤੇ ਰਾਜਬੀਰ ਸਿੰਘ ਘੁੰਮਣ ਨੂੰ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤਾ ਸੀ, ਪਰ ਪੁਲਿਸ ਨੇ ਉਨ੍ਹਾਂ ਵਿਰੁੱਧ ਐਫਆਈਆਰ ਦਰਜ ਨਹੀਂ ਕੀਤੀ।