‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਸਰਬਉੱਚ ਅਦਾਲਤ ਸੀਬੀਐੱਸਈ ਅਤੇ ਕਈ ਹੋਰ ਬੋਰਡਾਂ ਦੀ 10ਵੀਂ ਤੇ 12ਵੀਂ ਦੀਆਂ ਆਫਲਾਈਨ ਬੋਰਡ ਪ੍ਰੀਖਿਆਵਾਂ ਰੱਦ ਕਰਨ ਦੀ ਪਟੀਸ਼ਨ ’ਤੇ ਕੱਲ੍ਹ ਸੁਣਵਾਈ ਕਰੇਗੀ। ਜਸਟਿਸ ਏਐੱਮ ਖਾਨਵਿਲਕਰ, ਜਸਟਿਸ ਦਿਨੇਸ਼ ਮਹੇਸ਼ਵਰੀ ਅਤੇ ਜਸਟਿਸ ਸੀਟੀ ਰਵੀਕੁਮਾਰ ਦੇ ਡਿਵੀਜ਼ਨ ਬੈਂਚ ਨੇ ਕਿਹਾ ਕਿ ਪਟੀਸ਼ਨ ਦੀ ਪੇਸ਼ਗੀ ਕਾਪੀ ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਅਤੇ ਹੋਰ ਸਬੰਧਤ ਧਿਰਾਂ ਦੇ ਵਕੀਲ ਨੂੰ ਦਿੱਤੀ ਜਾਵੇ।
ਪਟੀਸ਼ਨਰ ਅਨੁਭਾ ਸ੍ਰੀਵਾਸਤਵ ਸਹਾਏ ਵੱਲੋਂ ਪੇਸ਼ ਹੋਏ ਵਕੀਲ ਨੇ ਮਾਮਲਾ ਰੱਖਿਆ ਅਤੇ ਬੈਂਚ ਨੂੰ ਤੁਰੰਤ ਸੁਣਵਾਈ ਦੀ ਬੇਨਤੀ ਕੀਤੀ। ਪਟੀਸ਼ਨ ਵਿੱਚ ਸੀਬੀਐੱਸਈ ਅਤੇ ਹੋਰ ਸਿੱਖਿਆ ਬੋਰਡਾਂ ਨੂੰ ਹੋਰ ਤਰੀਕਿਆਂ ਨਾਲ ਪ੍ਰੀਖਿਆ ਕਰਵਾਉਣ ਦੇ ਨਿਰਦੇਸ਼ ਦੇਣ ਦੀ ਬੇਨਤੀ ਕੀਤੀ ਗਈ ਹੈ। ਸੀਬੀਐੱਸਈ ਅਤੇ ਹੋਰ ਸਿੱਖਿਆ ਬੋਰਡਾਂ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਆਫਲਾਈਨ ਮੋਡ ਰਾਹੀਂ ਕਰਵਾਉਣ ਦਾ ਪ੍ਰਸਤਾਵ ਦਿੱਤਾ ਹੈ। ਸੀਬੀਐੱਸਈ ਨੇ 26 ਅਪਰੈਲ ਤੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਕਰਵਾਉਣ ਦਾ ਫੈਸਲਾ ਕੀਤਾ ਹੈ।