ਬਿਊਰੋ ਰਿਪੋਰਟ (7 ਨਵੰਬਰ, 2025): ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਮੁਖੀ ਅੰਮ੍ਰਿਤਪਾਲ ਸਿੰਘ ’ਤੇ ਲਾਗੂ ਕੀਤੇ ਗਏ ਨੈਸ਼ਨਲ ਸਕਿਓਰਿਟੀ ਐਕਟ (NSA) ਨੂੰ ਲੈ ਕੇ ਅੱਜ, ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਵੇਗੀ। ਇਸ ਸਬੰਧ ਵਿੱਚ ਸੰਸਦ ਮੈਂਬਰ ਅੰਮ੍ਰਿਤਪਾਲ ਨੇ ਖ਼ੁਦ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਫਰੀਦਕੋਟ ਦੇ ਗੁਰਪ੍ਰੀਤ ਸਿੰਘ ਹਰੀਨੌ ਦੇ ਕਤਲ ਕੇਸ ਵਿੱਚ ਤੀਜੀ ਵਾਰ NSA ਲਗਾਉਣ ਨੂੰ ਚੁਣੌਤੀ ਦਿੱਤੀ ਹੈ।
ਅੰਮ੍ਰਿਤਪਾਲ ਸਿੰਘ ਦੇ ਵਕੀਲਾਂ ਦੀ ਦਲੀਲ ਹੈ ਕਿ NSA ਲਗਾਉਣਾ ਉਨ੍ਹਾਂ ਦੀ ਨਿੱਜੀ ਆਜ਼ਾਦੀ ਦੀ ਉਲੰਘਣਾ ਹੈ ਅਤੇ ਉਨ੍ਹਾਂ ਦੀ ਹਿਰਾਸਤ ਖ਼ਤਮ ਕੀਤੀ ਜਾਣੀ ਚਾਹੀਦੀ ਹੈ।
ਅੰਮ੍ਰਿਤਪਾਲ ਦੀ ਪਟੀਸ਼ਨ ਵਿੱਚ ਇਹ ਵੀ ਮੰਗ ਕੀਤੀ ਗਈ ਹੈ ਕਿ ਉਨ੍ਹਾਂ ਨੂੰ ਸੰਸਦ ਦੇ ਸੈਸ਼ਨਾਂ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ, ਜਿਸ ਨੂੰ ਉਨ੍ਹਾਂ ਦੀ ਮੌਜੂਦਾ ਹਿਰਾਸਤ ਕਾਰਨ ਰੋਕਿਆ ਗਿਆ ਹੈ। ਪਟੀਸ਼ਨ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਇੱਕ ਸੰਸਦ ਮੈਂਬਰ ਦੇ ਕੰਮਕਾਜ ਨੂੰ ਰੋਕਣਾ ਉਨ੍ਹਾਂ ਦੇ ਚੋਣ ਖੇਤਰ ਦੇ ਜਮਹੂਰੀ (ਲੋਕਤੰਤਰੀ) ਅਧਿਕਾਰਾਂ ਦੀ ਉਲੰਘਣਾ ਕਰਨਾ ਹੈ।
ਦੱਸ ਦੇਈਏ ਜਿਸ ਕਤਲ ਕਾਂਡ ਨੂੰ ਲੈ ਕੇ ਸੰਸਦ ਮੈਂਬਰ ਅੰਮ੍ਰਿਤਪਾਲ ’ਤੇ NSA ਵਧਾਇਆ ਗਿਆ ਹੈ, ਉਹ ਮਾਮਲਾ 9 ਅਕਤੂਬਰ 2024 ਦਾ ਹੈ। ਪੁਲਿਸ ਦੀ SIT ਦੀ ਜਾਂਚ ਵਿੱਚ ਕਤਲ ਦੀ ਸਾਜ਼ਿਸ਼ ਵਿੱਚ ਅੱਤਵਾਦੀ ਅਰਸ਼ ਡੱਲਾ ਦੇ ਨਾਲ ਅੰਮ੍ਰਿਤਪਾਲ ਸਿੰਘ ਦਾ ਨਾਂ ਵੀ ਸਾਹਮਣੇ ਆਇਆ ਸੀ। ਸਾਂਸਦ ਅੰਮ੍ਰਿਤਪਾਲ ਸਿੰਘ ਇਸ ਸਮੇਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ।

