Punjab

ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸਕੂਲਾਂ ਸਬੰਧੀ ਵੱਡਾ ਫ਼ੈਸਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਸਕੂਲ ਬੰਦ ਨਹੀਂ ਹੋਣਗੇ। ਸਿੰਗਲਾ ਨੇ ਕਿਹਾ ਕਿ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਨੂੰ ਟੀਕਾ ਲਗਾਇਆ ਜਾਵੇਗਾ। ਸਿੰਗਲਾ ਨੇ ਦੱਸਿਆ ਕਿ ਲੁਧਿਆਣਾ ਵਿੱਚ ਟੈਸਟਿੰਗ ਦੌਰਾਨ 20 ਬੱਚੇ ਕਰੋਨਾ ਪਾਜ਼ੀਟਿਵ ਪਾਏ ਗਏ ਸਨ, ਪਰ ਹੋਰ ਥਾਂਵਾਂ ‘ਤੇ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ।

ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸਿੱਖਿਆ ਵਿਭਾਗ ਲਗਾਤਾਰ ਵੱਖ-ਵੱਖ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਦੇ ਸੰਪਰਕ ਵਿੱਚ ਹੈ। ਡਿਪਟੀ ਕਮਿਸ਼ਨਰ ਲਗਾਤਾਰ ਸਕੂਲਾਂ ਦੀ ਨਿਗਰਾਨੀ ਕਰ ਰਹੇ ਹਨ। ਜੇ ਹੋਰ ਮਾਮਲੇ ਸਾਹਮਣੇ ਆਉਂਦੇ ਹਨ ਤਾਂ ਸਕੂਲ ਨੂੰ ਬੰਦ ਕਰਨ ਬਾਰੇ ਵਿਚਾਰ ਕੀਤਾ ਜਾ ਸਕਦਾ ਹੈ।

ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਸਕੂਲਾਂ ਵਿੱਚ ਰੋਜ਼ਾਨਾ ਟੈਸਟ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਲ੍ਹਿਆਂ ਵਿੱਚ ਡੀਸੀ ਨੂੰ ਸਕੂਲ ਸਟਾਫ ਦਾ ਟੀਕਾਕਰਣ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਦੇ ਲਈ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲਾਂ ਵਿੱਚ ਟੀਕਾਕਰਨ ਕੈਂਪ ਲਗਾਉਣ ਲਈ ਕਿਹਾ ਗਿਆ ਹੈ। ਜਲੰਧਰ ਵਿੱਚ ਡੀਸੀ ਘਣਸ਼ਿਆਮ ਥੋਰੀ ਨੇ ਪ੍ਰਾਈਵੇਟ ਤੇ ਸਰਕਾਰੀ ਸਕੂਲਾਂ ਵਿੱਚ ਸਮੁੱਚੇ ਸਟਾਫ ਦਾ ਟੀਕਾਕਰਨ 31 ਅਗਸਤ ਤੱਕ ਮੁਕੰਮਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਇਸ ਤੋਂ ਬਾਅਦ ਟੀਕਾ ਨਾ ਲਗਵਾਉਣ ਵਾਲੇ ਸਟਾਫ਼ ਨੂੰ ਸਕੂਲ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।