‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਸੋਮਵਾਰ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੁੱਲ੍ਹਣ ਜਾ ਰਹੇ ਹਨ। ਪੰਜਾਬ ਸਰਕਾਰ ਨੇ ਕੋਰੋਨਾ ਦੇ ਘੱਟ ਰਹੇ ਮਾਮਲਿਆਂ ਦੇ ਮੱਦੇਨਜ਼ਰ ਹੁਣ ਸੂਬੇ ਭਰ ਵਿੱਚ ਸਕੂਲ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਹੈ। ਸਕੂਲਾਂ ਵਿੱਚ ਕੋਵਿਡ ਨਿਯਮਾਂ ਦੀ ਪਾਲਣਾ ਕਰਨਾ ਯਕੀਨੀ ਹੋਵੇਗਾ। ਗ੍ਰਹਿ ਮੰਤਰਾਲੇ ਵੱਲੋਂ ਇਸ ਸਬੰਧੀ ਆਗਿਆ ਦੇ ਦਿੱਤੀ ਗਈ ਹੈ।
ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 26 ਜੁਲਾਈ ਤੋਂ 10ਵੀਂ, 11ਵੀਂ ਅਤੇ 12ਵੀਂ ਜਮਾਤ ਤੱਕ ਸਕੂਲ ਖੋਲ੍ਹਣ ਦੇ ਹੁਕਮ ਦਿੱਤੇ ਸਨ। ਸਿਰਫ ਉਨ੍ਹਾਂ ਅਧਿਆਪਕਾਂ ਅਤੇ ਸਟਾਫ ਨੂੰ ਫਿਜ਼ੀਕਲੀ ਹਾਜ਼ਰ ਹੋਣ ਦੀ ਆਗਿਆ ਹੋਵੇਗੀ, ਜਿਨ੍ਹਾਂ ਦਾ ਪੂਰੀ ਤਰ੍ਹਾਂ ਟੀਕਾਕਰਨ ਹੋਇਆ ਹੋਵੇਗਾ। ਸਾਰਿਆਂ ਅਧਿਆਪਕਾਂ ਨੂੰ ਕੋਰੋਨਾ ਟੀਕੇ ਦੀਆਂ ਦੋ ਡੋਜ਼ਾਂ ਲਗਵਾਉਣੀਆਂ ਲਾਜ਼ਮੀ ਹੋਣਗੀਆਂ। ਕੈਪਟਨ ਸਰਕਾਰ ਨੇ ਦਾਅਵਾ ਕੀਤਾ ਸੀ ਕਿ ਜੇ ਹਾਲਾਤ ਕਾਬੂ ਵਿੱਚ ਰਹੇ ਤਾਂ 2 ਅਗਸਤ ਤੋਂ ਬਾਕੀ ਕਲਾਸਾਂ ਵੀ ਸ਼ੁਰੂ ਕੀਤੀਆਂ ਜਾਣਗੀਆਂ। ਅਤੇ ਹੁਣ 2 ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੁੱਲ੍ਹਣ ਜਾ ਰਹੇ ਹਨ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ 10 ਅਗਸਤ ਤੋਂ ਕੋਰੋਨਾ ਪਾਬੰਦੀਆਂ ਵਧਾ ਦਿੱਤੀਆਂ ਹਨ। ਪੰਜਾਬ ਵਿੱਚ ਪਹਿਲਾਂ ਤੋਂ ਲਾਗੂ ਪਾਬੰਦੀਆਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ।