ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਚੰਡੀਗੜ੍ਹ ਇਕਾਈ ਵੱਲੋਂ ਅੱਜ ਕਰਵਾਏ ਇੱਕ ਸੈਮੀਨਾਰ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਕੇਂਦਰ ਦੇ ਕਬਜ਼ੇ ਤੋਂ ਮੁਕਤ ਕਰਾਉਣ ਦੀ ਵਕਾਲਤ ਕੀਤੀ ਗਈ। ਬੁਲਾਰਿਆਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਨੂੰ ਪੰਜਾਬ ਲੈਜ਼ਿਸਲੇਟਿਵ ਐਕਟ ਵਿੱਚੋਂ ਬਾਹਰ ਕੱਢ ਕੇ ਸੂਬਾ ਪੱਧਰ ਉੱਤੇ ਚੋਣਾਂ ਕਰਾਈਆਂ ਜਾਣ। ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਥਕ ਮੁੱਦੇ, ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਅਤੇ ਪੰਜਾਬ ਦੇ ਮਸਲਿਆਂ ਬਾਰੇ ਇੱਕ ਸੈਮੀਨਾਰ ਕਰਾਇਆ ਗਿਆ।

ਸੰਗਰੂਰ ਤੋਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਦੇ ਬੇਟੇ ਈਮਾਨ ਸਿੰਘ ਮਾਨ ਨੂੰ ਸਿੱਖ ਮਸਲਿਆਂ ਬਾਰੇ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਲਟਕਾਏ ਜਾਣ ਉੱਤੇ ਚਿੰਤਾ ਦਾ ਪ੍ਰਗਟਾਵਾ ਕੀਤਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਸਿਮਰਨਜੀਤ ਸਿੰਘ ਦਾ ਕਹਿਣਾ ਸੀ ਕਿ ਕਮੇਟੀ ਉੱਤੇ ਕੇਂਦਰੀ ਗ੍ਰਹਿ ਮੰਤਰਾਲੇ ਦਾ ਕਬਜ਼ਾ ਖ਼ਤਮ ਹੋਣਾ ਚਾਹੀਦਾ ਹੈ। ਪਰ ਇਹਦੇ ਲਈ ਵਿਦੇਸ਼ ਸਮੇਤ ਹੋਰ ਕਈ ਸਿੱਖ ਸ਼ਖਸੀਅਤਾਂ ਨੂੰ ਸ਼ਾਮਿਲ ਕੀਤਾ ਜਾਣਾ ਚਾਹੀਦਾ ਹੈ। ਇਸ ਵੇਲੇ ਸ਼੍ਰੋਮਣੀ ਕਮੇਟੀ ਦੇ 170 ਮੈਂਬਰ ਚੁਣੇ ਜਾਂਦੇ ਹਨ ਜਦਕਿ 15 ਹੋਰ ਨਾਮਜ਼ਦ ਹੁੰਦੇ ਆ ਰਹੇ ਹਨ। ਇਸ ਤੋਂ ਬਿਨਾਂ ਪੰਜ ਤਖ਼ਤਾਂ ਦੇ ਜਥੇਦਾਰ ਅਹੁਦੇ ਕਰਕੇ ਮੈਂਬਰ ਹੋਇਆ ਕਰਦੇ ਹਨ। ਦਲ ਖ਼ਾਲਸਾ ਦੇ ਪਰਮਜੀਤ ਸਿੰਘ ਮੰਡ ਨੇ ਕਿਹਾ ਕਿ ਸਿੱਖ ਮਸਲਿਆਂ ਦਾ ਹੱਲ ਉਨ੍ਹਾਂ ਦੀ ਆਜ਼ਾਦੀ ਨਾਲ ਜੁੜਿਆ ਹੋਇਆ ਹੈ।

ਦਲ ਦੇ ਜਨਰਲ ਸਕੱਤਰ ਪ੍ਰੋ.ਮਹਿੰਦਰਪਾਲ ਸਿੰਘ ਪਟਿਆਲਾ ਅਤੇ ਇੱਕ ਹੋਰ ਬੁਲਾਰੇ ਮਾਲਵਿੰਦਰ ਸਿੰਘ ਮਾਲੀ ਨੇ ਸ਼੍ਰੋਮਣੀ ਕਮੇਟੀ ਵਿੱਚ ਸਮੇਂ ਸਮੇਂ ਉੱਤੇ ਤਬਦੀਲੀਆਂ ਦੀ ਲੋੜ ਉੱਤੇ ਜ਼ੋਰ ਦਿੱਤਾ। ਉਨ੍ਹਾਂ ਦਾ ਕਹਿਣਾ ਸੀ ਕਿ ਸ਼੍ਰੋਮਣੀ ਕਮੇਟੀ ਪਰਿਵਾਰਵਾਦ ਤੋਂ ਮੁਕਤ ਹੋਣੀ ਚਾਹੀਦੀ ਹੈ। ਅੱਜ ਦੇ ਸਮਾਗਮ ਨੂੰ ਵਕੀਲ ਅਮਰ ਸਿੰਘ ਚਾਹਲ ਅਤੇ ਮੈਂਬਰ ਪਾਰਲੀਮੈਂਟ ਸਿਮਰਨਜੀਤ ਸਿੰਘ ਮਾਨ ਦੇ ਨਿੱਜੀ ਸਕੱਤਰ ਗੁਰਜੰਟ ਸਿੰਘ ਕੱਟੂ ਨੇ ਵੀ ਸੰਬੋਧਨ ਕੀਤਾ।

ਇੱਥੇ ਦੱਸਣਾ ਜ਼ਰੂਰੀ ਹੈ ਕਿ ਵੱਖ ਵੱਖ ਪੰਥਕ ਜਥੇਬੰਦੀਆਂ ਵੱਲੋਂ 15 ਸਤੰਬਰ ਨੂੰ ਜਮਹੂਰੀਅਤ ਦਿਵਸ ਉੱਤੇ ਅੰਮ੍ਰਿਤਸਰ ਮੰਜੀ ਸਾਹਿਬ ਹਾਲ ਵਿਖੇ ਇੱਕ ਵੱਡਾ ਇਕੱਠ ਰੱਖਿਆ ਗਿਆ ਹੈ ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅਤੇ ਸਿੱਖ ਮਸਲਿਆਂ ਉੱਤੇ ਗੱਲ ਹੋਵੇਗੀ। ਦਲ ਦੀ ਚੰਡੀਗੜ੍ਹ ਇਕਾਈ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਲੋਕਤੰਤਰ ਵਿੱਚ ਚੋਣਾਂ ਦੀ ਵੱਡੀ ਅਹਿਮੀਅਤ ਹੈ।