Punjab

ਅਟਵਾਲ ਨੇ ਛੱਡੀ ਸ਼੍ਰੋਮਣੀ ਅਕਾਲੀ ਦਲ ਪਾਰਟੀ

Senior Akali leader Charanjit Singh Atwal left Shiromani Akali Dal

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਸੀਨੀਅਰ ਅਕਾਲੀ ਲੀਡਰ ਚਰਨਜੀਤ ਸਿੰਘ ਅਟਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਟਵਾਲ ਨੇ ਆਪਣਾ ਅਸਤੀਫ਼ਾ ਪਾਰਟੀ ਪ੍ਰਧਾਨ ਨੂੰ ਭੇਜ ਦਿੱਤਾ ਹੈ। ਚਰਨਜੀਤ ਸਿੰਘ ਅਟਵਾਲ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਚਰਨਜੀਤ ਸਿੰਘ ਅਟਵਾਲ ਦੇ ਬੇਟੇ ਇੰਦਰ ਇਕਬਾਲ ਸਿੰਘ ਅਟਵਾਲ ਨੇ ਬੀਜੇਪੀ ਦੇ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਹੈ।

ਅਟਵਾਲ ਦੇ ਅਸਤੀਫ਼ੇ ਤੋਂ ਬਾਅਦ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਜਦੋਂ ਤੋਂ ਇੰਦਰ ਇਕਬਾਲ ਸਿੰਘ ਅਟਵਾਲ ਭਾਜਪਾ ਵਿੱਚ ਸ਼ਾਮਿਲ ਹੋਏ ਸਨ, ਸਾਨੂੰ ਉਦੋਂ ਤੋਂ ਹੀ ਪਤਾ ਲੱਗ ਗਿਆ ਸੀ। ਇੰਦਰ ਇਕਬਾਲ ਸਿੰਘ ਅਟਵਾਲ ਨੂੰ ਬੀਜੇਪੀ ਵਿੱਚ ਸ਼ਾਮਿਲ ਕਰਵਾਉਣ ਵਾਲੇ ਚਰਨਜੀਤ ਸਿੰਘ ਅਟਵਾਲ ਹੀ ਸਨ। ਅਸੀਂ ਉਨ੍ਹਾਂ ਦਾ ਹਮੇਸ਼ਾ ਸਤਿਕਾਰ ਕਰਦੇ ਰਹਾਂਗੇ ਕਿਉਂਕਿ ਉਹ ਸਾਡੇ ਬਜ਼ੁਰਗ ਹਨ। ਚਰਨਜੀਤ ਸਿੰਘ ਅਟਵਾਲ ਰਾਜਪਾਲ ਬਣਨ ਲਈ ਗਏ ਹਨ ਕਿਉਂਕਿ ਉਹ ਬੜੇ ਲੰਮੇ ਸਮੇਂ ਤੋਂ ਰਾਜਪਾਲ ਬਣਨਾ ਚਾਹੁੰਦੇ ਸਨ।

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਭਾਰਤੀ ਜਨਤਾ ਪਾਰਟੀ ਨੇ ਅਕਾਲੀ ਦਲ ਦੇ ਸਾਬਕਾ ਵਿਧਾਇਕ ਇੰਦਰ ਇਕਬਾਲ ਸਿੰਘ ਅਟਵਾਲ ਨੂੰ ਆਪਣਾ ਉਮੀਦਵਾਰ ਬਣਾਇਆ ਹੈ। ਉਹ ਕੁਝ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸਨ। ਉਹ ਲੁਧਿਆਣਾ ਦੇ ਹਲਕਾ ਕੂੰਮ ਕਲਾਂ ਤੋਂ ਅਕਾਲੀ ਦਲ ਦੇ ਸਾਬਕਾ ਵਿਧਾਇਕ ਰਹੇ ਹਨ।

ਇੰਦਰ ਇਕਬਾਲ ਨੇ 2002 ਵਿਚ ਲੁਧਿਆਣਾ ਦੇ ਹਲਕਾ ਕੂੰਮ ਕਲਾਂ ਤੋਂ ਰਾਜ ਵਿਧਾਨ ਸਭਾ ਚੋਣ ਜਿੱਤੀ ਸੀ ਪਰ 2007 ਅਤੇ 2017 ਦੀਆਂ ਚੋਣਾਂ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ। ਉਹ ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਹਨ।  ਦੱਸ ਦੇਈਏ ਕਿ 2004 ਤੋਂ 2009 ਤੱਕ ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਅਟਵਾਲ ਨੇ ਜਲੰਧਰ ਹਲਕੇ ਤੋਂ ਕਾਂਗਰਸ ਦੇ ਸੰਤੋਖ ਸਿੰਘ ਚੌਧਰੀ ਵਿਰੁੱਧ 2019 ਦੀਆਂ ਲੋਕ ਸਭਾ ਚੋਣਾਂ ਲੜੀਆਂ। ਉਹ ਦੋ ਵਾਰ ਕਰਤਾਰਪੁਰ ਅਤੇ ਫਿਲੌਰ ਹਲਕਿਆਂ ਤੋਂ ਵਿਧਾਨ ਸਭਾ ਚੋਣਾਂ ਲੜੇ।