The Khalas Tv Blog International ਜੌਹਲ ਦੀ ਗ੍ਰਿਫ਼ਤਾਰੀ ਮਾਮਲੇ ‘ਚ ਨਵਾਂ ਮੋੜ, ਬ੍ਰਿਟੇਨ ਦੀਆਂ ਖੁਫੀਆ ਏਜੰਸੀਆਂ ‘ਤੇ ਲੱਗੇ ਇਹ ਵੱਡੇ ਦੋਸ਼
International Punjab

ਜੌਹਲ ਦੀ ਗ੍ਰਿਫ਼ਤਾਰੀ ਮਾਮਲੇ ‘ਚ ਨਵਾਂ ਮੋੜ, ਬ੍ਰਿਟੇਨ ਦੀਆਂ ਖੁਫੀਆ ਏਜੰਸੀਆਂ ‘ਤੇ ਲੱਗੇ ਇਹ ਵੱਡੇ ਦੋਸ਼

Jagtar singh johal

ਜਗਤਾਰ ਸਿੰਘ ਜੌਹਲ ਦੀ ਫਾਈਲ ਤਸਵੀਰ

ਚੰਡੀਗੜ੍ਹ : ਬ੍ਰਿਟੇਨ ਦੀ ਖੁਫੀਆ ਏਜੰਸੀਆਂ ਉੱਤੇ ਭਾਰਤੀ ਮੂਲ ਦੇ ਇੱਕ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ (Jagtar Singh Johal) ਦੇ ਬਾਰੇ ਭਾਰਤੀ ਅਧਿਕਾਰੀਆਂ ਨੂੰ ਗੁਪਤ ਜਾਣਕਾਰੀਆਂ ਦੇਣ ਦੇ ਦੋਸ਼ ਲੱਗੇ ਹਨ। ਇਹ ਦਾਅਵਾ ਮਨੁੱਖੀ ਅਧਿਕਾਰ ਸੰਸਥਾ ਰੀਪ੍ਰੀਵ(Reprieve) ਨੇ ਕੀਤਾ ਹੈ, ਜਿਸ ਮੁਤਾਬਕ ਬ੍ਰਿਟਿਸ ਖੁਫੀਆ ਏਜੰਸੀਆਂ ਵੱਲੋਂ ਗੈਰ ਕਾਨੂੰਨੀ ਢੰਗ ਨਾਲ ਮੁਹੱਈਆ ਕਰਵਾਈ ਗਈ ਜਾਣਕਾਰੀ ਦੇ ਆਧਾਰ ਉੱਤੇ ਹੀ ਪੰਜਾਬ ਪੁਲਿਸ ਨੇ ਜਗਤਾਰ ਸਿੰਘ ਜੌਹਲ ਨੂੰ ਅਗਵਾ ਕਰਕੇ ਤਸੀਹੇ ਦਿੱਤੇ। ਬੀਬੀਸੀ ਦੀ ਰਿਪੋਰਟ ਮੁਤਾਬਕ ਮਨੁੱਖੀ ਅਧਿਕਾਰ ਸੰਸਥਾ ਰੀਪ੍ਰੀਵ ਵੱਲੋਂ ਸਾਂਝੇ ਕੀਤੇ ਗਏ ਦਸਤਾਵੇਜ਼ ਵਿੱਚ ਇਸ ਗੱਲ ਦੇ ਪੱਕੇ ਸਬੂਤ ਹਨ ਕਿ ਜੌਹਲ ਦੀ ਗ੍ਰਿਫ਼ਤਾਰੀ ਬ੍ਰਿਟਿਸ਼ ਦੀ ਖੁਫੀਆ ਏਜੰਸੀ ਦੀ ਜਾਣਕਾਰੀ ਤੋਂ ਬਾਅਦ ਕੀਤੀ ਗਈ ਸੀ। ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਇਨ੍ਹਾਂ ਦਸਤਾਵੇਜ਼ਾਂ ਨੂੰ ਲੈ ਕੇ ਯੂਕੇ ਸਰਕਾਰ ਨੇ ਕੋਈ ਵੀ ਟਿੱਪਣੀ ਕਰਨ ਤੋੇਂ ਇਨਕਾਰ ਕਰ ਦਿੱਤਾ ਹੈ। ਦੱਸ ਦੇਈਏ ਕਿ ਜੌਹਲ ਨੂੰ ਅਗਲੇ ਮਹੀਨੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਜੇ ਦੋਸ਼ ਸਾਬਿਤ ਹੋਏ ਤਾਂ ਜੌਹਲ ਨੂੰ ਮੌਤ ਦੀ ਸਜ਼ਾ ਵੀ ਮਿਲ ਸਕਦੀ ਹੈ।

ਰੀਪ੍ਰੀਵ ਦੀ ਰਿਪੋਰਟ ਨੇ ਕੀਤੇ ਇਹ ਖੁਲਾਸੇ

ਰੀਪ੍ਰੀਵ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜੌਹਲ ਦੇ ਕੇਸ ਨਾਲ ਸਬੰਧਤ ਕਈ ਜਾਣਕਾਰੀਆਂ ਨੂੰ ਖੁਫੀਆ ਏਜੰਸੀਆਂ ਦੀ ਨਿਗਰਾਨੀ ਕਰਨ ਵਾਲੇ ਨਿਗਰਾਨੀ ਸਮੂਹ ਵੱਲੋਂ ਤਿਆਰ ਇੱਕ ਰਿਪੋਰਟ ਨਾਲ ਮਿਲਾਇਆ ਹੈ ਅਤੇ ਉਹ ਜਾਣਕਾਰੀਆਂ ਰਿਪੋਰਟ ‘ਚ ਦਰਜ ਦੁਰਵਿਵਹਾਰ ਦੇ ਇੱਕ ਖਾਸ ਦਾਅਵੇ ਨਾਲ ਮੇਲ ਖਾਂਦੀਆਂ ਹਨ। ਨਵੈਸਟੀਗੇਟਰੀ ਪਾਵਰਜ਼ ਕਮਿਸ਼ਨਰ ਆਫਿਸ (ਆਈਪੀਸੀਓ) ਦੀ ਰਿਪੋਰਟ ਕਹਿੰਦੀ ਹੈ, “ਜਾਂਚ ਦੇ ਦੌਰਾਨ, ਐੱਮਆਈ5 ਨੇ ਸੀਕ੍ਰੇਟ ਇੰਟੈਲੀਜੈਂਸ ਸਰਵਿਸ (ਐੱਮਆਈ6) ਰਾਹੀਂ ਇੱਕ ਪਾਰਟਨਰ ਦੇਸ਼ ਨੂੰ ਖੁਫੀਆ ਜਾਣਕਾਰੀ ਦਿੱਤੀ। ਰਿਪੋਰਟ ਵਿੱਚ ਜਗਤਾਰ ਸਿੰਘ ਜੌਹਲ ਦਾ ਨਾਮ ਨਹੀਂ ਹੈ, ਪਰ ਰੀਪ੍ਰੀਵ ਦੇ ਜਾਂਚਕਰਤਾ ਇਸ ਗੱਲ ‘ਤੇ ਜ਼ੋਰ ਦੇ ਰਹੇ ਹਨ ਕਿ ਸਬੰਧਤ ਮਿਤੀਆਂ, ਬ੍ਰਿਟਿਸ਼ ਪ੍ਰਧਾਨ ਮੰਤਰੀਆਂ ਦੁਆਰਾ ਕੀਤੀ ਗਈ ਲਾਬਿੰਗ ਅਤੇ ਭਾਰਤੀ ਪ੍ਰੈਸ ਵਿੱਚ ਛਪੇ ਸਹਾਇਕ ਸਬੂਤਾਂ ਦੇ ਵੇਰਵਿਆਂ ਕਾਰਨ ਇਸ ਰਿਪੋਰਟ ਦੇ ਤੱਥ ਜੌਹਲ ਦੇ ਕੇਸ ਨਾਲ ਮੇਲ ਖਾਂਦੇ ਹਨ। ਬ੍ਰਿਟੇਨ ਵਿੱਚ ਸਕਾਟਲੈਂਡ ਦੇ ਡੰਬਟਰਨ ਸ਼ਹਿਰ ਵਿੱਚ ਰਹਿਣ ਵਾਲੇ ਜਗਤਾਰ ਸਿੰਘ ਜੌਹਲ ਪੰਜ ਸਾਲ ਪਹਿਲਾਂ ਨਵੰਬਰ 2017 ਵਿੱਚ ਭਾਰਤ ਆਇਆ ਸੀ। ਜੌਹਲ ਦੇ ਪਰਿਵਾਰ ਦਾ ਦੋਸ਼ ਹੈ ਕਿ ਉਸ ਸਮੇਂ ਉਨ੍ਹਾਂ ਨੂੰ ਇੱਕ ਅਣਪਛਾਤੀ ਕਾਰ ਵਿੱਚ ਜ਼ਬਰਦਸਤੀ ਬਿਠਾ ਕੇ ਹਿਰਾਸਤ ਵਿੱਚ ਲਿਆ ਗਿਆ ਸੀ ਅਤੇ ਹੁਣ ਉਹ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਬੰਦ ਹੈ।

ਜੌਹਲ ਨੇ ਪੁਲਿਸ ਉੱਤੇ ਹਿਰਾਸਤ ਦੌਰਾਨ ਉਸ ਨਾਲ ਕਈ ਦਿਨਾਂ ਤੱਕ ਤਸ਼ੱਦਦ ਕਰਨ ਅਤੇ ਬਿਜਲੀ ਦੇ ਝਟਕੇ ਦੇਣ ਦੇ ਦੋਸ਼ ਲਗਾਏ। ਬ੍ਰਿਟੇਨ ਦੇ ਕਈ ਪ੍ਰਧਾਨ ਮੰਤਰੀਆਂ ਨੇ ਭਾਰਤ ਸਰਕਾਰ ਦੇ ਨਾਲ ਜੌਹਲ ਦਾ ਮਾਮਲਾ ਉਠਾਇਆ ਸੀ ਪਰ ਭਾਰਤ ਸਰਕਾਰ ਨੇ ਜੌਹਲ ਦੇ ਨਾਲ ਬੁਰਾ ਵਿਵਹਾਰ ਕਰਨ ਦੇ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ।  ਜੌਹਲ ‘ਤੇ ਕਤਲ ਦੀ ਸਾਜ਼ਿਸ਼ ਰਚਣ ਅਤੇ ਇੱਕ ਅੱਤਵਾਦੀ ਸੰਗਠਨ ਦਾ ਮੈਂਬਰ ਹੋਣ ਦੇ ਇਲਜ਼ਾਮ ਲਗਾਏ ਗਏ ਸਨ।

ਜਗਤਾਰ ਸਿੰਘ ਜੌਹਲ ਨੇ ਬ੍ਰਿਟੇਨ ਦੇ ਵਿਦੇਸ਼ ਮੰਤਰਾਲੇ, ਗ੍ਰਹਿ ਮੰਤਰਾਲੇ ਅਤੇ ਅਟਾਰਨੀ ਜਨਰਲ ਦੇ ਖ਼ਿਲਾਫ਼ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਦਿਆਂ ਇਲਜ਼ਾਮ ਲਾਇਆ ਸੀ ਕਿ ਯੂਕੇ ਦੀਆਂ ਖੁਫੀਆ ਏਜੰਸੀਆਂ ਨੇ ਗੈਰ-ਕਾਨੂੰਨੀ ਢੰਗ ਨਾਲ ਭਾਰਤੀ ਅਧਿਕਾਰੀਆਂ ਨਾਲ ਜਾਣਕਾਰੀ ਸਾਂਝੀ ਕੀਤੀ। ਰੀਪ੍ਰੀਵ ਦਾ ਕਹਿਣਾ ਹੈ ਕਿ ਇਹ ਕੇਸ ਦਿਖਾਉਂਦਾ ਹੈ ਕਿ ਬਰਤਾਨਵੀ ਸਰਕਾਰ ਤਸ਼ੱਦਦ ਅਤੇ ਮੌਤ ਦੀ ਸਜ਼ਾ ਬਾਰੇ ਆਪਣੀ ਨੀਤੀ ਵਿੱਚ ਲੰਬੇ ਸਮੇਂ ਤੋਂ ਚੱਲੀਆਂ ਆ ਰਹੀਆਂ ਕਮੀਆਂ ਨੂੰ ਦੂਰ ਕਰਨ ਵਿੱਚ ਅਸਫਲ ਰਹੀ ਹੈ ਅਤੇ ਉਸ ਨੇ ਪਿਛਲੀਆਂ ਅਸਫਲਤਾਵਾਂ ਤੋਂ ਬਹੁਤ ਘੱਟ ਸਿੱਖਿਆ ਹੈ। ਜੇਲ੍ਹ ਜਾਣ ਤੋਂ ਪਹਿਲਾਂ ਜਗਤਾਰ ਸਿੰਘ ਜੌਹਲ ਇੱਕ ਸਰਗਰਮ ਬਲੌਗਰ ਅਤੇ ਮਨੁੱਖੀ ਅਧਿਕਾਰਾਂ ਦੇ ਪ੍ਰਚਾਰਕ ਵਜੋਂ ਕੰਮ ਕਰ ਰਹੇ ਸਨ।

Exit mobile version