‘ਦ ਖ਼ਾਲਸ ਬਿਊਰੋ :- ਕੋਰੋਨਾ ਕਾਰਨ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸ਼੍ਰੀ ਹਰਿਮੰਦਰ ਸਾਹਿਬ ਤੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਸ਼੍ਰੋਮਣੀ ਕਮੇਟੀ ਵੱਲੋਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਉਨ੍ਹਾਂ ਦੀ ਯਾਦਗਾਰ ਬਣਾਉਣ ਬਾਰੇ ਵੀ ਵਿਚਾਰ ਕੀਤਾ ਜਾਵੇਗਾ। ਸ਼੍ਰੀ ਅਕਾਲ ਤਖ਼ਤ ਵੱਲੋਂ ਵੀ ਉਨ੍ਹਾਂ ਨੂੰ ਮਾਣ ਸਨਮਾਨ ਦੇਣ ਬਾਰੇ ਵਿਚਾਰ ਕੀਤਾ ਜਾਵੇਗਾ।
ਅੱਜ ਭਾਈ ਖ਼ਾਲਸਾ ਨਮਿਤ ਅਖੰਡ ਪਾਠ ਦੇ ਭੋਗ ਸ਼੍ਰੋਮਣੀ ਕਮੇਟੀ ਵਲੋਂ ਇੱਥੇ ਗੁਰਦੁਆਰਾ ਸ਼੍ਰੀ ਬਿਬੇਕਸਰ ਸਾਹਿਬ ਵਿਖੇ ਪਾਏ ਗਏ ਹਨ, ਜਿੱਥੇ ਉਨ੍ਹਾਂ ਨਮਿਤ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਲਖਵਿੰਦਰ ਸਿੰਘ ਹਜ਼ੂਰੀ ਰਾਗੀ ਦੇ ਜੱਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ, ਜਦਕਿ ਅਰਦਾਸ ਭਾਈ ਕੁਲਵਿੰਦਰ ਸਿੰਘ ਨੇ ਕੀਤੀ। ਹੁਕਮਨਾਮਾ, ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਲਿਆ। ਇਸ ਮੌਕੇ ਭਾਈ ਨਿਰਮਲ ਸਿੰਘ ਦੇ ਬੇਟੇ ਅਮਿਤੇਸ਼ਵਰ ਸਿੰਘ ਨੂੰ ਸ਼੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੀ ਅਕਾਲ ਤਖ਼ਤ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਸਤਾਰਾਂ ਭੇਟ ਕੀਤੀਆਂ ਗਈਆਂ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਾਉਣ ਦਾ ਐਲਾਨ ਕਰਦਿਆਂ ਉਨ੍ਹਾਂ ਕਿਹਾ ਕਿ ਸਿੱਖ ਪੰਥ ਨੂੰ ਉਨ੍ਹਾਂ ਦੀ ਘਾਟ ਹਮੇਸ਼ਾਂ ਰੜਕਦੀ ਰਹੇਗੀ। ਉਨ੍ਹਾਂ ਆਖਿਆ ਕਿ ਹਾਲਾਤ ਠੀਕ ਹੋਣ ਮਗਰੋਂ ਭਾਈ ਨਿਰਮਲ ਸਿੰਘ ਖ਼ਾਲਸਾ ਦੀ ਯਾਦਗਾਰ ਬਣਾਉਣ ਬਾਰੇ ਵੀ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਭੇਜਿਆ ਗਿਆ ਸ਼ੋਕ ਸੁਨੇਹਾ ਐੱਸਡੀਐੱਮ ਨੇ ਪਰਿਵਾਰ ਨੂੰ ਸੌਂਪਿਆ, ਜਿਸ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਲੋਹੀਆਂ ਵਿੱਚ ਬਣ ਰਹੀ ਆਈਟੀਆਈ ਦਾ ਨਾਂ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਨਾਂ ’ਤੇ ਰੱਖਿਆ ਜਾਵੇਗਾ। ਇਸੇ ਤਰ੍ਹਾਂ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਆਪਣੇ ਸ਼ੋਕ ਸੁਨੇਹੇ ਵਿੱਚ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ। ਸਮਾਗਮ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ, ਬਾਬਾ ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਵੱਲੋਂ ਵੀ ਪਰਿਵਾਰ ਨੂੰ ਦਸਤਾਰਾਂ ਭੇਜੀਆਂ ਗਈਆਂ ਹਨ।