The Khalas Tv Blog India ਚਾਰ ਸਾਲ ਬਾਅਦ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਹੋਇਆ 3 ਫੀਸਦੀ ਵਾਧਾ
India Punjab

ਚਾਰ ਸਾਲ ਬਾਅਦ ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ’ਚ ਹੋਇਆ 3 ਫੀਸਦੀ ਵਾਧਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਚਾਰ ਸਾਲ ਬਾਅਦ ਕਮੇਟੀ ਦੇ ਮੁਲਾਜ਼ਮਾਂ ਨੂੰ ਮਿਲਦੇ ਮਹਿੰਗਾਈ ਭੱਤੇ ਵਿੱਚ 3 ਫੀਸਦੀ ਵਾਧੇ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ 3 ਫੀਸਦੀ ਵਾਧੇ ਦੇ ਨਾਲ-ਨਾਲ 20 ਹਜ਼ਾਰ ਰੁਪਏ ਤੱਕ ਦੀ ਤਨਖ਼ਾਹ ਵਾਲੇ ਮੁਲਾਜ਼ਮਾਂ ਨੂੰ 1000 ਰੁਪਏ, 20 ਤੋਂ 40 ਹਜ਼ਾਰ ਤੱਕ ਦੀ ਤਨਖ਼ਾਹ ’ਤੇ 500 ਰੁਪਏ ਵਿਸ਼ੇਸ਼ ਭੱਤਾ ਵੀ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੋਰੋਨਾ ਕਾਰਨ ਵਿੱਤੀ ਸੰਕਟ ਬਣਿਆ ਰਿਹਾ, ਪਰ ਫਿਰ ਵੀ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਨਿਰੰਤਰ ਜਾਰੀ ਰੱਖੀਆਂ ਗਈਆਂ। ਉਨ੍ਹਾਂ ਕੋਰੋਨਾ ਦੌਰਾਨ ਮੁਲਾਜ਼ਮਾਂ ਦੇ ਕਾਰਜਾਂ ਦੀ ਸ਼ਲਾਘਾ ਵੀ ਕੀਤੀ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਹ ਵਾਧਾ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਤਾ ਗਿਆ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੀ ਸੰਗਤ ਲਈ ਸਰਾਵਾਂ ਦਾ ਹੋਰ ਵਿਸਥਾਰ ਕਰਨ ਦਾ ਫੈਸਲਾ ਕੀਤਾ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਅਗਵਾਈ ਵਿੱਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਕਰੀਬ 1500 ਕਮਰਿਆਂ ਵਾਲੀ ਇੱਕ ਹੋਰ ਆਧੁਨਿਕ ਸਰਾਂ ਦੇ ਨਿਰਮਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਰਾਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਸਤੇ ’ਤੇ ਘਿਓ ਮੰਡੀ ਚੌਂਕ ਦੇ ਨਜ਼ਦੀਕ ਹੰਸਲੀ ਵਾਲੀ ਜਗ੍ਹਾ ’ਤੇ ਉਸਾਰੀ ਜਾਵੇਗੀ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜਦੀਆਂ ਸੰਗਤਾਂ ਦੇ ਰਹਿਣ ਵਾਸਤੇ ਨਵੀਂ ਤਿਆਰ ਕੀਤੀ ਜਾਣ ਵਾਲੀ ਸਰਾਂ ਦੀ ਕਾਰਸੇਵਾ ਬਾਬਾ ਕਸ਼ਮੀਰ ਸਿੰਘ ਭੂਰੀਵਾਲਿਆਂ ਨੂੰ ਸੌਂਪੀ ਗਈ ਹੈ, ਜਿਸ ਦਾ ਨਿਰਮਾਣ ਕਾਰਜ 1 ਨਵੰਬਰ ਤੋਂ ਸ਼ੁਰੂ ਹੋਵੇਗਾ। ਉਨ੍ਹਾਂ ਦੱਸਿਆ ਕਿ ਤਿਆਰ ਕੀਤੀ ਜਾਣ ਵਾਲੀ ਇਸ ਪੰਜ ਮੰਜ਼ਿਲਾ ਸਰਾਂ ਦੇ ਧਰਾਤਲ ਹਿੱਸੇ ’ਤੇ ਵਾਹਨ ਪਾਰਕਿੰਗ ਬਣਾਈ ਜਾਵੇਗੀ ਅਤੇ ਇਸ ਦੇ ਨਾਲ ਹੀ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਸੰਗਤ ਵੱਲੋਂ ਚੜ੍ਹਾਈਆਂ ਜਾਂਦੀਆਂ ਰਸਦਾਂ ਲਈ ਸਟੋਰ ਵੀ ਤਿਆਰ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਨਜ਼ਦੀਕ ਸ੍ਰੀ ਗੁਰੂ ਰਾਮਦਾਸ ਸਕੂਲ ਦੀ ਪੁਰਾਤਨ ਇਮਾਰਤ ਨੂੰ ਹੂਬਹੂ ਸੰਭਾਲਦਿਆਂ ਉਸ ਦੀ ਮੁਰੰਮਤ ਕਰਵਾਈ ਜਾਵੇਗੀ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਨੇ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਵੱਲੋਂ ਅਧਿਆਤਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਬਾਰੇ ਕੀਤੀ ਗਈ ਬੇਤੁਕੀ ਟਿੱਪਣੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਆਖਿਆ ਕਿ ਕਿਸੇ ਵੀ ਪ੍ਰਚਾਰਕ ਨੂੰ ਇਹ ਹੱਕ ਨਹੀਂ ਹੈ ਕਿ ਉਹ ਸਿੱਖ ਕੌਮ ਦੇ ਇਤਿਹਾਸਕ ਅਸਥਾਨਾਂ ਬਾਰੇ ਮੰਦਾ ਬੋਲੇ। ਢੱਡਰੀਆਂ ਵਾਲੇ ਵੱਲੋਂ ਸਿੰਘੂ ਬਾਰਡਰ ਦੀ ਘਟਨਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਜੋੜ ਕੇ ਸੰਗਤ ਦੀਆਂ ਭਾਵਨਾਵਾਂ ਨੂੰ ਢਾਹ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਰਬਸਾਂਝਾ ਅਸਥਾਨ ਹੈ, ਜਿਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਪੁੱਜਦੇ ਹਨ। ਸੰਗਤਾਂ ਵਿਚ ਇਸ ਪਾਵਨ ਅਸਥਾਨ ਪ੍ਰਤੀ ਡਰ ਪੈਦਾ ਕਰਨਾ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਭਾਈ ਰਣਜੀਤ ਸਿੰਘ ਸਿੱਖੀ ਪ੍ਰਚਾਰ ਦੀ ਆੜ ਹੇਠ ਸ਼ਰਧਾ ਨੂੰ ਸੱਟ ਨਾ ਮਾਰਨ ਅਤੇ ਪਾਵਨ ਅਸਥਾਨਾਂ ਦੇ ਇਤਿਹਾਸਕ ਮਹੱਤਵ ਨੂੰ ਵੀ ਅੱਖੋ-ਉਹਲੇ ਨਾ ਕਰਨ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਸਿੰਘੂ ਬਾਰਡਰ ਵਿਖੇ ਵਾਪਰੀ ਘਟਨਾ ਦੀ ਵੀ ਨਿੰਦਾ ਕਰਦਿਆਂ ਇਸ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ। ਉਨ੍ਹਾਂ ਲਖੀਮਪੁਰ ਖੀਰੀ ਘਟਨਾ ਦੀ ਨਿੰਦਾ ਕਰਦਿਆਂ ਪੀੜਤ ਪਰਿਵਾਰਾਂ ਨਾਲ ਖੜ੍ਹਨ ਦੀ ਵਚਨਬੱਧਤਾ ਪ੍ਰਗਟਾਈ।

ਬੀਬੀ ਜਗੀਰ ਕੌਰ ਨੇ ਕੇਂਦਰ ਸਰਕਾਰ ਵੱਲੋਂ ਬੀਐੱਸਐੱਫ ਦਾ ਅਧਿਕਾਰ ਖੇਤਰ ਵਧਾਉਣ ਦੇ ਫੈਸਲੇ ਦੀ ਵੀ ਨਿੰਦਾ ਕੀਤੀ। ਅੰਤ੍ਰਿੰਗ ਕਮੇਟੀ ਨੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੇਵਾ ਸਿੰਘ ਸੇਖਵਾਂ, ਪਾਕਿਸਤਾਨ ’ਚ ਮਾਰੇ ਗਏ ਹਕੀਮ ਸਤਨਾਮ ਸਿੰਘ, ਰਾਗੀ ਭਾਈ ਸੁਰਿੰਦਰ ਸਿੰਘ ਜੋਧਪੁਰੀ, ਜੰਮੂ ਕਸ਼ਮੀਰ ’ਚ ਕਤਲ ਕੀਤੇ ਗਏ ਪ੍ਰਿੰਸੀਪਲ ਬੀਬੀ ਸੁਪਿੰਦਰ ਕੌਰ ਅਤੇ ਲਖੀਮਪੁਰ ਘਟਨਾ ਦੇ ਮ੍ਰਿਤਕ ਕਿਸਾਨਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਜਲੀ ਭੇਟ ਕੀਤੀ।

Exit mobile version