Punjab

ਹੁਣ ਮੁੰਨੀਆਂ-ਗਿੱਚੀਆਂ ਵਾਲੇ ਵੀ ਪਾਉਣ ਲੱਗ ਪਏ ਸ੍ਰੀ ਸਾਹਿਬ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੋਸ਼ਲ ਮੀਡੀਆ ‘ਤੇ ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਵਾਇਰਲ ਹੋ ਰਹੀ ਵੀਡੀਓ ‘ਤੇ ਸਖਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਨੇ ਸ਼ੋਸ਼ਲ ਮੀਡੀਆ ’ਤੇ ਕੇਸ ਰਹਿਤ ਨੌਜਵਾਨ ਵੱਲੋਂ ਕਿਰਪਾਨ ਪਾ ਕੇ ਭੰਗੜਾ ਪਾਉਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਇਹ ਕਾਰਵਾਈ ਸਿੱਖ ਭਾਵਨਾਵਾਂ ਨੂੰ ਭੜਕਾਉਣ ਵਾਲੀ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਬਖਸ਼ੇ ਪੰਜ ਕਕਾਰਾਂ ਵਿੱਚੋਂ ਕਿਰਪਾਨ ਅਣਿਖੜਵਾਂ ਅੰਗ ਹੈ, ਜੋ ਸਿੱਖ ਦੀ ਰਹਿਣੀ ਦਾ ਅਹਿਮ ਹਿੱਸਾ ਹੈ।

ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕੁੱਝ ਕੇਸ ਰਹਿਤ ਨੌਜਵਾਨਾਂ ਵੱਲੋਂ ਮਜ਼ਾਕ ਉਡਾਉਂਦਿਆਂ ਇਸ ਨੂੰ ਪਾ ਕੇ ਭੰਗੜਾ ਪਾਇਆ ਜਾ ਰਿਹਾ ਹੈ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਧਾਮੀ ਨੇ ਕਿਹਾ ਕਿ ਇਸ ਸਬੰਧੀ ਸਾਈਬਰ ਕਰਾਈਮ ਸੈੱਲ ਨੂੰ ਕਾਰਵਾਈ ਲਈ ਲਿਖਿਆ ਜਾ ਰਿਹਾ ਹੈ ਤਾਂ ਕਿ ਇਨ੍ਹਾਂ ਨੌਜਵਾਨਾਂ ਦਾ ਪਤਾ ਲਗਾ ਕੇ ਇਨ੍ਹਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਨੇ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸ਼ਰਾਰਤੀ ਅਨਸਰਾਂ ’ਤੇ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਅੱਗੇ ਤੋਂ ਕੋਈ ਅਜਿਹਾ ਨਾ ਕਰ ਸਕੇ।