India Punjab Religion

ਡਿਬਰੂਗੜ੍ਹ ਜੇਲ੍ਹ ‘ਚ ਭੁੱਖ ਹੜਤਾਲ ‘ਤੇ ਬੈਠੇ ਸਿਖਾਂ ਦੇ ਹੱਕ ‘ਚ ਆਏ SGPC ਅਤੇ ਜਥੇਦਾਰ, ਸਰਕਾਰ ਨੂੰ ਕਹੀ ਇਹ ਗੱਲ…

ਅੰਮ੍ਰਿਤਸਰ : ਸ਼੍ਰੀ ਅਕਾਲ ਤਖ਼ਤ ਸਾਹਿਬ ਦੇ  ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਿੱਖਾਂ ਦੇ ਪਰਿਵਾਰਕ ਮੈਂਬਰਾਂ ਅਤੇ ਵਕੀਲਾਂ ਨੂੰ ਮੁਲਾਕਾਤ ਦੀ ਇਜਾਜ਼ਤ ਨਾ ਦੇਣ ’ਤੇ ਇਤਰਾਜ਼ ਪ੍ਰਗਟ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ ਅਤੇ ਸਾਥੀਆਂ ਵੱਲੋਂ ਸਰਕਾਰਾਂ ਦੇ ਵਤੀਰੇ ਤੋਂ ਦੁਖੀ ਹੋ ਕੇ ਆਪਣੇ ਹੱਕਾਂ ਤੇ ਅਧਿਕਾਰਾਂ ਲਈ ਸ਼ੁਰੂ ‘ ਕੀਤੀ ਭੁੱਖ ਹੜਤਾਲ ਮਨੁੱਖੀ ਅਧਿਕਾਰਾਂ ਦੀ ਉਲੰਘਣਾਂ ਬੇਹੱਦ ਦੁਖਦਾਈ ਹੈ।

ਉਨਾਂ ਨੇ ਕਿਹਾ ਕਿ ਬੀਤੇ ਦਿਨੀਂ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਵੱਲੋਂ ਡਿਬਰੂਗੜ੍ਹ ਜੇਲ ਵਿਖੇ ਭਾਈ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ਅਤੇ ਉਸਦੇ ਵਕੀਲ ਨੂੰ ਮੁਲਾਕਾਤ ਦੀ ਲੋੜੀਂਦੀ ਇਜ਼ਾਜਤ ਨਾ ਦੇਣਾ ਠੀਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੀ ਪਤਾ ਲੱਗਾ ਹੈ ਕਿ ਅੰਮ੍ਰਿਤਸਰ ਜੇਲ੍ਹ ਅਤੇ ਦੇਸ਼ ਦੀਆਂ ਹੋਰ ਜੇਲ੍ਹਾਂ ਵਿਚ ਨਜ਼ਰਬੰਦ ਸਿੰਘਾਂ ਵਿਚੋਂ ਕਈਆਂ ਨੂੰ ਸਿਹਤ ਸਮੱਸਿਆ ਬਣੀ ਹੋਈ ਹੈ ਪਰ ਉਨ੍ਹਾਂ ਨੂੰ ਮੈਡੀਕਲ ਸਿਹਤ ਸੇਵਾਵਾਂ ਵੀ ਠੀਕ ਤਰ੍ਹਾਂ ਨਹੀਂ ਦਿੱਤੀਆਂ ਜਾ ਰਹੀਆਂ।

ਜਥੇਦਾਰ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਦੇਸ਼ ਕੀਤਾ ਕਿ ਤੁਰੰਤ ਹੀ ਇਹ ਮਾਮਲੇ ਮੁੱਖ ਮੰਤਰੀ ਪੰਜਾਬ ਸਰਕਾਰ ਪਾਸ ਉਠਾਏ ਜਾਣ ਤਾਂ ਜੋ ਨਜ਼ਰਬੰਦ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ। ਉਨਾਂ ਨੇ ਪੰਜਾਬ ਸਰਕਾਰ ਨੂੰ ਵੀ ਕਿਹਾ ਕਿ ਉਹ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਨੂੰ ਹਦਾਇਤ ਕਰਨ ਤਾਂ ਜੋ ਨਜ਼ਰਬੰਦ ਸਿੰਘਾਂ ਅਤੇ ਉਨ੍ਹਾਂ ਦੇ ਵਕੀਲਾਂ ਨੂੰ ਮੁਲਾਕਾਤ ਵਾਸਤੇ ਸਮੇਂ-ਸਮੇਂ ‘ਤੇ ਤੁਰੰਤ ਇਜ਼ਾਜਤ ਦਿੱਤੀ ਜਾਵੇ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਮਾਮਲੇ ਨੂੰ ਲੈ ਕੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਤੋਂ ਜਾਰੀ ਇਕ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਡਿਬਰੂਗੜ੍ਹ ਜੇਲ੍ਹ ’ਚ ਕੈਦ ਸਿੱਖਾਂ ਦੇ ਪਰਿਵਾਰਾਂ ਨੂੰ ਮਿਲਣ ਤੋਂ ਰੋਕਣਾ ਮਨੁੱਖੀ ਅਧਿਕਾਰਾਂ ਦਾ ਉਲੰਘਣ ਹੈ।

ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵੱਲੋਂ ਮੁਲਾਕਾਤ ਲਈ ਲੋੜੀਂਦੀ ਆਗਿਆ ਨਾ ਦੇ ਕੇ ਠੀਕ ਨਹੀਂ ਕੀਤਾ ਜਾ ਰਿਹਾ। ਮਨੁੱਖੀ ਅਧਿਕਾਰਾਂ ਤਹਿਤ ਹਰ ਕੈਦੀ ਨਾਲ ਉਸ ਦੇ ਪਰਿਵਾਰਕ ਮੈਂਬਰਾਂ ਅਤੇ ਕੇਸ ਦੀ ਪੈਰਵਾਈ ਕਰਨ ਵਾਲੇ ਵਕੀਲਾਂ ਦੀ ਮੁਲਾਕਾਤ ਦਾ ਹੱਕ ਦਬਾਇਆ ਨਹੀਂ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਸਿੱਖਾਂ ਨੂੰ ਇਨਸਾਫ ਲੈਣ ਲਈ ਭੁੱਖ ਹੜਤਾਲ ਕਰਨੀ ਪੈ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤਰਫੋਂ ਪਹਿਲਾਂ ਤੋਂ ਹੀ ਕਾਨੂੰਨੀ ਸਹਿਯੋਗ ਦੇ ਰਹੇ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੂੰ ਲੋੜੀਂਦੀ ਕਾਰਵਾਈ ਲਈ ਕਿਹਾ ਗਿਆ ਹੈ, ਜੋ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੂੰ ਮਿਲਣਗੇ।

ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਅਣਮਿੱਥੇ ਸਮੇਂ ਦੇ ਲਈ ਹੜ੍ਹਤਾਲ ਸ਼ੁਰੂ ਕਰ ਦਿੱਤੀ ਹੈ ਜਿਸ ਵਿੱਚ ਉਨ੍ਹਾਂ ਦੇ 9 ਸਾਥੀ ਵੀ ਸ਼ਾਮਲ ਹਨ। ਦੂਜੇ ਬੰਨੇ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੇ ਵੀ ਪਤੀ ਦੀ ਹਮਾਇਤੀ ਵਿੱਚ ਜੇਲ੍ਹ ਦੇ ਕੋਲ ਭੁੱਖ ਹੜ੍ਹਤਾਲ ਕਰ ਦਿੱਤੀ ਹੈ ।

ਇਹ ਭੁੱਖ ਹੜ੍ਹਤਾਲ ਉਨ੍ਹਾਂ ਦੇ ਵੱਲੋਂ ਚੁਣੇ ਹੋਏ ਵਕੀਲ ਨੂੰ ਮਿਲਣ ਨਾ ਦੇਣ ਦੇ ਵਿਰੋਧ ਵਿੱਚ ਕੀਤੀ ਗਈ ਹੈ। ਅੰਮ੍ਰਿਤਪਾਲ ਨੂੰ ਕੌਮੀ ਸੁਰੱਖਿਆ ਐਕਟ (NSA) ਵਿੱਚ ਪੰਜਾਬ ਤੋਂ ਗ੍ਰਿਫਤਾਰ ਕੀਤਾ ਗਿਆ ਹੈ । ਜਿਸ ਦੇ ਬਾਅਦ ਉਨ੍ਹਾਂ ਨੂੰ ਅਸਮ ਦੀ ਜੇਲ੍ਹ ਭੇਜ ਦਿੱਤਾ ਗਿਆ ਸੀ । ਕਿਰਨਦੀਪ ਕੌਰ ਨੇ ਦੱਸਿਆ ਸੀ ਕਿ ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਨੂੰ ਉਨ੍ਹਾਂ ਦੇ ਵਕੀਲ ਰਾਜਦੇਵ ਨਾਲ ਨਹੀਂ ਮਿਲਣ ਦਿੱਤਾ ਜਾ ਰਿਹਾ ਹੈ । ਜਦਕਿ ਉਨ੍ਹਾਂ ਨੂੰ ਇਸ ਦਾ ਪੂਰਾ ਹੱਕ ਹੈ । 5 ਦਿਨਾਂ ਵਿੱਚ ਇਸ ਮਾਮਲੇ ਵਿੱਚ ਕੋਈ ਹੱਲ ਨਹੀਂ ਨਿਕਲਿਆ ਹੈ