‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਵਿਖੇ ਪਿਛਲੇ ਦਿਨੀਂ ਸਰੋਵਰ ਵਿੱਚ ਗੁਟਕਾ ਸਾਹਿਬ ਸੁੱਟਣ ਅਤੇ ਇੱਕ ਵਿਅਕਤੀ ਵੱਲੋਂ ਹਰਿਮੰਦਰ ਸਾਹਿਬ ਦੇ ਅੰਦਰ ਜੰਗਲਾਂ ਟੱਪ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇ ਅਦਬੀ ਕਰਨ ਦੀ ਕੋਸ਼ਿਸ਼ ਕਰਨ ਵਰਗੀਆਂ ਘਟ ਨਾਵਾਂ ਨੂੰ ਲੈ ਕੇ ਇੱਕ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਸ ਕਮੇਟੀ ਦੇ ਗਠਨ ਸਬੰਧੀ ਦਫ਼ਤਰੀ ਆਦੇਸ਼ ਜਾਰੀ ਕੀਤੇ ਹਨ।
ਕਮੇਟੀ ਵਿੱਚ ਕੌਣ ਹਨ ਸ਼ਾਮਿਲ ?
ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਕੁਲਵਿੰਦਰ ਸਿੰਘ ਰਮਦਾਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਕਮੇਟੀ ਵਿੱਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਉੱਘੇ ਸਿੱਖ ਵਿਦਵਾਨ ਡਾ. ਇੰਦਰਜੀਤ ਸਿੰਘ ਗੋਗੋਆਣੀ ਨੂੰ ਸ਼ਾਮਲ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ ਨੂੰ ਇਸ ਕਮੇਟੀ ਦੇ ਕੋਆਰਡੀਨੇਟਰ ਲਗਾਇਆ ਹੈ।