India Punjab

SGPC Budget : ਦਿੱਲੀ ਦੇ ਇੱਕ ਸ਼ਰਧਾਲੂ ਨੇ 9 ਕਰੋੜ ਤੋਂ ਵੱਧ ਭੇਟਾ ਗੋਲਕ ‘ਚ ਪਾਈ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਲਾਨਾ ਬਜਟ ਇਜਲਾਸ ਵਿੱਚ ਅੱਜ 9 ਅਰਬ 12 ਕਰੋੜ 59 ਲੱਖ 26 ਹ‍ਜ਼ਾਰ ਰੁਪਏ ਦਾ ਬਜਟ ਪਾਸ ਕੀਤਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਇਹ ਬਜਟ ਇਜਲਾਸ ਹੋਇਆ ਹੈ। ਜਾਣਕਾਰੀ ਮੁਤਾਬਕ ਇਸ ਵਾਰ ਬਜਟ 2021-22 ਵਿੱਚ 40 ਕਰੋੜ 66 ਲੱਖ ਰੁਪਏ ਦਾ ਘਾਟਾ ਪਿਆ ਹੈ। ਪਾਸ ਕੀਤੇ ਗਏ ਬਜਟ ਮੁਤਾਬਕ ਅਨੁਮਾਨਤ ਖਰਚਿਆਂ ਦੇ ਮੁਕਾਬਲਤਨ ਸਾਲ 2021-22 ਦੀ ਕੁਲ ਆਮਦਨ 8 ਅਰਬ 71 ਕਰੋੜ 93 ਲੱਖ 24 ਹਜ਼ਾਰ ਰੁਪਏ ਦੇ ਕਰੀਬ ਹੋਵੇਗੀ। ਇਸ ਤਰ੍ਹਾਂ ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖਰਚਾ ਹੋਣ ਦਾ ਅੰਦਾਜ਼ਾ ਹੈ। 

ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਇਹ ਬਜਟ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਸਾਲ ਦੀ ਅਨੁਮਾਨਤ ਆਮਦਨ 871 ਕਰੋੜ 93 ਲੱਖ ਰੁਪਏ ਹੋਵੇਗੀ। ਗੁਰਦੁਆਰਿਆਂ ਦੀ ਆਮਦਨ ’ਤੇ ਇਹ ਪ੍ਰਭਾਵ ਕਰੋਨਾ ਕਾਰਨ ਪਿਆ ਹੈ, ਜਿਸ ਕਾਰਨ ਬਜਟ ਵੀ ਪ੍ਰਭਾਵਿਤ ਹੋਇਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਮਤਾ ਪਾਸ ਕਰਕੇ ਯੂਐੱਨਓ ਕੋਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨੁੱਖੀ ਅਧਿਕਾਰ ਦਿਵਸ ਵਜੋਂ ਮਨਾਉਣ ਦੀ ਮਾਨਤਾ ਦੇਣ ਦੀ ਮੰਗ ਕੀਤੀ ਗਈ। ਇਜਲਾਸ ਵਿੱਚ ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਗਈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਮਦਨ ਲਈ 647 ਕਰੋੜ ਰੁਪਏ ਦਾ ਟੀਚਾ ਰੱਖਿਆ ਹੈ, ਕਿਉਂਕਿ ਅਸੀਂ ਸੰਗਤ ‘ਤੇ ਨਿਰਭਰ ਕਰਦੇ ਹਾਂ। ਖਰਚੇ ਦਾ ਟੀਚਾ 652 ਕਰੋੜ ਰੁਪਏ ਰੱਖਿਆ ਹੈ।

ਵਿੱਦਿਅਕ ਅਦਾਰਿਆਂ ਲਈ ਅਸੀਂ 24 ਕਰੋੜ 58 ਲੱਖ ਰੁਪਏ ਦੇ ਚੁੱਕੇ ਹਾਂ ਅਤੇ ਉਨ੍ਹਾਂ ਨੂੰ ਬਾਕੀ ਦੇਣ ਲਈ 38 ਕਰੋੜ 98 ਲੱਖ ਮੰਗ ਰਹੇ ਹਨ। ਇਸ ਸਾਲ ਸਾਨੂੰ ਵਿੱਦਿਅਕ ਅਦਾਰਿਆਂ ਲਈ 199 ਕਰੋੜ ਰੁਪਏ ਆਮਦਨ ਆਵੇਗੀ। ਇਸ ‘ਤੇ 223 ਕਰੋੜ ਰੁਪਏ ਖਰਚ ਹੋਵੇਗਾ। ਇਸਦੇ ਵਿੱਚੋਂ ਵੀ ਸ਼੍ਰੋਮਣੀ ਕਮੇਟੀ ਨੂੰ ਆਪਣੇ ਫੰਡਾਂ ਵਿੱਚੋਂ 34 ਕਰੋੜ ਰੁਪਏ ਦੇਣੇ ਪੈਣਗੇ। ਅਸੀਂ ਸਕੂਲਾਂ, ਕਾਲਜਾਂ ਨੂੰ ਦੇਣ ਲਈ 16 ਕਰੋੜ 55 ਲੱਖ ਰੁਪਏ ਆਪਣੇ ਬਜਟ ਵਿੱਚ ਰੱਖੇ ਹਨ। ਪਰ ਇਸ ਤੋਂ ਵੱਧ ਵੀ 17 ਕਰੋੜ 45 ਲੱਖ ਰੁਪਏ ਦਾ ਹੋਰ ਪ੍ਰਬੰਧ ਕਰਨਾ ਪਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਇਤਿਹਾਸਕ ਗੁਰਦੁਆਰਾ ਸਾਹਿਬਾਨ ਜਿਨ੍ਹਾਂ ਦੀ ਸੇਵਾ ਸੰਭਾਲ ਸੈਕਸ਼ਨ 85 ਤਹਿਤ ਕੀਤੀ ਜਾਂਦੀ ਹੈ, ਤੋਂ ਸਾਲ 2021-22 ਦੌਰਾਨ 6 ਅਰਬ 47 ਕਰੋੜ 25 ਲੱਖ ਰੁਪਏ ਤੋਂ ਆਮਦਨ ਦੀ ਸੰਭਾਵਨਾ ਹੈ, ਜਦਕਿ 6 ਅਰਬ 52 ਕਰੋੜ 37 ਲੱਖ ਰੁਪਏ ਖਰਚਿਆਂ ਦਾ ਅੰਦਾਜ਼ਾ ਹੈ। ਇਸੇ ਤਰ੍ਹਾਂ ਵਿਦਿਅਕ ਅਦਾਰਿਆਂ ਤੋਂ ਇਸ ਸਾਲ 1 ਅਰਬ 89 ਕਰੋੜ 17 ਲੱਖ ਰੁਪਏ ਦੇ ਕਰੀਬ ਆਮਦਨ ਅਤੇ 2 ਅਰਬ 23 ਕਰੋੜ 18 ਲੱਖ ਰੁਪਏ ਦੇ ਲਗਭਗ ਖਰਚੇ ਹੋਣਗੇ। ਉਨ੍ਹਾਂ ਕਿਹਾ ਕਿ ਵਿਦਿਅਕ ਅਦਾਰਿਆਂ ਦੇ ਬਜਟ ਵਿਚ ਘਾਟੇ ਦੀ ਪੂਰਤੀ ਲਈ ਸ਼੍ਰੋਮਣੀ ਕਮੇਟੀ ਵੱਲੋਂ ਫਿਲਹਾਲ 16 ਕਰੋੜ 55 ਲੱਖ ਰੁਪਏ ਦੇ ਕਰੀਬ ਰੱਖੇ ਗਏ ਹਨ।

ਉਨ੍ਹਾਂ ਕਿਹਾ ਕਿ ਦਿੱਲੀ ਦੇ ਇਕ ਪ੍ਰੇਮੀ ਵੱਲੋਂ 9 ਕਰੋੜ ਤੋਂ ਵੱਧ ਭੇਟਾ ਸ੍ਰੀ ਦਰਬਾਰ ਸਾਹਿਬ ਦੀ ਗੋਲਕ ਵਿਚ ਪਾਈ ਗਈ ਹੈ। ਇਸੇ ਤਰ੍ਹਾਂ ਸੋਲਰ ਪਲਾਂਟ ਅਤੇ ਭਾਫ਼ ਵਿਧੀ ਦੁਆਰਾ ਲੰਗਰ ਤਿਆਰ ਕਰਨ ਲਈ ਵੀ ਸੰਗਤਾਂ ਸੇਵਾ ਕਰਵਾ ਰਹੀਆਂ ਹਨ। ਵੱਖ-ਵੱਖ ਹੋਰ ਸੇਵਾਵਾਂ ਲਈ ਵੀ ਸੰਗਤਾਂ ਨੂੰ ਪ੍ਰੇਰਿਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਾਇਆ ਭੇਟਾ ਕਰਨ ਵਾਲੀਆਂ ਸੰਗਤਾਂ ਨੂੰ ਟੈਕਸ ਤੋਂ ਛੋਟ ਮਿਲੇਗੀ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਯਤਨ ਕੀਤੇ ਜਾ ਰਹੇ ਸਨ, ਪਰੰਤੂ ਇਸੇ ਦੌਰਾਨ ਆਰਟੀਆਈ ਤਹਿਤ ਜਾਣਕਾਰੀ ਪ੍ਰਾਪਤ ਹੋਈ ਹੈ ਕਿ ਪਹਿਲਾਂ ਤੋਂ ਹੀ 1965 ਵਿਚ ਸ੍ਰੀ ਦਰਬਾਰ ਸਾਹਿਬ ਲਈ ਏਟੀਜੀ ਮਿਲ ਚੁੱਕੀ ਹੈ। ਇਸ ਤਹਿਤ ਹੁਣ ਸੰਗਤਾਂ ਟੈਕਸ ਤੋਂ ਛੋਟ ਪ੍ਰਾਪਤ ਕਰ ਸਕਦੀਆਂ ਹਨ।

ਉਨ੍ਹਾਂ ਦੱਸਿਆ ਕਿ ਇਸ ਵਾਰ ਦੇ ਬਜਟ ਵਿਚ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ 14 ਕਰੋੜ ਰੁਪਏ ਰੱਖੇ ਗਏ ਹਨ। ਇਸ ਤੋਂ ਇਲਾਵਾ ਕੁਦਰਤੀ ਆਫ਼ਤਾਂ ਲਈ 86 ਲੱਖ ਰੁਪਏ, ਭੇਟਾ ਰਹਿਤ ਗੁਰਮਤਿ ਸਾਹਿਤ ਛਪਵਾਉਣ ਸਮੇਤ ਧਾਰਮਿਕ ਪਰਚਿਆਂ ਅਤੇ ਧਾਰਮਿਕ ਪ੍ਰੀਖਿਆ ਪੱੱਤਰ ਵਿਹਾਰ ਕੋਰਸ, ਗੁਰਮਤਿ ਵਿਦਿਆਲਿਆਂ ਲਈ 27 ਕਰੋੜ 31 ਲੱਖ ਰੁਪਏ ਖਰਚੇ ਜਾਣਗੇ। ਹਾਲ ਹੀ ਵਿਚ ਸਥਾਪਿਤ ਕੀਤੀ ਗਈ ਲੜਕੀਆਂ ਦੀ ਖੇਡ ਅਕੈਡਮੀ ਲਈ 2 ਕਰੋੜ ਰੁਪਏ ਤੱਕ ਖਰਚ ਕਰਨ ਲਈ ਰਾਸ਼ੀ ਰੱਖੀ ਗਈ ਹੈ। ਸਿਕਲੀਗਰ ਤੇ ਵਣਜਾਰੇ ਸਿੱਖਾਂ ਦੇ ਨਾਲ-ਨਾਲ ਪੰਜਾਬ ਅਤੇ ਪੰਜਾਬ ਤੋਂ ਬਾਹਰਲੇ ਗੁਰਦੁਆਰਾ ਸਾਹਿਬਾਨ, ਧਾਰਮਿਕ, ਪੰਥਕ ਤੇ ਸਮਾਜ ਸੇਵੀ ਸੰਸਥਾਵਾਂ ਆਦਿ ਲਈ 9 ਕਰੋੜ 50 ਲੱਖ ਰੁਪਏ, ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਵਜ਼ੀਫਿਆਂ ਲਈ 2 ਕਰੋੜ, ਬੱਚਿਆਂ ਨੂੰ ਪ੍ਰਤੀਯੋਗੀ ਮੁਕਾਬਲਿਆਂ ਰਾਹੀਂ ਗੁਰਮਤਿ ਨਾਲ ਜੋੜਨ ਲਈ 3 ਕਰੋੜ ਰੁਪਏ ਰਾਖਵੇਂ ਕੀਤੇ ਹਨ। ਉਨ੍ਹਾਂ ਦੱਸਿਆ ਕਿ ਵਿਦਿਅਕ ਦੇ ਪ੍ਰਚਾਰ ਪ੍ਰਸਾਰ ਲਈ ਵੀ ਬਜਟ ਵਿਚ ਖਾਸ ਹਿੱਸਾ ਰੱਖਿਆ ਗਿਆ ਹੈ। ਸਿੱਖ ਰੈਫਰੈਂਸ ਲਾਇਬ੍ਰੇਰੀ ਅਤੇ ਨਵੀਆਂ ਪੁਸਤਕਾਂ ਛਪਵਾਉਣ ਲਈ ਵੀ ਰਾਸ਼ੀ ਰਾਖਵੀਂ ਰੱਖੀ ਗਈ ਹੈ। ਧਰਮੀ ਫੌਜੀਆਂ ਲਈ 1 ਕਰੋੜ ਰੁਪਏ, ਧਰਮ ਅਰਥ ਫੰਡ ਲਈ 1 ਕਰੋੜ 80 ਲੱਖ ਰੁਪਏ ਹੋਣਗੇ। ਇਸੇ ਤਰ੍ਹਾਂ ਹੋਰ ਵੱਖ-ਵੱਖ ਕਾਰਜਾਂ ਲਈ ਵੀ ਵਿਸ਼ੇਸ਼ ਰਾਸ਼ੀ ਦਾ ਪ੍ਰਬੰਧ ਕੀਤਾ ਗਿਆ ਹੈ। 

ਗੁਰੂ ਘਰਾਂ ਤੋਂ 647 ਕਰੋੜ ਰੁਪਏ ਆਉਣ ਦਾ ਅਨੁਮਾਨ ਹੈ। ਗੁਰਦੁਆਰਾ ਸਾਹਿਬਾਨਾਂ ਦੇ ਸਾਰੇ ਮੁਲਾਜ਼ਮਾਂ ਦੀਆਂ ਸਾਲਾਨਾ ਤਨਖਾਹਾਂ 212 ਕਰੋੜ ਰੁਪਏ ਹੈ ਅਤੇ ਵਿੱਦਿਅਕ ਅਦਾਰਿਆਂ ਦੇ ਮੈਂਬਰਾਂ ਦੀ ਤਨਖਾਹ 168 ਕਰੋੜ ਰੁਪਏ ਹੈ। ਇਹ ਕੁੱਲ 380 ਕਰੋੜ ਰੁਪਏ ਬਣ ਜਾਂਦੇ ਹਨ। ਇਸ ਤਰ੍ਹਾਂ ਸਾਡਾ 440 ਕਰੋੜ ਰੁਪਏ ਇਕੱਲੇ ਮੁਲਾਜ਼ਮਾਂ ਦੀ ਤਨਖਾਹ ਵਿੱਚ ਜਾਂਦਾ ਹੈ। ਕੁੱਲ ਬਜਟ ਦਾ 43.42 ਪ੍ਰਤੀਸ਼ਤ ਹਿੱਸਾ ਤਨਖਾਹਾਂ ਵਿੱਚ ਜਾਂਦਾ ਹੈ। ਹਾਲਾਂਕਿ, ਬਜਟ ਦਾ 15 ਪ੍ਰਤੀਸ਼ਤ ਹਿੱਸਾ ਤਨਖਾਹਾਂ ਵਿੱਚ ਹੁੰਦਾ ਹੈ।

ਸ਼੍ਰੀ ਗੁਰੂ ਗ੍ਰੰਥ ਸਾਹਿਬ ਯੂਨੀਵਰਸਿਟੀ ਤੋਂ ਸਹਾਇਤਾ ਰਾਸ਼ੀ 7 ਕਰੋੜ 75 ਲੱਖ ਰੁਪਏ ਆਵੇਗੀ। ਸਾਰੀਆਂ ਇਮਾਰਤਾਂ, ਵਿੱਦਿਅਕ ਅਦਾਰਿਆਂ, ਖੇਡ ਵਿੰਗਾਂ ਲਈ ਕੁੱਲ 115 ਕਰੋੜ ਰੁਪਏ ਫੰਡ ਆਵੇਗਾ। ਧਰਮ ਪ੍ਰਚਾਰ ਫੰਡ 70 ਕਰੋੜ ਰੁਪਏ ਆਵੇਗਾ। ਇਨ੍ਹਾਂ ਸਭ ਕੰਮਾਂ ਲਈ ਸ਼੍ਰੋਮਣੀ ਕਮੇਟੀ ਕੋਲ ਕੁੱਲ ਖਰਚਾ 185 ਕਰੋੜ ਰੁਪਏ ਆਵੇਗਾ। ਸ਼੍ਰੋਮਣੀ ਕਮੇਟੀ ਦੇ ਦਫਤਰ ਵਿੱਚ ਕੁੱਲ 185 ਕਰੋੜ 40 ਲੱਖ 10 ਹਜ਼ਾਰ 502 ਰੁਪਏ ਫੰਡ ਆਵੇਗਾ। 34 ਕਰੋੜ ਰੁਪਏ ਸੇਵਿੰਗ ਵਿੱਚ ਦੇਣੇ ਪੈਣਗੇ।

ਇਸ ਦੇ ਨਾਲ ਹੀ ਭਾਰਤ ਸਰਕਾਰ ਪਾਸੋਂ ਵੀ ਮੰਗ ਕੀਤੀ ਗਈ ਕਿ ਗੁਰੂ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਅਨੰਦਪੁਰ ਸਾਹਿਬ ਵਿਖੇ ‘ਵਿਰਾਸਤ-ਏ-ਖਾਲਸਾ ਦੀ ਤਰਜ਼ ’ਤੇ ਗੁਰੂ ਸਾਹਿਬ ਦੀ ਅਦੁੱਤੀ ਯਾਦਗਾਰ ਬਣਾਈ ਜਾਵੇ ਅਤੇ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਸ੍ਰੀ ਅੰਮ੍ਰਿਤਸਰ ਤੋਂ ਉਨ੍ਹਾਂ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਦਿੱਲੀ ਤੱਕ ਸਮੁੱਚੇ ਇਤਿਹਾਸਕ ਅਸਥਾਨਾਂ ਦਾ ਵੱਡੀ ਪੱਧਰ ’ਤੇ ਵਿਕਾਸ ਕੀਤਾ ਜਾਵੇ। ਗੁਰੂ ਸਾਹਿਬ ਦੇ ਸ਼ਹੀਦੀ ਦਿਹਾੜੇ ਨੂੰ ‘ਧਾਰਮਿਕ ਸਹਿਣਸ਼ੀਲਤਾ ਦਿਵਸ’ ਵਜੋਂ ਮਨਾਇਆ ਜਾਵੇ ਅਤੇ ਭਾਰਤ ਸਰਕਾਰ ਗੁਰੂ ਸਾਹਿਬ ਦੀ ਪਾਵਨ ਬਾਣੀ ਦੁਨੀਆ ਦੀਆਂ ਪ੍ਰਮੁੱਖ ਭਾਸ਼ਾਵਾਂ ਵਿੱਚ ਉਲੱਥਾ ਕਰਵਾ ਕੇ ਸੰਸਾਰ ਭਰ ਦੀ ਲਾਇਬ੍ਰੇਰੀਆਂ ਵਿੱਚ ਉਪਲੱਬਧ ਕਰਵਾਏ। ਇਹ ਸਾਰੇ ਕਾਰਜ ਸ਼੍ਰੋਮਣੀ ਕਮੇਟੀ ਦੀ ਨਿਗਰਾਨੀ ਹੇਠ ਕਰਵਾਏ ਜਾਣ। ਭਾਰਤ ਅਤੇ ਸੂਬਾ ਸਰਕਾਰਾਂ ਦੇਸ਼ ਵਿਦੇਸ਼ ਵਿੱਚ ਕਰਵਾਏ ਜਾਣ ਵਾਲੇ ਸ਼ਤਾਬਦੀ ਸਮਾਗਮਾਂ ਲਈ ਸ਼੍ਰੋਮਣੀ ਕਮੇਟੀ ਨੂੰ ਨੋਡਲ ਸੰਸਥਾ ਐਲਾਨੇ। ਇਸ ਤੋਂ ਇਲਾਵਾ ਗੁਰੂ ਸਾਹਿਬ ਦੇ ਗ੍ਰਿਫ਼ਤਾਰੀ ਸਥਾਨ ਆਗਰਾ ਤੋਂ ਉਨ੍ਹਾਂ ਦੇ ਸ਼ਹੀਦੀ ਅਸਥਾਨ ਦਿੱਲੀ ਤੱਕ ਦੇ ਮਾਰਗ ਨੂੰ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਰਗ’ ਅਤੇ ਦਿੱਲੀ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ‘ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਸੀਸ ਮਾਰਗ’ ਐਲਾਨਿਆ ਜਾਵੇ।

ਭਾਰਤ ਸਰਕਾਰ ਵੱਲੋਂ ਬਣਾਏ ਗਏ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਸਬੰਧੀ ਨਿੰਦਾ ਮਤਾ ਪਾਸ ਕਰਦਿਆਂ ਇਹ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਕਿਸਾਨੀ ਨੂੰ ਨਜ਼ਰ-ਅੰਦਾਜ਼ ਕਰਕੇ ਨਹੀਂ ਵੇਖਿਆ ਜਾ ਸਕਦਾ, ਕਿਉਂਕਿ ਕਿਸਾਨ ਕਈ ਵੱਡੀਆਂ ਮੁਸ਼ਕਲਾਂ ਤੋਂ ਬਾਅਦ ਅਨਾਜ ਪੈਦਾ ਕਰਕੇ ਦੇਸ਼ ਅਤੇ ਦੁਨੀਆ ਦਾ ਢਿੱਡ ਭਰਦਾ ਹੈ। ਕੇਂਦਰ ਵੱਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਕਿਸਾਨਾਂ ਨੂੰ ਬਰਬਾਦ ਕਰਨ ਵਾਲੇ ਹਨ, ਇਸ ਲਈ ਇਹ ਤੁਰੰਤ ਵਾਪਸ ਲਏ ਜਾਣ। ਇਸ ਮਤੇ ਰਾਹੀਂ ਕਾਲੇ ਕਾਨੂੰਨਾਂ ਵਿਰੁੱਧ ਸੰਘਰਸ਼ ਕਰ ਰਹੇ ਕਿਸਾਨਾਂ ਸਮੇਤ ਸਾਰੇ ਵਰਗਾਂ ਨਾਲ ਖੜ੍ਹੇ ਰਹਿਣ ਦੀ ਵਚਨਬੱਧਤਾ ਦਾ ਪ੍ਰਗਟਾਵਾ ਵੀ ਕੀਤਾ ਗਿਆ।

ਇਸੇ ਨਾਲ ਸਬੰਧਤ ਇੱਕ ਹੋਰ ਮਤੇ ਰਾਹੀਂ 26 ਜਨਵਰੀ 2021 ਨੂੰ ਕਿਸਾਨਾਂ ਵੱਲੋਂ ਦਿੱਲੀ ਵਿੱਚ ਰੱਖੇ ਗਏ ਟਰੈਕਟਰ ਮਾਰਚ ਦੌਰਾਨ ਇੱਕ ਨੌਜਵਾਨ ਦੀ ਮੌਤ ਅਤੇ ਸੈਂਕੜਿਆਂ ’ਤੇ ਤਸ਼ੱਦਦ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿੱਚ ਬੰਦ ਕਰਨ ਦੀ ਸਖ਼ਤ ਨਿੰਦਾ ਕੀਤੀ ਗਈ। ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਜੇਲ੍ਹਾਂ ਵਿੱਚ ਬੰਦ ਕਿਸਾਨਾਂ ਨੌਜਵਾਨਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਸਾਰੇ ਕੇਸ ਵਾਪਸ ਲੈਣ ਲਈ ਕਿਹਾ ਗਿਆ। ਪੀੜ੍ਹਤਾਂ ਨੂੰ ਢੁੱਕਵਾਂ ਮੁਆਵਜ਼ਾ ਦੇਣ ਅਤੇ ਇਸ ਘਟਨਾ ਸਬੰਧੀ ਸਰਕਾਰੀ ਏਜੰਸੀਆਂ ਦੀ ਸ਼ੱਕੀ ਭੂਮਿਕਾ ਦੀ ਵੀ ਜਾਂਚ ਮੰਗੀ ਗਈ।

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਨੂੰ ਮੁੜ ਖੋਲ੍ਹਣ ਸਬੰਧੀ ਵੀ ਇੱਕ ਮਤਾ ਪਾਸ ਕੀਤਾ ਗਿਆ। ਇਸ ਵਿੱਚ ਕਿਹਾ ਗਿਆ ਕਿ ਕਰੋਨਾ ਕਾਰਨ ਵਕਤੀ ਤੌਰ ’ਤੇ ਬੰਦ ਕੀਤੇ ਗਏ ਲਾਂਘੇ ਨੂੰ ਨਾ ਖੋਲ੍ਹਣ ਕਾਰਨ ਸੰਗਤਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚ ਰਹੀ ਹੈ। ਹੁਣ ਜਦੋਂ ਵੱਖ-ਵੱਖ ਅਸਥਾਨ ਅਤੇ ਅਦਾਰੇ ਖੁੱਲ੍ਹ ਚੁੱਕੇ ਹਨ, ਤਾਂ ਇਸ ਤਹਿਤ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਵੀ ਬਿਨਾਂ ਦੇਰੀ ਖੋਲ੍ਹਿਆ ਜਾਵੇ। ਇੱਕ ਮਤੇ ਰਾਹੀਂ ਕਰੋਨਾ ਮਹਾਂਮਾਰੀ ਦੌਰਾਨ ਲੋੜਵੰਦਾਂ ਦੀ ਮਦਦ ਕਰਨ ਵਾਲੀਆਂ ਸਿੱਖ ਸੰਸਥਾਵਾਂ ਦੀ ਸ਼ਲਾਘਾ ਕੀਤੀ ਗਈ।

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਭਾਰਤ ਅੰਦਰ ਸਿੱਖਾਂ ਸਮੇਤ ਘੱਟ-ਗਿਣਤੀਆਂ ਨੂੰ ਦਬਾਉਣ ਵਾਲੀਆਂ ਚਾਲਾਂ ਦੀ ਸਖ਼ਤ ਵਿਰੋਧਤਾ ਕੀਤੀ ਗਈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਭਾਰਤ ਇੱਕ ਬਹੁਧਰਮੀ, ਬਹੁਭਾਸ਼ਾਈ ਅਤੇ ਬਹੁਵਰਗੀ ਦੇਸ਼ ਹੈ। ਇਸ ਦੀ ਅਜ਼ਾਦੀ ਵਿੱਚ ਹਰ ਧਰਮ ਦਾ ਵੱਡਾ ਯੋਗਦਾਨ ਰਿਹਾ ਹੈ। ਖ਼ਾਸਕਰਕੇ ਸਿੱਖ ਕੌਮ ਨੇ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ।

ਇਕ ਹੋਰ ਮਤੇ ਰਾਹੀਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ 100 ਸਾਲਾ ਮੌਕੇ ਭਾਰਤ ਸਰਕਾਰ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਦੀ ਸਖ਼ਤ ਨਿੰਦਾ ਕੀਤੀ ਗਈ। ਭਾਰਤ ਸਰਕਾਰ ਦੀ ਇਸ ਕਾਰਵਾਈ ਨੂੰ ਅੰਗਰੇਜ਼ਾਂ ਅਤੇ ਮੁਗਲਾਂ ਦੀ ਤਰਜ਼ ’ਤੇ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਕੇਂਦਰ ਸਰਕਾਰ ਇਸ ਦੀ ਸਿੱਖ ਜਗਤ ਤੋਂ ਮੁਆਫ਼ੀ ਮੰਗੇ। 

ਜਨਰਲ ਇਜਲਾਸ ਦੌਰਾਨ ਪਾਸ ਕੀਤੇ ਗਏ ਇੱਕ ਮਤੇ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਿਤ ਇਤਿਹਾਸਕ ਅਸਥਾਨ ਗੁਰਦੁਆਰਾ ਗਿਆਨ ਗੋਦੜੀ ਹਰਿਦੁਆਰ (ਉਤਰਾਂਚਲ), ਗੁਰਦੁਆਰਾ ਡਾਂਗਮਾਰ ਤੇ ਚੁੰਗਥਾਂਗ (ਸਿੱਕਮ), ਗੁਰਦੁਆਰਾ ਬਾਵਲੀ ਮੱਠ, ਮੰਗੂ ਮੱਠ ਤੇ ਪੰਜਾਬੀ ਮੱਠ (ਉੜੀਸਾ) ਦਾ ਪ੍ਰਬੰਧ ਸਿੱਖ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪਣ ਦੀ ਮੰਗ ਕੀਤੀ ਗਈ। ਇਹ ਸਿੱਖਾਂ ਦੇ ਬੇਹੱਦ ਪਾਵਨ ਅਸਥਾਨ ਹਨ, ਪਰੰਤੂ ਇਨ੍ਹਾਂ ਦੇ ਮਸਲੇ ਲੰਮੇ ਸਮੇਂ ਲੰਬਿਤ ਪਏ ਆ ਰਹੇ ਹਨ। ਇਜਲਾਸ ਨੇ ਮੰਗ ਕੀਤੀ ਕਿ ਇਨ੍ਹਾਂ ਗੁਰ-ਅਸਥਾਨਾਂ ਦੀ ਸੇਵਾ ਸੰਭਾਲ ਦਾ ਜ਼ਿੰਮੇਵਾਰੀ ਸ਼੍ਰੋਮਣੀ ਕਮੇਟੀ ਨੂੰ ਸੌਂਪੀ ਜਾਵੇ।

ਅਮਰੀਕਾ ਦੇ ਸੂਬੇ ਕਨੈਕਟੀਕਟ ਵਿੱਚ ਸਿੱਖ ਧਰਮ ਦੀ ਪਛਾਣ ‘ਨਿਸ਼ਾਨ ਸਾਹਿਬ’ ਨੂੰ ਮਾਨਤਾ ਦਿੰਦਿਆਂ 11 ਮਾਰਚ ਨੂੰ ‘ਸਿੱਖ ਝੰਡਾ ਦਿਵਸ’ ਵਜੋਂ ਐਲਾਨ ਦੀ ਇੱਕ ਮਤੇ ਰਾਹੀਂ ਸ਼ਲਾਘਾ ਕੀਤੀ ਗਈ। ਇਸ ਵਿੱਚ ਕਿਹਾ ਗਿਆ ਕਿ ਨਿਸ਼ਾਨ ਸਾਹਿਬ ਸਿੱਖ ਕੌਮ ਦਾ ਅਹਿਮ ਚਿੰਨ੍ਹ ਹੈ, ਜਿਸ ਨੂੰ ਵਿਦੇਸ਼ਾਂ ਅੰਦਰ ਮਾਨਤਾ ਅਤੇ ਸਤਿਕਾਰ ਮਿਲਣਾ ਸਿੱਖਾਂ ਲਈ ਮਾਣ ਵਾਲੀ ਗੱਲ ਹੈ। ਇਸ ਸਬੰਧ ਵਿੱਚ ਅਮਰੀਕਾ ਦੀ ਸੂਬਾ ਸਰਕਾਰ ਦੀ ਸ਼ਲਾਘਾ ਕੀਤੀ ਗਈ।

ਬਜਟ ਇਜਲਾਸ ਦੌਰਾਨ ਕੁੱਝ ਮੈਂਬਰਾਂ ਦੇ ਸੁਝਾਅ ’ਤੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਸਬੰਧੀ ਸਰਬਸੰਮਤੀ ਨਾਲ ਨਿੰਦਾ ਮਤਾ ਪਾਸ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਬੇਅਦਬੀ ਮਾਮਲਿਆਂ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਵਾਉਣ ਦੇ ਹੱਕ ਵਿੱਚ ਹੈ ਅਤੇ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਇਸੇ ਦੌਰਾਨ ਸੁਖਦੇਵ ਸਿੰਘ ਭੌਰ ਵੱਲੋਂ ਸਾਲ 2016 ਵਿੱਚ ਅੰਤ੍ਰਿੰਗ ਕਮੇਟੀ ਦੇ ਇੱਕ ਫੈਸਲੇ ਤਹਿਤ ਬਹਿਬਲ ਕਲਾਂ ਵਿਖੇ ਸ਼ਹੀਦ ਹੋਏ 2 ਸਿੱਖ ਨੌਜਵਾਨਾਂ ਨੂੰ 10 ਲੱਖ ਰੁਪਏ ਦੀ ਸਹਾਇਤਾ ਭੇਜਣ ਦੀ ਮੰਗ ’ਤੇ ਫਰੀਦਕੋਟ ਹਲਕੇ ਤੋਂ ਮੈਂਬਰ ਬੀਬੀ ਗੁਰਿੰਦਰ ਕੌਰ ਨੇ ਕਿਹਾ ਕਿ ਇਹ ਸਹਾਇਤਾ ਸ਼੍ਰੋਮਣੀ ਕਮੇਟੀ ਵੱਲੋਂ ਉਹ ਖੁਦ ਦੇ ਕੇ ਆਏ ਹਨ। ਸ਼੍ਰੋਮਣੀ ਕਮੇਟੀ ਮੈਂਬਰ ਬਲਵਿੰਦਰ ਸਿੰਘ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸਕਾਲਰਸ਼ਿਪ ਸ਼ੁਰੂ ਕਰਨ ਦੀ ਮੰਗ ’ਤੇ ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਬਾਰੇ ਪਹਿਲਾਂ ਹੀ ਵਿਚਾਰ ਕੀਤੀ ਜਾ ਰਹੀ ਹੈ ਅਤੇ ਫੈਸਲਾ ਲਿਆ ਜਾਵੇਗਾ।

ਇਸ ਤੋਂ ਇਲਾਵਾ ਬੀਤੇ ਸਮੇਂ ਅਕਾਲ ਚਲਾਣਾ ਕਰ ਗਈਆਂ ਸ਼ਖ਼ਸੀਅਤਾਂ ਨੂੰ ਸ਼ੋਕ ਮਤਿਆਂ ਰਾਹੀਂ ਸ਼ਰਧਾਂਜਲੀ ਭੇਟ ਕੀਤੀ ਗਈ। ਇਨ੍ਹਾਂ ਸ਼ਖ਼ਸੀਅਤਾਂ ਵਿੱਚ ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਬਿੱਕਰ ਸਿੰਘ ਚੰਨੂ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ, ਗੁਰਤੇਜ ਸਿੰਘ ਢੱਡੇ, ਸੁਖਦਰਸ਼ਨ ਸਿੰਘ ਮਰਾੜ, ਸਾਬਕਾ ਮੈਂਬਰ ਬੁੱਘਾ ਸਿੰਘ ਬਾਦਸ਼ਾਹਪੁਰ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਮੈਂਬਰ ਭਰਪੂਰ ਸਿੰਘ ਰੌਣੀ, ਬਾਬਾ ਰਾਮ ਸਿੰਘ ਸੀਂਗੜਾ ਕਰਨਾਲ ਵਾਲੇ, ਬਾਬਾ ਮੋਹਨ ਸਿੰਘ ਭਿੰਡਰਾਂ ਕਲਾ ਟਕਸਾਲ ਵਾਲੇ, ਬਾਬਾ ਸੁਰਿੰਦਰਦਾਸ ਜੀ ਕੁਠਾਰਵਾਲੇ, ਕਿਸਾਨੀ ਸੰਘਰਸ਼ ਦੌਰਾਨ ਚਲਾਣਾ ਕਰ ਗਏ ਕਿਸਾਨਾਂ ਸਮੇਤ ਸ਼ਹੀਦ ਹੋਏ ਭਾਈ ਨਵਰੀਤ ਸਿੰਘ ਸ਼ਾਮਲ ਹਨ। ਇਨ੍ਹਾਂ ਵਿਛੜੀਆਂ ਰੂਹਾਂ ਨੂੰ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਸ਼ਰਧਾਂਜਲੀ ਭੇਟ ਕੀਤੀ ਗਈ।