ਅੰਮ੍ਰਿਤਸਰ : ਪੰਜਾਬ ‘ਚ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਭਾਰੀ ਬਾਰਸ਼ ਕਾਰਨ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੀੜਤਾਂ ਦੀ ਮਦਦ ਲਈ ਅੱਗੇ ਆਈ ਹੈ। ਹਿਮਾਚਲ ਪ੍ਰਦੇਸ਼ ਵਿੱਚ ਖ਼ਰਾਬ ਮੌਸਮ ਕਾਰਨ ਵੱਖ-ਵੱਖ ਥਾਵਾਂ ’ਤੇ ਫਸੇ ਪੰਜਾਬ ਦੇ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਵਾਪਸ ਲਿਆਂਦਾ ਜਾਵੇਗਾ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਹਿਮਾਚਲ ਸ਼੍ਰੋਮਣੀ ਕਮੇਟੀ ਮੈਂਬਰ ਦਲਜੀਤ ਸਿੰਘ ਭਿੰਡਰ ਨੇ ਬਿਆਨ ਜਾਰੀ ਕਰਕੇ ਜਾਣਕਾਰੀ ਦਿੱਤੀ ਹੈ।
ਸ਼੍ਰੋਮਣੀ ਕਮੇਟੀ ਵੱਲੋਂ ਹੜ੍ਹ ਪੀੜਤਾਂ ਲਈ ਰਿਹਾਇਸ਼, ਲੰਗਰ ਅਤੇ ਹੋਰ ਜ਼ਰੂਰੀ ਵਸਤਾਂ ਦਾ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਇਤਿਹਾਸਕ ਗੁਰਦੁਆਰਿਆਂ ‘ਚ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮੁਫ਼ਤ ਕਮਰੇ ਦੇਣ ਦੇ ਨਾਲ-ਨਾਲ ਪ੍ਰਭਾਵਿਤ ਇਲਾਕਿਆਂ ‘ਚ ਲੰਗਰ ਅਤੇ ਹੋਰ ਸਮਾਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਔਖੇ ਸਮੇਂ ਵਿੱਚ ਮਨੁੱਖਤਾ ਦੇ ਨਾਲ ਖੜ੍ਹਨਾ ਸ਼੍ਰੋਮਣੀ ਕਮੇਟੀ ਦੀ ਰਵਾਇਤ ਰਹੀ ਹੈ ਅਤੇ ਗੁਰੂ ਸਾਹਿਬ ਦੇ ਦਰਸਾਏ ਮਾਰਗ ’ਤੇ ਚੱਲ ਕੇ ਸਿੱਖ ਸੰਸਥਾ ਲੋਕਾਂ ਦੀ ਮਦਦਗਾਰ ਬਣੀ ਹੈ। ਉਨ੍ਹਾਂ ਦੱਸਿਆ ਕਿ ਇਸ ਸਮੇਂ ਇਤਿਹਾਸਕ ਗੁਰਦੁਆਰਿਆਂ ਦੇ ਪ੍ਰਬੰਧਕਾਂ ਨੂੰ ਵੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਸੇਵਾਵਾਂ ਦੇਣ ਲਈ ਕਿਹਾ ਗਿਆ ਹੈ। ਵੱਖ-ਵੱਖ ਜ਼ਿਲ੍ਹਿਆਂ ਦੇ 25 ਤੋਂ ਵੱਧ ਗੁਰਦੁਆਰਿਆਂ ਵਿੱਚ ਕੇਂਦਰ ਬਣਾਏ ਗਏ ਹਨ।
SGPC ਵੱਲੋਂ ਲੰਗਰ ਦੀ ਸੇਵਾ ਲੈਣ ਲਈ ਨੰਬਰ ਜਾਰੀ ਕੀਤੇ ਗਏ ਹਨ। SGPC ਪ੍ਰਧਾਨ ਨੇ ਦਰਸਾਇਆ ਹੈ ਕਿ ਹੜ੍ਹ ਪੀੜਤਾਂ ਲਈ ਕਿਸੇ ਨੂੰ ਵੀ ਲੰਗਰ ਦੀ ਲੋੜ ਹੈ ਤਾਂ ਉਹ ਦਿੱਤੇ ਨੰਬਰਾਂ ਤੇ ਟੈਲੀਫ਼ੋਨ ਕਰਕੇ ਲੰਗਰ ਸਹਾਇਤਾ ਪ੍ਰਾਪਤ ਸਕਦਾ ਹੈ, SGPC ਇਸ ਮੌਕੇ ਲਈ ਹਰ ਵਕਤ ਤਿਆਰ ਹੈ।
ਦੱਸ ਦੇਈਏ ਕਿ ਹਿਮਾਚਲ ‘ਚ ਬਣੇ ਗੁਰਧਾਮਾਂ ਦੇ ਦਰਸ਼ਨਾਂ ਲਈ ਪੰਜਾਬ ਤੋਂ ਵੱਡੀ ਗਿਣਤੀ ‘ਚ ਸ਼ਰਧਾਲੂ ਪੁੱਜੇ ਹੋਏ ਸਨ। ਹਿਮਾਚਲ ‘ਚ ਮੌਸਮ ਖ਼ਰਾਬ ਹੋਣ ਕਾਰਨ ਸ਼ਰਧਾਲੂ ਉੱਥੇ ਫਸੇ ਹੋਏ ਹਨ। ਹਿਮਾਚਲ ‘ਚ ਫਸੇ ਸ਼ਰਧਾਲੂਆਂ ਨੂੰ ਪੰਜਾਬ ਵਾਪਸ ਲਿਆਉਣ ਲਈ ਸ਼੍ਰੋਮਣੀ ਕਮੇਟੀ ਨੇ ਬੀੜਾ ਚੁੱਕਿਆ ਹੈ। ਸ਼੍ਰੋਮਣੀ ਕਮੇਟੀ ਨੇ ਸ਼ਰਧਾਲੂਆਂ ਨੂੰ ਵਾਪਸ ਲਿਆਉਣ ਲਈ ਪੂਰੀ ਯੋਜਨਾ ਬਣਾ ਲਈ ਹੈ। ਬਹੁਤ ਜਲਦੀ ਹੀ SGPC ਆਪਣੀਆਂ ਬੱਸਾਂ ਦਾ ਫਲੀਟ ਹਿਮਾਚਲ ਦੇ ਵੱਖ-ਵੱਖ ਹਿੱਸਿਆਂ ਲਈ ਰਵਾਨਾ ਕਰੇਗੀ।
ਫ਼ਿਲਹਾਲ ਸੜਕ ਦੇ ਸਾਫ਼ ਹੋਣ ਦੀ ਉਡੀਕ ਕੀਤੀ ਜਾ ਰਹੀ ਹੈ। ਉਨ੍ਹਾਂ ਸੰਗਤਾਂ ਨੂੰ ਹੌਸਲਾ ਰੱਖਣ ਦੀ ਅਪੀਲ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਕੁਦਰਤੀ ਆਫ਼ਤ ਕਾਰਨ ਨਾ ਤਾਂ ਪੰਜਾਬ ਦੇ ਲੋਕ ਆਪਣੇ ਹਿਮਾਚਲ ਦੇ ਪਰਿਵਾਰਕ ਮੈਂਬਰਾਂ ਨਾਲ ਸੰਪਰਕ ਵਿਚ ਹਨ ਅਤੇ ਨਾ ਹੀ ਉਨ੍ਹਾਂ ਦੇ ਵਾਪਸ ਆਉਣ ਦਾ ਰਸਤਾ ਸਾਫ਼ ਹੈ। ਇਸ ਲਈ ਸਾਰਿਆਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਸੜਕ ਸਾਫ਼ ਹੁੰਦੇ ਹੀ ਸ਼੍ਰੋਮਣੀ ਕਮੇਟੀ ਉੱਥੇ ਆਪਣੇ ਸਾਰੇ ਯਤਨ ਸ਼ੁਰੂ ਕਰ ਦੇਵੇਗੀ।