Punjab

ਅੱਜ ਦੇ ਦਿਨ ਜਦੋਂ ਸਿੱਖਾਂ ਨੂੰ ਭਾਰਤ ‘ਚ ਪਹਿਲੀ ਵਾਰ ਕਰਾਇਆ ਗਿਆ ਸੀ ਬੇਗਾਨਗੀ ਦਾ ਅਹਿਸਾਸ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਦੇਸ਼ ਦੀ ਆਜ਼ਾਦੀ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਸਿੱਖਾਂ ਨੂੰ ਸਦਾ ਹੀ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰਨਾ ਪਿਆ ਹੈ ਅਤੇ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਸਿੱਖ ਕੌਮ ਨਾਲ ਸ਼ਰੇਆਮ ਧੱਕਾ ਕੀਤਾ ਗਿਆ ਹੈ। 4 ਜੁਲਾਈ 1955 ਦਾ ਦਿਨ ਸਿੱਖ ਕੌਮ ਲਈ ਬਹੁਤ ਹੀ ਦੁੱਖਦਾਈ ਦਿਨ ਹੈ। ਅੱਜ ਤੋਂ ਕਰੀਬ 67 ਸਾਲ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਪ੍ਰਧਾਨ ਮੰਤਰੀ ਜਵਾਹਰਲਾਲ ਨਹਿਰੂ ਦੀ ਸਰਕਾਰ ਵੇਲੇ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੁਲਿਸ ਆਪਣੇ ਬੂਟਾਂ ਸਣੇ ਪਰਿਕਰਮਾ ਵਿੱਚ ਦਾਖਲ ਹੋਈ। ਪੁਲਿਸ ਨੇ ਬੂਟਾਂ ਸਣੇ ਪਰਿਕਰਮਾ ਵਿੱਚ ਦਾਖਲ ਹੋ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਬੇਹੁਰਮਤੀ ਕੀਤੀ ਸੀ। ਉੱਥੇ ਕੜਾਹ-ਪ੍ਰਸਾਦਿ, ਲੰਗਰ ਪ੍ਰਸ਼ਾਦਾ ਵਰਤਾਉਣ ਵਾਲੇ ਸੇਵਾਦਾਰਾਂ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ। ਇਸ ਦਿਨ ਤਿੰਨ ਹਜ਼ਾਰ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਦੇ ਸੇਵਾਦਾਰਾਂ ਸਮੇਤ ਆਮ ਸੰਗਤ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਸੀ।

ਪੰਜਾਬੀ ਸੂਬਾ ਮੋਰਚਾ ਦੌਰਾਨ ਸ੍ਰੀ ਦਰਬਾਰ ਸਾਹਿਬ ਉੱਤੇ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਪੁਲਿਸ ਹਮਲਾ ਕਰਵਾਇਆ ਗਿਆ। ਇਸ ਹਮਲੇ ਦੌਰਾਨ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸ੍ਰੀ ਦਰਬਾਰ ਸਾਹਿਬ ਦੀਆਂ ਪਰਿਕਰਮਾ ਵਿੱਚ ਅੱਥਰੂ ਗੈਸ ਦੇ ਗੋਲੇ ਵੀ ਛੱਡੇ ਗਏ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਸ ਵੇਲੇ ਦੀ ਸਰਕਾਰ ਦੇ ਇਸ ਕਦਮ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਗਈ। ਧਾਮੀ ਨੇ ਕਿਹਾ ਕਿ ਸ੍ਰੀ ਹਰਿਮੰਦਰ ਸਾਹਿਬ ਨੂੰ ਕਿਸੇ ਨਾ ਕਿਸੇ ਬਹਾਨੇ ਟਾਰਗੇਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਪੰਜਾਬੀ ਸੂਬਾ ਮੋਰਚਾ ਲਈ ਇੰਨਾ ਤਸ਼ੱਦਦ ਸਹਿਣਾ ਪਿਆ, ਐਨੀਆਂ ਗ੍ਰਿਫਤਾਰੀਆਂ ਹੋਈਆਂ, ਜੋ ਗੱਲ ਸ਼੍ਰੋਮਣੀ ਕਮੇਟੀ ਕਰਦੀ ਆਈ ਹੈ, ਉਹ ਸੱਚ ਹੋ ਰਹੀ ਹੈ। ਸਿੱਖਾਂ ਦੇ ਖਿਲਾਫ਼ ਲਗਾਤਾਰ ਸ਼ੁਰੂ ਤੋਂ ਹੀ ਮਾੜੀਆਂ ਚਾਲਾਂ ਚੱਲ ਰਹੀਆਂ ਹਨ ਜੋ ਹਾਲੇ ਤੱਕ ਵੀ ਜਾਰੀ ਹਨ।

ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਕਾਰਜਕਾਰੀ ਜਥੇਦਾਰ ਗਿਆਨ ਹਰਪ੍ਰੀਤ ਸਿੰਘ ਨੇ ਵੀ ਇਸ ਦਿਨ ਨੂੰ ਯਾਦ ਕਰਦਿਆਂ ਭਾਵੁਕ ਹੁੰਦਿਆਂ ਕਿਹਾ ਕਿ 4 ਜੁਲਾਈ 1955 ਨੂੰ ਜਵਾਹਰਲਾਲ ਨਹਿਰੂ ਦੀ ਸਰਕਾਰ ਵੱਲੋਂ ਸਿੱਖਾਂ ਨੂੰ ਭਾਰਤ ਅੰਦਰ ਪਹਿਲੀ ਵਾਰ ਬੇਗਾਨਗੀ ਦਾ ਅਹਿਸਾਸ ਕਰਵਾਇਆ ਗਿਆ ਸੀ। ਉਨ੍ਹਾਂ ਨੇ ਕਿਹਾ ਕਿ ਇਸ ਦਿਨ ਜਵਾਹਰਲਾਲ ਨਹਿਰੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਰਬਾਰ ਸਾਹਿਬ ਦੇ ਅੰਦਰ ਪੁਲਿਸ ਵਾੜੀ ਸੀ।

ਉਸ ਸਮੇਂ ਦੀ ਹਕੂਮਤ ਵੱਲੋਂ ਕੀਤੇ ਗਏ ਇਸ ਹਮਲੇ ਨੂੰ ਯਾਦ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਿਤ ਸਮਾਗਮ ਕਰਵਾਏ ਗਏ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਤੋਂ ਉਪਰੰਤ ਗੁਰਬਾਣੀ ਕੀਰਤਨ ਹੋਇਆ।