‘ਦ ਖ਼ਾਲਸ ਬਿਊਰੋ (ਦਿਲਪ੍ਰੀਤ ਸਿੰਘ):- ਲੰਮੇਂ ਸਮੇਂ ਤੋਂ ਉਡੀਕੀਆਂ ਜਾ ਰਹੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਹੁਣ ਜਲਦ ਹੀ ਹੋਣ ਜਾ ਰਹੀਆਂ ਹਨ। ਇਹਨਾਂ ਚੋਣਾਂ ਲਈ ਜਸਟਿਸ (ਰਿਟਾ.) ਐੱਸ ਐੱਸ ਸਾਰੋਂ ਨੂੰ ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਨਿਯੁਕਤ ਕੀਤਾ ਗਿਆ ਹੈ। ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਦੀ ਮੁੱਖ ਜ਼ਿੰਮੇਵਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਹਾਊਸ ਦੀਆਂ ਚੋਣਾਂ ਕਰਵਾਉਣਾ ਹੈ।
ਚੋਣ ਕਮਿਸ਼ਨਰ ਨਿਯੁਕਤ ਹੋਣ ਤੋਂ ਬਾਅਦ ਹੁਣ ਕਿਆਸ ਲਗਾਈ ਜਾ ਰਹੀ ਹੈ ਕਿ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮਈ-ਜੂਨ 2021 ਤੱਕ ਕਰਵਾਈਆਂ ਜਾ ਸਕਦੀਆਂ ਹਨ। ਪ੍ਰਬੰਧਕ ਕਮੇਟੀ ਦੀਆਂ ਪਿਛਲੀਆਂ ਚੋਣਾਂ 2011 ਵਿੱਚ ਹੋਈਆਂ ਸਨ। ਇਹਨਾਂ ਚੋਣਾਂ ਨੂੰ ਕਰਵਾਏ ਜਾਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਕਾਫੀ ਸਮੇਂ ਤੋਂ ਜ਼ੋਰ ਲਗਾ ਰਹੀਆਂ ਸਨ।
ਪੰਥਕ ਅਕਾਲੀ ਲਹਿਰ ਨੇ ਚੋਣਾਂ ਦੇ ਫੈਸਲੇ ਦਾ ਕੀਤਾ ਸਵਾਗਤ
ਪੰਥਕ ਅਕਾਲੀ ਲਹਿਰ ਦੇ ਪ੍ਰਧਾਨ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੇ ਚੋਣਾਂ ਕਰਵਾਉਣ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਜਥੇਦਾਰ ਸਾਹਿਬ ਲੰਮੇਂ ਸਮੇਂ ਤੋਂ ਚੋਣਾਂ ਕਰਵਾਉਣ ਦੀ ਮੰਗ ਕਰ ਰਹੇ ਸਨ। ਤੇ ਹੁਣ ਚੋਣ ਕਮਿਸ਼ਨਰ ਨਿਯੁਕਤ ਹੋ ਜਾਣ ਤੋਂ ਬਾਅਦ ਭਾਈ ਰਣਜੀਤ ਸਿੰਘ ਵੀ ਪੱਬਾਂ ਭਾਰ ਹੋ ਗਏ ਹਨ।