The Khalas Tv Blog Punjab 26 ਫਰਵਰੀ ਨੂੰ SGPC ਦੀ ਹੰਗਾਮੀ ਮੀਟਿੰਗ, ਹੈੱਡ ਗ੍ਰੰਥੀ ਤੇ ਗਿਆਨੀ ਰਘਬੀਰ ਸਿੰਘ ਮਾਮਲੇ ’ਤੇ ਹੋ ਸਕਦੀ ਚਰਚਾ
Punjab Religion

26 ਫਰਵਰੀ ਨੂੰ SGPC ਦੀ ਹੰਗਾਮੀ ਮੀਟਿੰਗ, ਹੈੱਡ ਗ੍ਰੰਥੀ ਤੇ ਗਿਆਨੀ ਰਘਬੀਰ ਸਿੰਘ ਮਾਮਲੇ ’ਤੇ ਹੋ ਸਕਦੀ ਚਰਚਾ

ਬਿਊਰੋ ਰਿਪੋਰਟ (24 ਫਰਵਰੀ, 2026): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿੰਗ ਕਮੇਟੀ ਦੀ ਇੱਕ ਅਹਿਮ ਮੀਟਿੰਗ 26 ਫਰਵਰੀ ਨੂੰ ਸਵੇਰੇ 11 ਵਜੇ ਅੰਮ੍ਰਿਤਸਰ ਸਥਿਤ ਮੁੱਖ ਦਫ਼ਤਰ ਵਿਖੇ ਬੁਲਾਈ ਗਈ ਹੈ। ਇਹ ਬੈਠਕ ਇੱਕ ਨੁਕਾਤੀ ਏਜੰਡੇ ’ਤੇ ਅਧਾਰਿਤ ਹੈ, ਜਿਸ ਵਿੱਚ ਸਿੱਖ ਪੰਥ ਨਾਲ ਜੁੜੇ ਕਈ ਅਹਿਮ ਅਤੇ ਸੰਵੇਦਨਸ਼ੀਲ ਫੈਸਲੇ ਲਏ ਜਾਣ ਦੀ ਸੰਭਾਵਨਾ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਪੂਰਵ ਜਥੇਦਾਰ ਅਤੇ ਸ੍ਰੀ ਹਰਿਮੰਦਰ ਸਾਹਿਬ ਦੇ ਮੌਜੂਦਾ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੇ ਐਸ.ਜੀ.ਪੀ.ਸੀ. ਵੱਲੋਂ ਜਾਰੀ ਕੀਤੇ ਗਏ 72 ਘੰਟੇ ਦੇ ਨੋਟਿਸ ਦਾ ਜਵਾਬ ਦੇ ਦਿੱਤਾ ਹੈ। ਉਨ੍ਹਾਂ ਨੇ ਸਪੱਸ਼ਟ ਕੀਤਾ ਹੈ ਕਿ ਜੇਕਰ ਉਨ੍ਹਾਂ ਵੱਲੋਂ ਉਠਾਏ ਗਏ ਸਵਾਲਾਂ ਦਾ ਜਵਾਬ ਨਾ ਮਿਲਿਆ, ਤਾਂ ਉਹ ਪੰਥਕ ਸੰਸਥਾ ਦੀ “ਅੰਦਰਲੀ ਪੂਰੀ ਸੱਚਾਈ” ਸੰਗਤ ਸਾਹਮਣੇ ਜਨਤਕ ਕਰ ਦੇਣਗੇ।

ਜ਼ਿਕਰਯੋਗ ਹੈ ਕਿ 18 ਫਰਵਰੀ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਕਮੇਟੀ ਵਿੱਚ ਕਥਿਤ ਭ੍ਰਿਸ਼ਟਾਚਾਰ ਅਤੇ ਜ਼ਮੀਨੀ ਸੌਦਿਆਂ ਵਿੱਚ ਪਾਰਦਰਸ਼ਤਾ ਦੀ ਘਾਟ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਇਹ ਲੜਾਈ ਕਿਸੇ ਵਿਅਕਤੀ ਵਿਸ਼ੇਸ਼ ਵਿਰੁੱਧ ਨਹੀਂ, ਸਗੋਂ ਪੰਥਕ ਸੰਸਥਾਵਾਂ ਦੀ ਪਵਿੱਤਰਤਾ ਬਣਾਈ ਰੱਖਣ ਲਈ ਹੈ।

ਦੱਸਿਆ ਜਾ ਰਿਹਾ ਹੈ ਕਿ ਇਸ ਬੈਠਕ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਦੀ ਨਿਯੁਕਤੀ ਬਾਰੇ ਵੀ ਫੈਸਲਾ ਲਿਆ ਜਾ ਸਕਦਾ ਹੈ। ਗਿਆਨੀ ਰਘਬੀਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਕੋਲ ਆਪਣੇ ਇਲਜ਼ਾਮਾਂ ਦੇ ਸਬੂਤ ਵਜੋਂ ਪੂਰੇ ਦਸਤਾਵੇਜ਼ ਮੌਜੂਦ ਹਨ। ਹੁਣ ਪੂਰੀ ਦੁਨੀਆ ਦੀਆਂ ਸਿੱਖ ਸੰਗਤਾਂ ਦੀਆਂ ਨਜ਼ਰਾਂ 26 ਫਰਵਰੀ ਦੀ ਇਸ ਬੈਠਕ ‘ਤੇ ਟਿਕੀਆਂ ਹੋਈਆਂ ਹਨ।

Exit mobile version