ਬਿਉਰੋ ਰਿਪੋਰਟ – ਚੰਡੀਗੜ੍ਹ ਏਅਰਪੋਰਟ ‘ਤੇ ਥੱਪੜ ਕਾਂਡ ਤੋਂ ਬਾਅਦ ਕੰਗਨਾ ਨੇ ਇੱਕ ਵਾਰ ਮੁੜ ਤੋਂ ਪੰਜਾਬ ਨੂੰ ਲੈਕੇ ਜਿਹੜਾ ਵਿਵਾਦਿਤ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਉਸ ‘ਤੇ SGPC ਦਾ ਸਖਤ ਬਿਆਨ ਸਾਹਮਣੇ ਆਇਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਕੰਗਨਾ ਰਣੌਤ ਵੱਲੋਂ ਲਗਾਤਾਰ ਪੰਜਾਬ ਅਤੇ ਪੰਜਾਬੀਆਂ ਨੂੰ ਨਿਸ਼ਾਨੇ ਉੱਤੇ ਲੈ ਕੇ ਨਫ਼ਰਤੀ ਸੋਚ ਦਾ ਪ੍ਰਗਟਾਵਾ ਕਰਨਾ ਬੇਹੱਦ ਮੰਦਭਾਗਾ ਅਤੇ ਦੁਖਦਾਈ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਹਵਾਈ ਅੱਡੇ ’ਤੇ ਇੱਕ ਪੰਜਾਬੀ ਸੁਰੱਖਿਆ ਕਰਮੀ ਨਾਲ ਹੋਈ ਬਹਿਸਬਾਜੀ ਤੋਂ ਬਾਅਦ ਇਸ ਮਾਮਲੇ ਨੂੰ ਲੈ ਕੇ ਕੰਗਨਾ ਰਣੌਤ ਵੱਲੋਂ ਪੰਜਾਬੀਆਂ ਵਿਰੁੱਧ ਨਫ਼ਰਤੀ ਟਿੱਪਣੀ ਕਰਨਾ ਉਸਦੀ ਪੰਜਾਬ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ।
SGPC ਦੇ ਪ੍ਰਧਾਨ ਨੇ ਕਿਹਾ ਕਿ ਕੰਗਨਾ ਰਣੌਤ ਦਾ ਇਹ ਕਹਿਣਾ ਕਿ ਪੰਜਾਬ ਵਿੱਚ ਅਤਿਵਾਦ ਵਧ ਰਿਹਾ ਹੈ, ਇਹ ਉਸਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ, ਜਦਕਿ ਸੱਚ ਇਹ ਹੈ ਕਿ ਉਸ ਦੀ ਆਪਣੀ ਜਬਾਨ ਰਾਹੀਂ ਫੈਲਾਇਆ ਜਾ ਰਿਹਾ ਅਤਿਵਾਦ ਦੇਸ਼ ਦੇ ਮਹੌਲ ਨੂੰ ਦੂਸ਼ਿਤ ਕਰ ਰਿਹਾ ਹੈ। ਧਾਮੀ ਨੇ ਆਖਿਆ ਕਿ ਕੰਗਨਾ ਰਣੌਤ ਨੂੰ ਇਹ ਕਦੇ ਨਹੀਂ ਭੁੱਲਣਾ ਚਾਹੀਦਾ ਕਿ ਜੇਕਰ ਅੱਜ ਦੇਸ਼ ਦਾ ਬਹੁ-ਕੌਮੀ ਤੇ ਬਹੁ-ਭਾਸ਼ਾਈ ਸੱਭਿਆਚਾਰ ਜਿੰਦਾ ਹੈ ਤਾਂ ਉਸ ਪਿੱਛੇ ਪੰਜਾਬੀਆਂ ਦੀਆਂ ਦੇਸ਼ ਲਈ ਕੀਤੀਆਂ ਕੁਰਬਾਨੀਆਂ ਹਨ।
ਇਤਿਹਾਸ ਨੂੰ ਭੁੱਲ ਕੇ ਕੇਵਲ ਚਰਚਿਤ ਹੋਣ ਲਈ ਦੇਸ਼ ਵਿੱਚ ਲੋਕਾਂ ਦੀ ਆਪਸੀ ਸਦਭਾਵਨਾ ਅਤੇ ਪਰਸਪਰ ਸਮਾਜਿਕ ਰਿਸ਼ਤਿਆਂ ਦੀ ਅਣਦੇਖੀ ਕਰਨਾ ਦੇਸ਼ ਲਈ ਚੰਗਾ ਨਹੀਂ ਹੈ। ਪਰ ਕੰਗਣਾ ਰਣੌਤ ਜਾਣਬੁੱਝ ਕੇ ਇਸ ਰਸਤੇ ਉੱਤੇ ਤੁਰ ਰਹੀ ਹੈ। ਐਡਵੋਕੇਟ ਧਾਮੀ ਨੇ ਭਾਰਤੀ ਜਨਤਾ ਪਾਰਟੀ ਦੇ ਪ੍ਰਮੁੱਖ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਕੰਗਨਾ ਰਣੌਤ ਨੂੰ ਜਾਬਤੇ ਵਿੱਚ ਰਹਿਣ ਦਾ ਪਾਠ ਪੜ੍ਹਾਉਣ ਅਤੇ ਨੈਤਿਕ ਕਦਰਾਂ ਕੀਮਤਾਂ ਵੀ ਸਿਖਾਉਣ।
SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਮੰਗ ਕੀਤੀ ਕਿ ਚੰਡੀਗੜ੍ਹ ਦੇ ਹਵਾਈ ਅੱਡੇ ਉੱਤੇ ਵਾਪਰੀ ਘਟਨਾ ਦੇ ਕਾਰਨਾਂ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ ਕਿ ਕਿਤੇ ਇਸ ਵਿੱਚ ਵੀ ਕੰਗਨਾ ਰਣੌਤ ਵੱਲੋਂ ਪੰਜਾਬ ਵਿਰੁੱਧ ਨਫ਼ਰਤੀ ਮਹੌਲ ਸਿਰਜਣ ਲਈ ਕੋਈ ਸ਼ਰਾਰਤੀ ਬਹਿਸਬਾਜੀ ਤਾਂ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਕੇਂਦਰੀ ਸਰੁੱਖਿਆ ਬਲ ਵੱਲੋਂ ਕੀਤੀ ਜਾਣ ਵਾਲੀ ਜਾਂਚ ਬਿਨਾਂ ਕਿਸੇ ਦੇ ਸਿਆਸੀ ਤੇ ਸਖ਼ਸ਼ੀ ਪ੍ਰਭਾਵ ਤੋਂ ਹੋਣੀ ਚਾਹੀਦੀ ਹੈ ਤਾਂ ਜੋ ਕਿਸੇ ਨਾਲ ਅਨਿਆ ਨਾ ਹੋਵੇ।
ਇਹ ਵੀ ਪੜ੍ਹੋ – ‘ਕੰਗਨਾ ਦਾ ਹੋਏ ਡੋਪ ਟੈਸਟ’! ‘ਸਿੱਖਾਂ ਲਈ ਨਫਰਤ ਭਰੀ ਕੰਗਨਾ ਦੇ ਦਿਲ ‘ਚ’!