‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਨਾਲ ਵਿੱਚ ਲੱਗੇ ਕਿਸਾਨਾਂ ਦੇ ਮੋਰਚੇ ਵਿੱਚ ਲੰਗਰ ਦੀ ਸੇਵਾ ਸ਼ੁਰੂ ਕਰ ਦਿੱਤੀ ਹੈ। ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਦੀ ਲੋੜੀਂਦੀਆਂ ਜ਼ਰੂਰਤਾਂ ਵੀ ਪੂਰੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਦਿੱਲੀ ਤੋਂ ਬਾਅਦ ਹਰਿਆਣਾ ਦੇ ਕਰਨਾਲ ਵਿਖੇ ਕਿਸਾਨ ਮੋਰਚੇ ਵੱਲੋਂ ਕੀਤੇ ਜਾ ਰਹੇ ਸੰਘਰਸ਼ ਵਿੱਚ ਸ਼੍ਰੋਮਣੀ ਕਮੇਟੀ ਪੂਰੀ ਤਰ੍ਹਾਂ ਸਹਿਯੋਗ ਦੇਵੇਗੀ ਹੈ ਅਤੇ ਕਿਸਾਨਾਂ ਨੂੰ ਹਰ ਤਰ੍ਹਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ।

ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਉੱਪ ਦਫ਼ਤਰ ਕੁਰੂਕਸ਼ੇਤਰ ਅਤੇ ਹਰਿਆਣਾ ਰਾਜ ਵਿਚਲੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਤੁਰੰਤ ਪ੍ਰਭਾਵ ਤੋਂ ਕਾਰਜਸ਼ੀਲ ਹੋਣ ਲਈ ਕਿਹਾ ਗਿਆ ਹੈ। ਹਰਿਆਣਾ ਨਾਲ ਲੱਗਦੀ ਸਰਹੱਦ ਦੇ ਨਜ਼ਦੀਕੀ ਗੁਰਦੁਆਰਾ ਸਾਹਿਬ ਤੋਂ ਵੀ ਸਟਾਫ਼ ਭੇਜਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਕਿਸਾਨਾਂ ਨੂੰ ਲੰਗਰ, ਚਾਹ ਪਾਣੀ ਅਤੇ ਰਹਿਣ ਸਹਿਣ ਦੇ ਪ੍ਰਬੰਧ ਕਰਕੇ ਦਿੱਤੇ ਜਾਣਗੇ, ਜਿਸ ਦੀ ਨਿਗਰਾਨੀ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਕੱਤਰ ਪੱਧਰ ਦਾ ਅਧਿਕਾਰੀ ਕਰੇਗਾ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਬੀਤੀ ਰਾਤ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਧਰਨੇ ਦੌਰਾਨ ਕਿਸਾਨਾਂ ਨੂੰ ਲੰਗਰ ਅਤੇ ਪਾਣੀ ਦੀ ਵੱਡੀ ਲੋੜ ਹੈ, ਜਿਸ ਲਈ ਉਨ੍ਹਾਂ ਨੇ ਤੁਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਤਿੰਨ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਦੀ ਡਿਊਟੀ ਲਗਾ ਕੇ ਪ੍ਰਬੰਧ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ ਸਨ। ਉਨ੍ਹਾਂ ਦੱਸਿਆ ਕਿ ਸਵੇਰ ਤੋਂ ਹੀ ਧਰਨੇ ਵਾਲੀ ਥਾਂ ’ਤੇ ਲੰਗਰ ਲਗਾ ਦਿੱਤੇ ਗਏ ਹਨ ਅਤੇ ਹੁਣ ਇਨ੍ਹਾਂ ਨੂੰ ਲਗਾਤਾਰ ਚਲਾਉਣ ਲਈ ਟੀਮਾਂ ਭੇਜੀਆਂ ਗਈਆਂ ਹਨ।

ਉਨ੍ਹਾਂ ਨੇ ਹਰਿਆਣਾ ਸਰਕਾਰ ਦੀ ਸਖ਼ਤ ਅਲੋਚਨਾ ਕਰਦਿਆਂ ਕਰਨਾਲ ਵਿਖੇ ਕਿਸਾਨਾਂ ’ਤੇ ਕੀਤੇ ਗਏ ਤਸ਼ਦੱਦ ਦੀ ਨਿਖੇਧੀ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਸਵਾਲ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੱਸ ਸਕਦੇ ਹਨ ਕਿ ਦੇਸ਼ ਲਈ ਅੰਨ ਭੰਡਾਰ ਭਰਨ ਵਾਲਾ ਕਿਸਾਨ ਸੜਕਾਂ ’ਤੇ ਕਿਉਂ ਰੁਲ ਰਿਹਾ ਹੈ। ਪ੍ਰਧਾਨ ਮੰਤਰੀ ਇਹ ਵੀ ਦੱਸਣ ਕੀ ਕੇਂਦਰ ਸਰਕਾਰ ਦੀ ਅੜੀ ਦੇਸ਼ ਦੇ ਹਿੱਤ ਵਿੱਚ ਹੈ? ਉਨ੍ਹਾਂ ਕਿਹਾ ਕਿ ਬਿਨਾਂ ਕਾਰਨ ਜਿੱਦ ਭਾਰਤ ਸਰਕਾਰ ਨੂੰ ਸੋਭਾ ਨਹੀਂ ਦਿੰਦੀ ਅਤੇ ਪ੍ਰਧਾਨ ਮੰਤਰੀ ਨੂੰ ਜ਼ਿੱਦੀ ਰਵੱਈਆ ਛੱਡ ਕੇ ਕਿਸਾਨਾਂ ਦੀਆਂ ਮੰਗਾਂ ਤੁਰੰਤ ਮੰਨਣੀਆਂ ਚਾਹੀਦੀਆਂ ਹਨ।

Leave a Reply

Your email address will not be published. Required fields are marked *