ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਖਤਮ ਹੋ ਗਈ। ਇਸ ਵਿੱਚ ਸ਼ਨੀਵਾਰ ਸ਼ਾਮ ਤੋਂ ਸ਼ੁਰੂ ਹੋ ਕੇ ਦੇਰ ਰਾਤ ਤੱਕ ਚੱਲੀ 11 ਜਥੇਬੰਦੀਆਂ ਦੀ ਮੀਟਿੰਗ ਦੇ ਫੈਸਲੇ ‘ਤੇ ਵਿਚਾਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦਾ ਵਫ਼ਦ ਸੋਮਵਾਰ ਨੂੰ ਇੱਕ ਵਾਰ ਫਿਰ ਰਾਜੋਆਣਾ ਨੂੰ ਮਿਲਣ ਜਾਵੇਗਾ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਰਾਜੋਆਣਾ ਨੂੰ ਜਿਉਂਦੇ ਸ਼ਹੀਦ ਦਾ ਦਰਜਾ ਦਿੱਤਾ ਗਿਆ ਹੈ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਸਾਰੀਆਂ ਸਿੱਖ ਜਥੇਬੰਦੀਆਂ ਨੂੰ 20 ਦਸੰਬਰ ਨੂੰ ਦਿੱਲੀ ਦੇ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਦੁਪਹਿਰ 12 ਵਜੇ ਸ਼੍ਰੋਮਣੀ ਕਮੇਟੀ ਵੱਲੋਂ ਜੇਲ੍ਹਾਂ ਵਿੱਚ ਬੰਦ ਸਿੱਖਾਂ ਦੀ ਰਿਹਾਈ ਅਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਲਈ ਰੋਸ ਮਾਰਚ ਕੱਢਿਆ ਜਾਵੇਗਾ।
ਧਾਮੀ ਨੇ ਕਿਹਾ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਰਾਸ਼ਟਰਪਤੀ ਪਾਸ ਪਾਈ ਰਹਿਮ ਦੀ ਪਟੀਸ਼ਨ ਵਾਪਸ ਲੈਣ ਸਬੰਧੀ ਪੱਤਰ ਲਿਖਿਆ ਗਿਆ ਸੀ, ਜਿਸ ’ਤੇ ਪੰਥਕ ਨੁਮਾਇੰਦਿਆਂ ਦੀ ਰਾਏ ਹੈ ਕਿ ਸਿੱਖ ਸੰਸਥਾ ਨੂੰ ਪਟੀਸ਼ਨ ਵਾਪਸ ਨਹੀਂ ਲੈਣੀ ਚਾਹੀਦੀ। ਕਿਉਂਕਿ ਇਹ ਪਟੀਸ਼ਨ ਪੰਥ ਦੀਆਂ ਭਾਵਨਾਵਾਂ ਅਨੁਸਾਰ ਪਾਈ ਗਈ ਸੀ, ਜਿਸ ਨੂੰ ਵਾਪਸ ਲੈਣਾ ਕੌਮੀ ਹਿੱਤ ਵਿਚ ਨਹੀਂ ਹੈ
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਇਕੱਤਰਤਾ ਨੇ ਭਾਈ ਰਾਜੋਆਣਾ ਨੂੰ ਵੀ ਸਨਿਮਰ ਅਪੀਲ ਕੀਤੀ ਹੈ ਕਿ ਉਹ 5 ਦਸੰਬਰ 2023 ਤੋਂ ਭੁੱਖ ਹੜਤਾਲ ’ਤੇ ਜਾਣ ਦਾ ਫੈਸਲਾ ਵਾਪਸ ਲੈਣ, ਕਿਉਂਕਿ ਗੁਰਮਤਿ ਫ਼ਲਸਫੇ ਅਨੁਸਾਰ ਅਜਿਹਾ ਕਰਨਾ ਠੀਕ ਨਹੀਂ ਹੈ।
20 ਦਸੰਬਰ ਨੂੰ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਰਾਸ਼ਟਰਪਤੀ ਭਵਨ ਤੱਕ ਸਮੂਹ ਸਿੱਖ ਜਥੇਬੰਦੀਆਂ ਧਾਰਮਿਕ ਜਥੇਬੰਦੀਆਂ, ਸਿੱਖ ਸਟੂਡੈਂਟ ਫੈਡਰੇਸ਼ਨਾਂ, ਨਿਰਮਲੇ ਸੰਤ, ਸੇਵਾ ਪੰਥੀ, ਕਾਰ ਸੇਵਾ, ਨਿਹੰਗ ਸਿੰਘ ਜਥੇਬੰਦੀਆਂ, ਸਮੂਹ ਸੂਬੇ ਦੀਆਂ ਸਿੱਖ ਸੰਗਤਾਂ, ਕਿਸਾਨ ਸੰਘਰਸ਼ ਕਮੇਟੀਆਂ ਨੂੰ ਇਸ ਮਾਰਚ ਵਿੱਚ ਸ਼ਾਮਿਲ ਹੋਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੱਦਾ ਦਿੱਤਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਰੋਸ ਮਾਰਚ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਤੋਂ ਦੁਪਹਿਰ 12 ਵਜੇ ਆਰੰਭ ਹੋਵੇਗਾ ਜੋ ਰਾਸ਼ਟਰਪਤੀ ਭਵਨ ਤੱਕ ਜਾਵੇਗਾ। ਇਸ ਰੋਸ ਮਾਰਚ ਵਿੱਚ ਸੰਗਤਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖਤੀ ਮੁਹਿੰਮ ਰਾਹੀਂ ਭਰੇ 26 ਲੱਖ ਫਾਰਮ ਵੀ ਨਾਲ ਲੈ ਕੇ ਰਾਸ਼ਟਰਪਤੀ ਨੂੰ ਦਿੱਤੇ ਜਾਣਗੇ ਤਾਂ ਜੋ ਸਮੁੱਚੀਆਂ ਸੰਗਤਾਂ ਅਤੇ ਸਿੱਖ ਭਾਵਨਾਵਾਂ ਨੂੰ ਰਾਸ਼ਟਰਪਤੀ ਤੱਕ ਪਹੁੰਚਾਇਆ ਜਾ ਸਕੇ। ਬਲਵੰਤ ਸਿੰਘ ਰਾਜੋਆਣਾ ਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਜਲਦ ਤੇ ਯਕੀਨੀ ਬਣਾਇਆ ਜਾਵੇਗਾ। ਸ਼੍ਰੋਮਣੀ ਕਮੇਟੀ ਇਸ ਸਾਰੀ ਰੋਸ ਮਾਰਚ ਦੀ ਅਗਵਾਈ ਕਰੇਗੀ ਅਤੇ ਸਿਆਸੀ ਪਾਰਟੀਆਂ ਨੂੰ ਵੀ ਇਸ ਵਿੱਚ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ ਜਾਂਦਾ ਹੈ।
। ਇਸ ਪ੍ਰਦਰਸ਼ਨ ਵਿਚ ਤਖ਼ਤ ਸਾਹਿਬਾਨ ਦੇ ਜਥੇਦਾਰ, ਸਿੰਘ ਸਾਹਿਬਾਨ, ਸੰਤ ਸਮਾਜ, ਦਮਦਮੀ ਟਕਸਾਲ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਂਪੁਰਖ, ਪੰਥਕ ਤੇ ਰਾਜਸੀ ਸਿੱਖ ਜਥੇਬੰਦੀਆਂ, ਸਿੰਘ ਸਭਾਵਾਂ, ਕਿਸਾਨ ਜਥੇਬੰਦੀਆਂ, ਨਿਰਮਲੇ ਅਤੇ ਉਦਾਸੀਆਂ ਦਾ ਭਰਵਾਂ ਇਕੱਠ ਕੀਤਾ ਜਾਵੇਗਾ। ਉਨ੍ਹਾਂ ਸਮੂਹ ਪੰਥਕ ਧਿਰਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਾਂਝੇ ਕੌਮੀ ਕਾਰਜ ਵਿਚ ਆਪ ਮੁਹਾਰੇ ਸ਼ਾਮਲ ਹੋਣ। ਉਨ੍ਹਾਂ ਇਹ ਵੀ ਕਿਹਾ ਕਿ ਉਹ ਨਿੱਜੀ ਤੌਰ ’ਤੇ ਵੱਖ-ਵੱਖ ਪ੍ਰਤੀਨਿਧਾਂ ਤੱਕ ਪਹੁੰਚ ਕਰਕੇ ਉਨ੍ਹਾਂ ਨੂੰ ਇਸ ਦਾ ਹਿੱਸਾ ਬਣਾਉਣ ਲਈ ਪ੍ਰੇਰਿਤ ਕਰਨਗੇ।