Punjab

SGPC ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਨਹੀਂ ਰਹੇ

‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦਾ ਦੌਰਾ ਪੈ ਜਾਣ ਕਾਰਨ ਦੇ ਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਤਕਰੀਬਨ 12.18 ਵਜੇ ਉਨ੍ਹਾਂ ਨੂੰ ਮ੍ਰਿ ਤਕ ਐਲਾਨ ਦਿੱਤਾ। ਉਹ 66 ਸਾਲਾਂ ਦੇ ਸਨ ਅਤੇ ਕੁਝ ਸਾਲ ਪਹਿਲਾਂ ਉਨ੍ਹਾਂ ਨੇ ਗੁਰਦਿਆਂ ਦੀ ਬਿਮਾਰੀ ਕਾਰਨ ਗੁਰਦੇ ਤਬਦੀਲ ਕਰਵਾਏ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਮੰਗਲਵਾਰ 14 ਜੂਨ ਨੂੰ ਬਾਅਦ ਦੁਪਹਿਰ 4 ਵਜੇ ਚਰਨ ਗੰਗਾ ਸਮਸ਼ਾਨ ਘਾਟ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਵੇਗਾ। ਪ੍ਰਿੰਸੀਪਲ ਸੁਰਿੰਦਰ ਸਿੰਘ ਸਾਲ 2011 ਵਿਚ ਸ਼੍ਰੋਮਣੀ ਅਕਾਲੀ ਦਲ ਵਲੋਂ ਸ਼੍ਰੋਮਣੀ ਕਮੇਟੀ ਹਲਕਾ ਸ੍ਰੀ ਅਨੰਦਪੁਰ ਸਾਹਿਬ (ਦੋਹਰਾ) ਤੋਂ ਐਸ.ਸੀ. ਰਾਖਵੀਂ ਸੀਟ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਬਣੇ ਸਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ

ਉਹ 1973 ਤੋਂ ਸਿੱਖ ਧਰਮ ਦੇ ਪ੍ਰਚਾਰ ਪ੍ਰਸਾਰ ਦੀਆਂ ਸੇਵਾਵਾਂ ਵਿਚ ਲੱਗੇ ਹੋਏ ਸਨ। 1992 ਤੱਕ ਉਹ ਨੇਤਰਹੀਣ ਗੁਰਮਤਿ ਸੰਗੀਤ ਅਕੈਡਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੇਵਾ ਨਿਭਾਉਂਦੇ ਰਹੇ। ਸਾਲ 1995 ਤੋਂ ਸਿੱਖ ਮਿਸ਼ਨਰੀ ਕਾਲਜ ਸ੍ਰੀ ਅਨੰਦਪੁਰ ਸਾਹਿਬ ਦੇ ਸੰਸਥਾਪਕ ਅਤੇ ਪ੍ਰਿੰਸੀਪਲ ਵੀ ਚਲੇ ਆ ਰਹੇ ਸਨ। ਉਨ੍ਹਾਂ ਦਾ ਧਰਮ ਪ੍ਰਚਾਰ ਦੇ ਖੇਤਰ ਵਿਚ ਜੀਵਨ ਭਰ ਦਾ ਯੋਗਦਾਨ ਮਿਸਾਲੀ ਰਿਹਾ।  ਸ਼੍ਰੋਮਣੀ ਕਮੇਟੀ ਦੇ ਪ੍ਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ  ਗਿਆਨੀ ਹਰਪ੍ਰੀਤ ਸਿੰਘ, ਤਖਤ ਸ਼੍ਰੀ ਕੇਸਗੜ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ, ਸਾਬਕਾ ਸਿੱਖਿਆ ਮੰਤਰੀ ਡਾ.ਦਲਜੀਤ ਸਿੰਘ ਚੀਮਾ, ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਿੰਦਰ ਸਿੰਘ ਗੋਗੀ ਨੇ ਉਨ੍ਹਾਂ ਦੇ ਦੇ ਹਾਂਤ ‘ਤੇ ਦੁੱਖ ਪ੍ਰਗਟ ਕੀਤਾ ਹੈ।