The Khalas Tv Blog Punjab 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ‘ਚ ਸ਼੍ਰੋਮਣੀ ਕਮੇਟੀ ਨੇ ਕੀ ਸ਼ਾਮਿਲ ਕੀਤਾ
Punjab

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੋਗੋ ‘ਚ ਸ਼੍ਰੋਮਣੀ ਕਮੇਟੀ ਨੇ ਕੀ ਸ਼ਾਮਿਲ ਕੀਤਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਇੱਕ ਵਿਸ਼ੇਸ਼ ਲੋਗੋ ਤਿਆਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਸਾਹਿਬ ਜੀ ਦੀ ਸ਼ਤਾਬਦੀ ਨੂੰ ਸਮਰਪਿਤ ਸੋਨੇ-ਚਾਂਦੀ ਦੇ ਸਿੱਕੇ ਤਿਆਰ ਕਰਨ ਦੀ ਵੀ ਯੋਜਨਾ ਹੈ।

ਲੋਗੋ ਵਿੱਚ ਕੀ ਹੈ ਖ਼ਾਸ?

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤਿਆਰ ਕੀਤੇ ਲੋਗੋ ਵਿੱਚ ਸ਼੍ਰੀ ਤੇਗ ਬਹਾਦਰ ਸਾਹਿਬ ਜੀ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕਾ ਮਹਿਲ ਗੁਰਦੁਆਰਾ ਸਾਹਿਬ ਦੀ ਤਸਵੀਰ ਨੂੰ ਮੁੱਖ ਰੂਪ ਵਿੱਚ ਉੱਕਰਿਆ ਗਿਆ ਹੈ। ਇਸ ਦੇ ਹੇਠਾਂ 400 ਸਾਲਾ ਪ੍ਰਕਾਸ਼ ਪੁਰਬ ਅੰਕਿਤ ਕੀਤਾ ਗਿਆ ਹੈ ਅਤੇ ਉੱਪਰ ਗੁਰੂ ਸਾਹਿਬ ਜੀ ਨਾਲ ਸਬੰਧਤ ਗੁਰਬਾਣੀ ਦੀ ਤੁਕ ਅੰਕਿਤ ਕੀਤੀ ਗਈ ਹੈ। ਇਸ ਲੋਗੋ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਸਮਾਗਮਾਂ ਦੌਰਾਨ ਵਰਤਿਆ ਜਾਵੇਗਾ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਅਤੇ ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਇਹ ਲੋਗੋ ਇਸ ਸਬੰਧੀ ਬਣਾਈ ਵਿਸ਼ੇਸ਼ ਕਮੇਟੀ ਨੇ ਤਿਆਰ ਕੀਤਾ ਹੈ ਅਤੇ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸਿੱਖ ਸੰਸਥਾ ਵੱਲੋਂ ਯਾਦਗਾਰੀ ਸਿੱਕੇ ਤਿਆਰ ਕਰਨ ਦੀ ਵੀ ਯੋਜਨਾ ਹੈ, ਜਿਸ ਸਬੰਧੀ ਇੱਕ ਕਮੇਟੀ ਬਣਾਈ ਗਈ ਹੈ। ਧਰਮ ਪ੍ਰਚਾਰ ਕਮੇਟੀ ਦੇ ਮੀਤ ਸਕੱਤਰ ਸਿਮਰਜੀਤ ਸਿੰਘ ਨੇ ਦੱਸਿਆ ਕਿ ਸਿੱਕੇ ਦੇ ਇਕ ਪਾਸੇ ਤਿਆਰ ਕੀਤੀ ਲੋਗੋ ਦੀ ਤਸਵੀਰ ਵਿੱਚ ਗੁਰੂ ਸਾਹਿਬ ਦੇ ਜਨਮ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਅਤੇ ਦੂਜੇ ਪਾਸੇ ਦਿੱਲੀ ਸਥਿਤ ਗੁਰਦੁਆਰਾ ਸੀਸ ਗੰਜ ਸਾਹਿਬ ਦੀ ਤਸਵੀਰ ਹੋਵੇਗੀ।

Exit mobile version