The Khalas Tv Blog Others ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੋਟਲ ਮਾਲਿਕ ਪਾਉਣਗੇ ਸੇਵਾ ਵਿੱਚ ਵੱਡਾ ਹਿੱਸਾ
Others

ਪ੍ਰਕਾਸ਼ ਪੁਰਬ ਮੌਕੇ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਹੋਟਲ ਮਾਲਿਕ ਪਾਉਣਗੇ ਸੇਵਾ ਵਿੱਚ ਵੱਡਾ ਹਿੱਸਾ

‘ਦ ਖ਼ਾਲਸ ਟੀਵੀ ਬਿਊਰੋ:- ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੇ 22 ਅਕਤੂਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਮੌਕੇ ਸੰਗਤ ਦੀ ਰਿਹਾਇਸ਼ ਦੇ ਪ੍ਰਬੰਧਾਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਅਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇੜਲੇ ਹੋਟਲ ਮਾਲਕਾਂ ਨਾਲ ਬੈਠਕ ਕੀਤੀ ਗਈ। ਇਸ ਦੌਰਾਨ ਹੋਟਲ ਮਾਲਕਾਂ ਨੇ ਵਿਸ਼ਵਾਸ ਦਿਵਾਇਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਪ੍ਰਕਾਸ਼ ਪੁਰਬ ਮੌਕੇ ਸੰਗਤਾਂ ਦੇ ਰਹਿਣ ਲਈ ਵੱਧ ਤੋਂ ਵੱਧ ਕਮਰੇ ਸ਼੍ਰੋਮਣੀ ਕਮੇਟੀ ਨੂੰ ਮੁਫ਼ਤ ਮਹੱਈਆ ਕਰਵਾਏ ਜਾਣਗੇ।

ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭਿੱਟੇਵੱਡ ਅਤੇ ਜਨਰਲ ਸਕੱਤਰ ਐਡਵਕੇਟ ਭਗਵੰਤ ਸਿੰਘ ਸਿਆਲਕਾ ਨੇ ਇਸ ਮੌਕੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਹਰ ਸਾਲ ਦੇਸ਼ ਵਿਦੇਸ਼ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੁੰਦੀਆਂ ਹਨ, ਜਿਨ੍ਹਾਂ ਦੇ ਰਹਿਣ ਲਈ ਹੋਟਲ ਮਾਲਕਾਂ ਵੱਲੋਂ ਦਿੱਤਾ ਜਾਂਦਾ ਸਹਿਯੋਗ ਸ਼ਲਾਘਾਯੋਗ ਹੈ।

ਉਨ੍ਹਾਂ ਹੋਟਲ ਮਾਲਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਇਕ ਚੰਗੀ ਪਹਿਲ ਹੈ ਅਤੇ ਆਸ ਕਰਦੇ ਹਾਂ ਕਿ ਇਸ ਦੀ ਨਿਰੰਤਰਤਾ ਬਣੀ ਰਹੇਗੀ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ ਨੇ ਹੋਟਲ ਮਾਲਕਾਂ ਵੱਲੋਂ ਹਰ ਸਾਲ ਕੀਤੀ ਜਾਂਦੀ ਸੇਵਾ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹੋਟਲ ਮਾਲਕਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਦੇ ਕਿਤਾਬਚੇ ਮੁਹੱਈਆ ਕਰਵਾਏ ਜਾਣਗੇ, ਤਾਂ ਜੋ ਸੰਗਤਾਂ ਨੂੰ ਗੁਰੂ ਸਾਹਿਬ ਜੀ ਦੇ ਮਾਨਵਵਾਦੀ ਜੀਵਨ ਬਾਰੇ ਜਾਣਕਾਰੀ ਮਿਲ ਸਕੇ।

ਇਸ ਮੌਕੇ ਅੰਮ੍ਰਿਤਸਰ ਹੋਟਲ ਅਤੇ ਗੈਸਟ ਹਾਊਸ ਐਸੋਸੀਏਸ਼ਨ ਦੇ ਪ੍ਰਧਾਨ ਸ. ਸੁਰਿੰਦਰ ਸਿੰਘ ਨੇ ਹੋਟਲ ਮਾਲਕਾਂ ਵੱਲੋਂ ਵਿਸ਼ਵਾਸ ਦਿਵਾਇਆ ਕਿ ਹੋਟਲਾਂ ਵਿਚ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਜਾਣ ਵਾਲੇ ਮੁਫ਼ਤ ਕਮਰਿਆਂ ਤੋਂ ਇਲਾਵਾ ਵੀ ਹੋਰ ਕਮਰੇ ਰਿਆਇਤੀ ਦਰਾਂ ’ਤੇ ਦਿੱਤੇ ਜਾਣਗੇ ਅਤੇ ਗੁਰਪੁਰਬ ਮੌਕੇ ਰੁਕਣ ਵਾਲੇ ਸ਼ਰਧਾਲੂਆਂ ਨੂੰ ਸਵੇਰ ਦਾ ਨਾਸ਼ਤਾ ਅਤੇ ਮਠਿਆਈ ਦੇ ਡੱਬੇ ਦਿੱਤੇ ਜਾਣਗੇ।

Exit mobile version