The Khalas Tv Blog Punjab SGPC ਨੇ ਕੌਮੀ ਘੱਟ ਕਮਿਸ਼ਨ ਦੇ ਨਾਲ ਕੀਤੀ ਮੁਲਾਕਾਤ
Punjab Religion

SGPC ਨੇ ਕੌਮੀ ਘੱਟ ਕਮਿਸ਼ਨ ਦੇ ਨਾਲ ਕੀਤੀ ਮੁਲਾਕਾਤ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕਈ ਅਹਿਮ ਸਿੱਖ ਮਸਲਿਆਂ ਨੂੰ ਲੈ ਕੇ ਅੱਜ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨਾਲ ਮੁਲਾਕਾਤ ਕੀਤੀ ਹੈ। ਸ਼੍ਰੋਮਣੀ ਕਮੇਟੀ ਦੇ ਇਸ ਵਫ਼ਦ ’ਚ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਅੰਤ੍ਰਿੰਗ ਕਮੇਟੀ ਮੈਂਬਰ ਸਰਵਣ ਸਿੰਘ ਕੁਲਾਰ ਸਮੇਤ ਕਈ ਮੈਂਬਰ ਸ਼ਾਮਿਲ ਸਨ। ਵਫ਼ਦ ਦੇ ਮੈਂਬਰਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਭੇਜਿਆ ਸਿੱਖ ਮਸਲਿਆਂ ਬਾਰੇ ਪੱਤਰ ਲਾਲਪੁਰਾ ਨੂੰ ਸੌਂਪਿਆ।

ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਕੋਲ ਭਾਰਤ ਦੇ ਸੰਵਿਧਾਨ ਦੀ ਧਾਰਾ 25ਬੀ ਵਿਚ ਸੋਧ ਕਰਕੇ ਸਿੱਖਾਂ ਨੂੰ ਇਕ ਵੱਖਰੀ ਕੌਮ ਦਾ ਦਰਜਾ ਦੇਣ,

  • ਗੁਰਦੁਆਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ, ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਤੇ ਗੁਰਦੁਆਰਾ ਮੰਗੂ ਮੱਠ ਸਾਹਿਬ ਉੜੀਸਾ ਸਮੇਤ ਹੋਰ ਕਈ ਇਤਿਹਾਸਕ ਗੁਰਧਾਮਾਂ ਦਾ ਮਸਲਾ ਹੱਲ ਕਰਕੇ ਇਨ੍ਹਾਂ ਦਾ ਪ੍ਰਬੰਧ ਸਿੱਖ ਸੰਸਥਾ ਨੂੰ ਦੇਣ,
  • ਬੰਦੀ ਸਿੱਖਾਂ ਨੂੰ ਰਿਹਾਅ ਕਰਨ,
  • ਪੰਜਾਬ ਤੇ ਪੰਜਾਬ ਤੋਂ ਬਾਹਰ ਸਿੱਖਾਂ ਨੂੰ ਇਸਾਈ ਮਿਸ਼ਨਰੀਆਂ ਵੱਲੋਂ ਲਾਲਚ ਅਤੇ ਧੋਖੇ ਨਾਲ ਇਸਾਈ ਬਣਾਉਣ ਤੋਂ ਰੋਕਣ,
  • ਵੱਖ-ਵੱਖ ਸੂਬਿਆਂ ਵਿਚ ਚਿਰਾਂ ਤੋਂ ਵੱਸਦੇ ਸਿੱਖਾਂ ਨੂੰ ਉਜਾੜਨ ਵਾਲੀਆਂ ਕਾਰਵਾਈਆਂ ’ਤੇ ਰੋਕ ਲਗਾ ਕੇ ਉਨ੍ਹਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ,
  • 1984 ਦੀ ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ
  • ਜੰਮੂ ਕਸ਼ਮੀਰ ’ਚ ਸਿੱਖਾਂ ਨੂੰ ਘੱਟਗਿਣਤੀ ਸਿੱਖਾਂ ਦਾ ਦਰਜਾ ਦੇ ਕੇ ਸਰਕਾਰੀ ਨੌਕਰੀਆਂ ਤੇ ਅਦਾਰਿਆਂ ਵਿਚ ਸਿੱਖ ਕੋਟਾਂ ਨਿਰਧਾਰਤ ਕਰਨ,
  • ਵਿਦੇਸ਼ਾਂ ਵਿਚ ਸਿੱਖਾਂ ’ਤੇ ਨਸਲੀ ਹਮਲੇ ਰੋਕਣ ਲਈ ਕੂਟਨੀਤਕ ਪੱਧਰ ’ਤੇ ਉਪਰਾਲੇ ਕਰਨ,
  • ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀ ਆਰਥਿਕ ਹਾਲਤ ਸੁਧਾਰਨ ਲਈ ਸਬੰਧਤ ਸੂਬਿਆਂ ’ਚ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਤੇ ਉਨ੍ਹਾਂ ਦੇ ਉਜਾੜੇ ਨੂੰ ਰੋਕਣ,
  • ਪ੍ਰੀਖਿਆਵਾਂ ਦੌਰਾਨ ਕਕਾਰ ਉਤਾਰਨ ਦਾ ਮਾਮਲਾ,
  • ਘਰੇਲੂ ਉਡਾਣਾਂ ਦੀ ਤਰਜ਼ ’ਤੇ ਕੌਮਾਂਤਰੀ ਯਾਤਰਾ ਦੌਰਾਨ ਕਿਰਪਾਨ ਦੀ ਛੋਟ ਦੇਣ,
  • ਵੱਖ-ਵੱਖ ਬੋਰਡਾਂ ਤੇ ਯੂਨੀਵਰਸਿਟੀਆਂ ਦੇ ਪਾਠਕ੍ਰਮਾਂ ਵਿਚ ਸਿੱਖ ਇਤਿਹਾਸ ਸ਼ਾਮਲ ਕਰਨ ਮੌਕੇ ਸ਼੍ਰੋਮਣੀ ਕਮੇਟੀ ਪਾਸੋਂ ਪ੍ਰਮਾਣਿਤ ਕਰਵਾਉਣ,
  • ਪਾਕਿਸਤਾਨ ਤੇ ਅਫਗਾਨਿਸਤਾਨ ਤੋਂ ਹਿਜਰਤ ਕਰਕੇ ਭਾਰਤ ਆਏ ਹਿੰਦੂ ਸਿੱਖਾਂ ਨੂੰ ਨਾਗਰਿਕਤਾ ਦੇਣ ਅਤੇ ਉਥੇ ਜਾਨ-ਮਾਲ ਦੀ ਸੁਰੱਖਿਆ ਕਰਨ,
  • ਕਰਤਾਰਪੁਰ ਲਾਂਘੇ ਤੋਂ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਖਤਮ ਕਰਨ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਇਸ ਨਾਲ ਸਬੰਧਤ ਸਮੂਹ ਅਦਾਰਿਆਂ, ਟਰੱਸਟਾਂ ਆਦਿ ਲਈ ਈਪੀਐਫ ਟਰੱਸਟ ਬਣਾਉਣ ਲਈ ਪ੍ਰਵਾਨਗੀ ਸਮੇਤ ਈਐਸਆਈ ਤੋਂ ਛੋਟ ਦਿਵਾਉਣ ਲਈ ਕਿਹਾ ਗਿਆ ਹੈ।

ਜਥੇਦਾਰ ਪੰਜੋਲੀ ਨੇ ਦੱਸਿਆ ਕਿ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ਼੍ਰੋਮਣੀ ਕਮੇਟੀ ਵੱਲੋਂ ਉਠਾਏ ਗਏ ਸਿੱਖ ਮਸਲਿਆਂ ਨੂੰ ਸੰਜੀਦਗੀ ਨਾਲ ਲੈਣ ਦਾ ਭਰੋਸਾ ਦਿੱਤਾ ਹੈ।

Exit mobile version